Home ਪੰਜਾਬ ਜੇਲ੍ਹ ਵਿੱਚ ਬੰਦ ਲਾਲਜੀਤ ਭੁੱਲਰ ਨੇ ਚੋਣ ਲੜਨ ਤੋਂ ਕੀਤਾ ਇਨਕਾਰ

ਜੇਲ੍ਹ ਵਿੱਚ ਬੰਦ ਲਾਲਜੀਤ ਭੁੱਲਰ ਨੇ ਚੋਣ ਲੜਨ ਤੋਂ ਕੀਤਾ ਇਨਕਾਰ

0

ਤਰਨਤਾਰਨ: ਜੇਲ੍ਹ ਵਿੱਚ ਬੰਦ ਸਾਬਕਾ ਕੈਬਨਿਟ ਮੰਤਰੀ ਅਤੇ ਪੱਟੀ ਤੋਂ ਵਿਧਾਇਕ ਲਾਲਜੀਤ ਸਿੰਘ ਭੁੱਲਰ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਫਿਲਹਾਲ ਵਿਧਾਨ ਸਭਾ ਚੋਣ ਨਹੀਂ ਲੜਨਗੇ।

ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਗਈ ਪੋਸਟ ਰਾਹੀਂ ਭੁੱਲਰ ਨੇ ਕਿਹਾ ਕਿ ਉਨ੍ਹਾਂ ਨੂੰ ਪੱਟੀ ਹਲਕੇ ਦੇ ਲੋਕਾਂ ਤੋਂ ਇਹ ਗੱਲ ਸੁਣਨ ਨੂੰ ਮਿਲ ਰਹੀ ਹੈ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਮੁੜ ਚੋਣ ਮੈਦਾਨ ਵਿੱਚ ਉਤਾਰਿਆ ਜਾ ਸਕਦਾ ਹੈ। ਪਰ ਉਨ੍ਹਾਂ ਨੇ ਸਾਫ਼ ਕਰ ਦਿੱਤਾ ਹੈ ਕਿ ਉਹ ਇਸ ਵਾਰ ਚੋਣ ਨਹੀਂ ਲੜਨਗੇ।

ਭੁੱਲਰ ਨੇ ਪੱਟੀ ਹਲਕੇ ਦੇ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਉਨ੍ਹਾਂ ਲੋਕਾਂ ਦੇ ਰਿਣੀ ਹਨ, ਜਿਨ੍ਹਾਂ ਨੇ ਹਰ ਚੰਗੇ-ਮਾੜੇ ਸਮੇਂ ਵਿੱਚ ਉਨ੍ਹਾਂ ਦਾ ਸਾਥ ਦਿੱਤਾ।

ਉਨ੍ਹਾਂ ਦਾ ਇਹ ਐਲਾਨ ਅਜਿਹੇ ਸਮੇਂ ਸਾਹਮਣੇ ਆਇਆ ਹੈ, ਜਦੋਂ ਆਉਣ ਵਾਲੇ ਦਿਨਾਂ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੱਟੀ ਹਲਕੇ ਦੇ ਪਿੰਡ ਸੱਭਰਾ ਇਲਾਕੇ ਦਾ ਦੌਰਾ ਕੀਤੇ ਜਾਣ ਦੀ ਸੰਭਾਵਨਾ ਹੈ। ਇਸ ਦੌਰੇ ਦੌਰਾਨ ਮੁੱਖ ਮੰਤਰੀ ਵੱਲੋਂ ਸਿਆਸੀ ਰੈਲੀ ਨੂੰ ਸੰਬੋਧਨ ਕਰਨ ਦੀ ਵੀ ਚਰਚਾ ਹੈ।

ਜ਼ਿਕਰਯੋਗ ਹੈ ਕਿ ਲਾਲਜੀਤ ਸਿੰਘ ਭੁੱਲਰ ਇਸ ਸਮੇਂ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਅਧਿਕਾਰੀ ਗਗਨਦੀਪ ਸਿੰਘ ਰੰਧਾਵਾ ਦੀ ਖ਼ੁਦਕੁਸ਼ੀ ਦੇ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਹਨ। ਜਾਣਕਾਰੀ ਮੁਤਾਬਕ ਗਗਨਦੀਪ ਸਿੰਘ ਰੰਧਾਵਾ ਨੇ 21 ਮਾਰਚ 2026 ਨੂੰ ਜ਼ਹਿਰੀਲਾ ਪਦਾਰਥ ਨਿਗਲ ਲਿਆ ਸੀ। ਖ਼ੁਦਕੁਸ਼ੀ ਤੋਂ ਪਹਿਲਾਂ ਬਣਾਈ ਗਈ ਵੀਡੀਓ ਵਿੱਚ ਉਨ੍ਹਾਂ ਨੇ ਲਾਲਜੀਤ ਭੁੱਲਰ ਅਤੇ ਉਨ੍ਹਾਂ ਦੇ ਸਾਥੀਆਂ ਦਾ ਜ਼ਿਕਰ ਕੀਤਾ ਸੀ।

ਇਸ ਮਾਮਲੇ ਤੋਂ ਬਾਅਦ 22 ਮਾਰਚ ਨੂੰ ਅੰਮ੍ਰਿਤਸਰ ਪੁਲਿਸ ਵੱਲੋਂ ਲਾਲਜੀਤ ਸਿੰਘ ਭੁੱਲਰ ਖ਼ਿਲਾਫ਼ ਕੇਸ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਉਦੋਂ ਤੋਂ ਹੀ ਉਹ ਜੇਲ੍ਹ ਵਿੱਚ ਹਨ।

NO COMMENTS

LEAVE A REPLY

Please enter your comment!
Please enter your name here

Exit mobile version