ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋਈ, ਜਿਸ ਵਿੱਚ ਸੂਬੇ ਦੇ ਪ੍ਰਸ਼ਾਸਨਿਕ ਢਾਂਚੇ ਨੂੰ ਮਜ਼ਬੂਤ ਕਰਨ, ਸਿਹਤ ਸਹੂਲਤਾਂ ਵਿੱਚ ਸੁਧਾਰ ਕਰਨ ਅਤੇ ਆਉਣ ਵਾਲੇ ਝੋਨੇ ਦੇ ਸੀਜ਼ਨ ਨੂੰ ਸੁਚਾਰੂ ਬਣਾਉਣ ਨਾਲ ਸਬੰਧਤ ਕਈ ਮਹੱਤਵਪੂਰਨ ਫ਼ੈਸਲੇ ਲਏ ਗਏ। ਕੈਬਨਿਟ ਨੇ ਪੰਜਾਬ ਲੋਕ ਸੇਵਾ ਕਮਿਸ਼ਨ ਨਾਲ ਸਬੰਧਤ ਨਿਯਮਾਂ ਵਿੱਚ ਸੋਧ ਸਮੇਤ ਵੱਖ-ਵੱਖ ਵਿਭਾਗਾਂ ਵਿੱਚ ਨਵੀਆਂ ਅਸਾਮੀਆਂ ਸਿਰਜਣ ਨੂੰ ਪ੍ਰਵਾਨਗੀ ਦਿੱਤੀ।
ਮੀਟਿੰਗ ਵਿੱਚ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਗਰੁੱਪ-ਏ ਰੈਗੂਲੇਸ਼ਨਾਂ ਵਿੱਚ ਕੁਝ ਸੋਧਾਂ ਨੂੰ ਮਨਜ਼ੂਰੀ ਦਿੱਤੀ ਗਈ। ਇਸ ਦੇ ਨਾਲ ਹੀ ਕਮਿਸ਼ਨ ਵਿੱਚ ਨਵੀਆਂ ਅਸਾਮੀਆਂ ਦੀ ਰਚਨਾ ਕਰਨ ਦਾ ਫੈਸਲਾ ਵੀ ਲਿਆ ਗਿਆ। ਇਨ੍ਹਾਂ ਵਿੱਚ ਸਕੱਤਰ ਨਾਲ ਸਬੰਧਤ ਅਹੁਦਿਆਂ ਵਿੱਚ ਪਰਸਨਲ ਅਸਿਸਟੈਂਟ ਦੀ ਅਸਾਮੀ ਵੀ ਸ਼ਾਮਲ ਹੈ। ਸਰਕਾਰ ਮੁਤਾਬਕ ਇਨ੍ਹਾਂ ਸੋਧਾਂ ਅਤੇ ਨਵੀਆਂ ਅਸਾਮੀਆਂ ਨਾਲ ਕਮਿਸ਼ਨ ਦੇ ਕੰਮਕਾਜ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਵਿੱਚ ਮਦਦ ਮਿਲੇਗੀ। ਇਸ ਤੋਂ ਇਲਾਵਾ ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦੀ ਸਾਲ 2025-26 ਦੀ ਸਾਲਾਨਾ ਪ੍ਰਬੰਧਕੀ ਰਿਪੋਰਟ ਵੀ ਕੈਬਨਿਟ ਅੱਗੇ ਰੱਖੀ ਗਈ, ਜਿਸ ਨੂੰ ਸਰਬਸੰਮਤੀ ਨਾਲ ਪ੍ਰਵਾਨਗੀ ਦਿੱਤੀ ਗਈ।
ਝੋਨੇ ਦੇ ਆਉਣ ਵਾਲੇ ਖਰੀਫ਼ ਮੰਡੀਕਰਨ ਸੀਜ਼ਨ 2026-27 ਨੂੰ ਸੁਚਾਰੂ ਬਣਾਉਣ ਲਈ ਕੈਬਨਿਟ ਨੇ ਪੰਜਾਬ ਕਸਟਮ ਮਿਿਲੰਗ ਪਾਲਿਸੀ ਫਾਰ ਖਰੀਫ਼ ਮਾਰਕੀਟਿੰਗ ਸੀਜ਼ਨ 2026-27 ਦੇ ਖਰੜੇ ਨੂੰ ਮਨਜ਼ੂਰੀ ਦਿੱਤੀ। ਇਸ ਦੇ ਨਾਲ ਹੀ ਮੰਡੀਆਂ ਵਿੱਚ ਪਹੁੰਚਣ ਵਾਲੇ ਅਨਾਜ ਦੀ ਢੋਆ-ਢੁਆਈ ਲਈ ਪੰਜਾਬ ਫੂਡਗ੍ਰੇਨ ਟਰਾਂਸਪੋਰਟੇਸ਼ਨ ਪਾਲਿਸੀ ਅਤੇ ਮਜ਼ਦੂਰਾਂ ਨਾਲ ਸਬੰਧਤ ਕੰਮਕਾਜ ਨੂੰ ਸੁਚਾਰੂ ਬਣਾਉਣ ਲਈ ਪੰਜਾਬ ਫੂਡਗ੍ਰੇਨ ਲੇਬਰ ਐਂਡ ਕਾਰਟੇਜ ਪਾਲਿਸੀ ਨੂੰ ਵੀ ਪ੍ਰਵਾਨਗੀ ਦਿੱਤੀ ਗਈ। ਸਰਕਾਰ ਦਾ ਮੰਨਣਾ ਹੈ ਕਿ ਇਨ੍ਹਾਂ ਨੀਤੀਆਂ ਨਾਲ ਝੋਨੇ ਦੇ ਸੀਜ਼ਨ ਦੌਰਾਨ ਮੰਡੀਆਂ ਵਿੱਚੋਂ ਫ਼ਸਲ ਦੀ ਚੁਕਾਈ ਅਤੇ ਢੋਆ-ਢੁਆਈ ਦੇ ਪ੍ਰਬੰਧ ਹੋਰ ਸੁਚਾਰੂ ਹੋਣਗੇ।
ਸਿਹਤ ਵਿਭਾਗ ਨਾਲ ਸਬੰਧਤ ਵੀ ਕੈਬਨਿਟ ਨੇ ਕਈ ਅਹਿਮ ਫੈਸਲੇ ਲਏ। ਸਬ-ਡਿਵੀਜ਼ਨਲ ਹਸਪਤਾਲ ਚਮਕੌਰ ਸਾਹਿਬ ਲਈ 33 ਨਵੀਆਂ ਅਸਾਮੀਆਂ ਸਿਰਜਣ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਨ੍ਹਾਂ ਅਸਾਮੀਆਂ ਦੀ ਰਚਨਾ ਦਾ ਮਕਸਦ ਹਸਪਤਾਲ ਵਿੱਚ ਮਰੀਜ਼ਾਂ ਨੂੰ ਲੋੜੀਂਦੀਆਂ ਡਾਕਟਰੀ ਸੇਵਾਵਾਂ ਉਪਲਬਧ ਕਰਵਾਉਣਾ ਅਤੇ ਸਿਹਤ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨਾ ਹੈ। ਇਸੇ ਤਰ੍ਹਾਂ ਨਵੇਂ ਬਣੇ ਜ਼ਿਲ੍ਹੇ ਮਲੇਰਕੋਟਲਾ ਵਿੱਚ ਸਿਹਤ ਵਿਭਾਗ ਦੇ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੁੱਲ 19 ਨਵੀਆਂ ਅਸਾਮੀਆਂ ਸਿਰਜਣ ਦੀ ਮਨਜ਼ੂਰੀ ਦਿੱਤੀ ਗਈ। ਇਨ੍ਹਾਂ ਵਿੱਚ ਸਿਵਲ ਸਰਜਨ, ਸਹਾਇਕ ਸਿਵਲ ਸਰਜਨ ਅਤੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਸਮੇਤ ਹੋਰ ਅਹੁਦੇ ਸ਼ਾਮਲ ਹਨ।
ਕੈਬਨਿਟ ਨੇ ਸੂਬੇ ਵਿੱਚ ਡਾਕਟਰਾਂ ਅਤੇ ਦੰਦਾਂ ਦੇ ਡਾਕਟਰਾਂ ਦੀਆਂ ਖਾਲੀ ਅਸਾਮੀਆਂ ਭਰਨ ਲਈ ਵੀ 80 ਅਸਾਮੀਆਂ ਭਰਨ ਨੂੰ ਮਨਜ਼ੂਰੀ ਦਿੱਤੀ। ਇਨ੍ਹਾਂ ਵਿੱਚ ਮੈਡੀਕਲ ਅਫ਼ਸਰਾਂ ਅਤੇ ਡੈਂਟਲ ਅਫ਼ਸਰਾਂ ਨਾਲ ਸਬੰਧਤ ਅਸਾਮੀਆਂ ਸ਼ਾਮਲ ਹਨ। ਇਸ ਤੋਂ ਇਲਾਵਾ ਸਬ-ਡਿਵੀਜ਼ਨਲ ਹਸਪਤਾਲ ਧੂਰੀ ਅਤੇ ਨਵੇਂ ਬਣੇ ਐੱਮ.ਸੀ.ਐੱਚ. ਸੈਂਟਰ ਲਈ 119 ਨਵੀਆਂ ਅਸਾਮੀਆਂ ਸਿਰਜਣ ਨੂੰ ਵੀ ਪ੍ਰਵਾਨਗੀ ਦਿੱਤੀ ਗਈ। ਸਰਕਾਰ ਅਨੁਸਾਰ ਇਨ੍ਹਾਂ ਫ਼ੈਸਲਿਆਂ ਦਾ ਮੁੱਖ ਉਦੇਸ਼ ਸੂਬੇ ਦੇ ਪ੍ਰਸ਼ਾਸਨਿਕ ਢਾਂਚੇ ਨੂੰ ਮਜ਼ਬੂਤ ਕਰਨਾ, ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਵਧਾਉਣਾ ਅਤੇ ਲੋਕਾਂ ਨੂੰ ਬਿਹਤਰ ਸਿਹਤ ਤੇ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਮੀਟਿੰਗ ਵਿੱਚ ਲਏ ਇਨ੍ਹਾਂ ਫ਼ੈਸਲਿਆਂ ਨੂੰ ਪੰਜਾਬ ਦੇ ਵਿਕਾਸ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।
