Homeਪੰਜਾਬਦੇਸ਼ ਭਰ ‘ਚ ਮੌਸਮ 'ਚ ਵੱਡਾ ਬਦਲਾਅ; ਤੂਫ਼ਾਨੀ ਹਵਾਵਾਂ ਤੇ ਭਾਰੀ ਮੀਂਹ...

ਦੇਸ਼ ਭਰ ‘ਚ ਮੌਸਮ ‘ਚ ਵੱਡਾ ਬਦਲਾਅ; ਤੂਫ਼ਾਨੀ ਹਵਾਵਾਂ ਤੇ ਭਾਰੀ ਮੀਂਹ ਦੀ ਚੇਤਾਵਨੀ

ਦਿੱਲੀ: ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਮਈ ਦੀ ਸ਼ੁਰੂਆਤ ਨਾਲ ਮੌਸਮ ਦੇ ਪੈਟਰਨ ਵਿੱਚ ਵੱਡੇ ਬਦਲਾਅ ਦੇ ਸੰਕੇਤ ਮਿਲ ਰਹੇ ਹਨ। ਨਵੀਂ ਦਿੱਲੀ ਸਮੇਤ ਉੱਤਰੀ, ਮੱਧ ਅਤੇ ਉੱਤਰ-ਪੂਰਬੀ ਭਾਰਤ ਲਈ ਮੌਸਮ ਵਿਭਾਗ ਨੇ ਵਿਸ਼ੇਸ਼ ਚੇਤਾਵਨੀ ਜਾਰੀ ਕੀਤੀ ਹੈ। ਅਗਲੇ ਕੁਝ ਦਿਨਾਂ ਦੌਰਾਨ ਕਈ ਇਲਾਕਿਆਂ ਵਿੱਚ ਤੇਜ਼ ਹਵਾਵਾਂ ਤੇ ਭਾਰੀ ਮੀਂਹ ਦੀ ਸੰਭਾਵਨਾ ਜਤਾਈ ਗਈ ਹੈ।

ਮੌਸਮ ਵਿਭਾਗ ਦੇ ਅਨੁਸਾਰ, ਦਿੱਲੀ, ਹਰਿਆਣਾ ਅਤੇ ਚੰਡੀਗੜ੍ਹ ਵਿੱਚ 1 ਮਈ ਤੋਂ 6 ਮਈ ਤੱਕ ਮੌਸਮ ਬਦਲਿਆ ਰਹੇਗਾ। ਇਸ ਦੌਰਾਨ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਅਤੇ ਗਰਜ-ਚਮਕ ਨਾਲ ਹਲਕੀ ਤੋਂ ਦਰਮਿਆਨੀ ਮੀਂਹ ਹੋਣ ਦੀ ਸੰਭਾਵਨਾ ਹੈ। ਇਸ ਤਬਦੀਲੀ ਨਾਲ ਜਿੱਥੇ ਗਰਮੀ ਤੋਂ ਕੁਝ ਰਾਹਤ ਮਿਲੇਗੀ, ਉੱਥੇ ਹੀ ਬਿਜਲੀ ਡਿੱਗਣ ਅਤੇ ਤੂਫ਼ਾਨਾਂ ਨਾਲ ਖ਼ਤਰਾ ਵੀ ਬਣਿਆ ਰਹੇਗਾ।

ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਵੀ 6 ਮਈ ਤੱਕ ਮੌਸਮ ਅਸਥਿਰ ਰਹਿਣ ਦੀ ਸੰਭਾਵਨਾ ਹੈ। ਰਾਜਸਥਾਨ ਦੇ ਪੂਰਬੀ ਹਿੱਸਿਆਂ ਵਿੱਚ ਮੀਂਹ ਪੈ ਸਕਦਾ ਹੈ। ਇਸਦੇ ਨਾਲ ਹੀ ਪਹਾੜੀ ਰਾਜਾਂ ਜਿਵੇਂ ਉੱਤਰਾਖੰਡ, ਹਿਮਾਚਲ ਪ੍ਰਦੇਸ਼ ਅਤੇ ਜੰਮੂ ਅਤੇ ਕਸ਼ਮੀਰ ਵਿੱਚ 5 ਮਈ ਤੱਕ ਮੌਸਮੀ ਗਤੀਵਿਧੀਆਂ ਤੇਜ਼ ਰਹਿਣ ਦੀ ਉਮੀਦ ਹੈ, ਜਿਸ ਨਾਲ ਆਵਾਜਾਈ ਅਤੇ ਰੋਜ਼ਮਰਾ ਜੀਵਨ ਪ੍ਰਭਾਵਿਤ ਹੋ ਸਕਦਾ ਹੈ।

ਪੂਰਬੀ ਭਾਰਤ ਵਿੱਚ ਸਥਿਤੀ ਹੋਰ ਵੀ ਗੰਭੀਰ ਹੋ ਸਕਦੀ ਹੈ। ਬਿਹਾਰ ਅਤੇ ਝਾਰਖੰਡ ਵਿੱਚ ਤੂਫ਼ਾਨਾਂ ਦੀ ਲੜੀ ਜਾਰੀ ਰਹਿਣ ਦੀ ਸੰਭਾਵਨਾ ਹੈ। ਖਾਸ ਕਰਕੇ ਬਿਹਾਰ ਵਿੱਚ 70 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਅਤੇ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ, ਜਿਸ ਨਾਲ ਨੁਕਸਾਨ ਦੀ ਸੰਭਾਵਨਾ ਵੱਧ ਸਕਦੀ ਹੈ।

ਇਸ ਤੋਂ ਇਲਾਵਾ ਓਡੀਸ਼ਾ ਵਿੱਚ ਗੜੇਮਾਰੀ ਦੀ ਸੰਭਾਵਨਾ ਹੈ, ਜਦਕਿ ਉੱਤਰ-ਪੂਰਬੀ ਰਾਜਾਂ ਜਿਵੇਂ ਅਸਾਮ, ਮੇਘਾਲਿਆ ਅਤੇ ਅਰੁਣਾਚਲ ਪ੍ਰਦੇਸ਼ ਵਿੱਚ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਹੋ ਸਕਦੀ ਹੈ। ਅਸਾਮ ਅਤੇ ਮੇਘਾਲਿਆ ਵਿੱਚ 2 ਅਤੇ 3 ਮਈ ਨੂੰ ਹੜ੍ਹ ਵਰਗੇ ਹਾਲਾਤ ਪੈਦਾ ਹੋਣ ਦਾ ਵੀ ਖ਼ਤਰਾ ਹੈ।

ਮੱਧ ਭਾਰਤ ਦੇ ਮੱਧ ਪ੍ਰਦੇਸ਼ ਅਤੇ ਛੱਤੀਸਗੜ੍ਹ ਵਿੱਚ ਵੀ ਤੂਫ਼ਾਨੀ ਹਵਾਵਾਂ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਖਾਸ ਤੌਰ ‘ਤੇ ਛੱਤੀਸਗੜ੍ਹ ਵਿੱਚ 4 ਮਈ ਨੂੰ 70 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫ਼ਾਨ ਆ ਸਕਦਾ ਹੈ, ਜੋ ਕਾਫ਼ੀ ਨੁਕਸਾਨਦਾਇਕ ਹੋ ਸਕਦਾ ਹੈ।

ਮੌਸਮ ਵਿਭਾਗ ਨੇ ਲੋਕਾਂ ਨੂੰ ਚੌਕਸ ਰਹਿਣ, ਬਿਨਾਂ ਲੋੜ ਦੇ ਘਰ ਤੋਂ ਬਾਹਰ ਨਾ ਨਿਕਲਣ ਅਤੇ ਸੁਰੱਖਿਆ ਸੰਬੰਧੀ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments