Home ਪੰਜਾਬ ਪੰਜਾਬ ‘ਚ ਸਕੂਲ ਬੱਸਾਂ ਖ਼ਿਲਾਫ਼ ਵੱਡੀ ਕਾਰਵਾਈ

ਪੰਜਾਬ ‘ਚ ਸਕੂਲ ਬੱਸਾਂ ਖ਼ਿਲਾਫ਼ ਵੱਡੀ ਕਾਰਵਾਈ

0

ਚੰਡੀਗੜ੍ਹ/ਜਲੰਧਰ: ਪੰਜਾਬ ਵਿੱਚ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਰਕਾਰ ਵੱਲੋਂ ਸਖ਼ਤੀ ਕੀਤੀ ਜਾ ਰਹੀ ਹੈ। ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸੂਬੇ ਭਰ ਵਿੱਚ ਸਕੂਲ ਬੱਸਾਂ ਦੀ ਜਾਂਚ ਕੀਤੀ ਗਈ ਹੈ। ਇਸ ਦੌਰਾਨ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਹਜ਼ਾਰਾਂ ਬੱਸਾਂ ਖ਼ਿਲਾਫ਼ ਕਾਰਵਾਈ ਕੀਤੀ ਗਈ।

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਾਲ 2025 ਤੋਂ ਸਤੰਬਰ 2026 ਤੱਕ ਪੰਜਾਬ ਵਿੱਚ ਕੁੱਲ 13,995 ਸਕੂਲ ਬੱਸਾਂ ਦੀ ਚੈਕਿੰਗ ਕੀਤੀ ਗਈ। ਇਨ੍ਹਾਂ ਵਿੱਚੋਂ ਨਿਯਮਾਂ ਦੀ ਪਾਲਣਾ ਨਾ ਕਰਨ ਵਾਲੀਆਂ 3,621 ਬੱਸਾਂ ਦੇ ਚਲਾਨ ਕੀਤੇ ਗਏ, ਜਦਕਿ 31 ਬੱਸਾਂ ਨੂੰ ਜ਼ਬਤ ਕੀਤਾ ਗਿਆ।

ਮੰਤਰੀ ਨੇ ਸਪੱਸ਼ਟ ਕੀਤਾ ਕਿ ਬੱਚਿਆਂ ਦੀ ਸੁਰੱਖਿਆ ਸਰਕਾਰ ਦੀ ਮੁੱਖ ਤਰਜੀਹ ਹੈ ਅਤੇ ਇਸ ਮਾਮਲੇ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

2025 ਵਿੱਚ 8,325 ਬੱਸਾਂ ਦੀ ਹੋਈ ਜਾਂਚ

ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਾਲ 2025 ਦੌਰਾਨ ਜ਼ਿਲ੍ਹਾ ਪੱਧਰੀ ਸਕੂਲ ਵਾਹਨ ਚੈਕਿੰਗ ਕਮੇਟੀਆਂ ਵੱਲੋਂ 8,325 ਸਕੂਲ ਬੱਸਾਂ ਦੀ ਜਾਂਚ ਕੀਤੀ ਗਈ ਸੀ। ਇਸ ਮੁਹਿੰਮ ਦੌਰਾਨ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ 2,026 ਬੱਸਾਂ ਦੇ ਚਲਾਨ ਕੱਟੇ ਗਏ ਅਤੇ 24 ਬੱਸਾਂ ਨੂੰ ਜ਼ਬਤ ਕੀਤਾ ਗਿਆ।

2026 ਵਿੱਚ ਵੀ ਜਾਰੀ ਰਹੀ ਵਿਸ਼ੇਸ਼ ਮੁਹਿੰਮ

ਉਨ੍ਹਾਂ ਦੱਸਿਆ ਕਿ ਜਨਵਰੀ ਤੋਂ ਸਤੰਬਰ 2026 ਤੱਕ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਸ ਦੌਰਾਨ 5,670 ਸਕੂਲ ਬੱਸਾਂ ਦੀ ਜਾਂਚ ਹੋਈ। ਜਾਂਚ ਵਿੱਚ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ 1,595 ਬੱਸਾਂ ਦੇ ਚਲਾਨ ਕੀਤੇ ਗਏ ਅਤੇ ਸੁਰੱਖਿਆ ਮਾਪਦੰਡ ਪੂਰੇ ਨਾ ਕਰਨ ਵਾਲੀਆਂ 7 ਬੱਸਾਂ ਜ਼ਬਤ ਕੀਤੀਆਂ ਗਈਆਂ।

ਸਕੂਲ ਪ੍ਰਬੰਧਕਾਂ ਨੂੰ ਕੀਤੀ ਅਪੀਲ

ਕੈਬਨਿਟ ਮੰਤਰੀ ਨੇ ਸਾਰੇ ਸਕੂਲ ਪ੍ਰਬੰਧਕਾਂ ਨੂੰ ਅਪੀਲ ਕੀਤੀ ਕਿ ਬੱਚਿਆਂ ਦੇ ਆਉਣ-ਜਾਣ ਲਈ ਸਿਰਫ਼ ਸੇਫ ਸਕੂਲ ਵਾਹਨ ਪਾਲਿਸੀ ਦੇ ਨਿਯਮਾਂ ਅਤੇ ਸੁਰੱਖਿਆ ਮਾਪਦੰਡਾਂ ‘ਤੇ ਖਰੇ ਉਤਰਨ ਵਾਲੇ ਵਾਹਨਾਂ ਦੀ ਹੀ ਵਰਤੋਂ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਹਰ ਬੱਚੇ ਦਾ ਸੁਰੱਖਿਅਤ ਢੰਗ ਨਾਲ ਸਕੂਲ ਪਹੁੰਚਣਾ ਉਸ ਦਾ ਅਧਿਕਾਰ ਹੈ ਅਤੇ ਸਰਕਾਰ ਇਸ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।

NO COMMENTS

LEAVE A REPLY

Please enter your comment!
Please enter your name here

Exit mobile version