ਉੱਤਰ ਪ੍ਰਦੇਸ਼: ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਦੇ ਪਰਿਵਾਰ ਤੋਂ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਉਨ੍ਹਾਂ ਦੀ ਮਾਤਾ ਸਾਵਿਤਰੀ ਦੇਵੀ ਦਾ 92 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ। ਉਹ ਉੱਤਰਾਖੰਡ ਦੇ ਪੌੜੀ ਗੜ੍ਹਵਾਲ ਵਿੱਚ ਰਹਿੰਦੇ ਸਨ। ਇਸ ਖ਼ਬਰ ਨਾਲ ਪਰਿਵਾਰ ਅਤੇ ਸਬੰਧੀਆਂ ਵਿੱਚ ਸੋਗ ਦੀ ਲਹਿਰ ਹੈ।
ਜਾਣਕਾਰੀ ਮੁਤਾਬਕ, ਯੋਗੀ ਆਦਿਤਿਆਨਾਥ ਦਾ ਜੱਦੀ ਪਿੰਡ ਪੰਚੂਰ ਉੱਤਰਾਖੰਡ ਦੇ ਪੌੜੀ ਗੜ੍ਹਵਾਲ ਇਲਾਕੇ ਵਿੱਚ ਸਥਿਤ ਹੈ। ਉਨ੍ਹਾਂ ਦਾ ਪਰਿਵਾਰ ਅੱਜ ਵੀ ਉੱਥੇ ਸਾਦਾ ਜੀਵਨ ਬਤੀਤ ਕਰ ਰਿਹਾ ਹੈ। ਯੋਗੀ ਦੇ ਪਿਤਾ ਆਨੰਦ ਸਿੰਘ ਬਿਸ਼ਟ ਦਾ ਸਾਲ 2020 ਵਿੱਚ ਦੇਹਾਂਤ ਹੋ ਗਿਆ ਸੀ। ਉਨ੍ਹਾਂ ਦੇ ਪਰਿਵਾਰ ਵਿੱਚ ਚਾਰ ਭਰਾ ਅਤੇ ਤਿੰਨ ਭੈਣਾਂ ਹਨ।
ਦਿੱਤੀ ਗਈ ਜਾਣਕਾਰੀ ਅਨੁਸਾਰ, ਮਾਤਾ ਦੇ ਦੇਹਾਂਤ ਦੀ ਖ਼ਬਰ ਮਿਲਣ ਤੋਂ ਬਾਅਦ ਵੀ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਆਪਣੀਆਂ ਸਰਕਾਰੀ ਜ਼ਿੰਮੇਵਾਰੀਆਂ ਜਾਰੀ ਰੱਖੀਆਂ। ਉਹ ਗੋਰਖਪੁਰ ਵਿੱਚ ਕਰਵਾਏ ਗਏ ਇੱਕ ਸਮਾਗਮ ਵਿੱਚ ਸ਼ਾਮਲ ਹੋਏ, ਜਿੱਥੇ ਨੌਜਵਾਨਾਂ ਨੂੰ ਟੈਬਲੇਟ ਵੰਡੇ ਗਏ।
ਇਹ ਪ੍ਰੋਗਰਾਮ 50 ਹਜ਼ਾਰ ਨੌਜਵਾਨਾਂ ਨੂੰ ਟੈਬਲੇਟ ਮੁਹੱਈਆ ਕਰਵਾਉਣ ਦੀ ਸਰਕਾਰੀ ਪਹਿਲਕਦਮੀ ਦਾ ਹਿੱਸਾ ਸੀ। ਨਿੱਜੀ ਦੁੱਖ ਦੇ ਬਾਵਜੂਦ ਯੋਗੀ ਨੇ ਇਸ ਸਮਾਗਮ ਵਿੱਚ ਸ਼ਿਰਕਤ ਕੀਤੀ ਅਤੇ ਨੌਜਵਾਨਾਂ ਨਾਲ ਸਮਾਂ ਬਿਤਾਇਆ।
