ਰਾਜਪੁਰਾ: ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਰਾਜਪੁਰਾ ਪੁਲਿਸ ਵੱਲੋਂ ਨਸ਼ਿਆਂ ਖ਼ਿਲਾਫ਼ ਕਾਰਵਾਈ ਕਰਦਿਆਂ ਇੱਕ ਕੈਮਿਸਟ ਨੂੰ ਕਥਿਤ ਤੌਰ ’ਤੇ ਨਸ਼ੀਲੀਆਂ ਦਵਾਈਆਂ ਦੀ ਵੱਡੀ ਖੇਪ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਮੁਤਾਬਕ ਮੁਲਜ਼ਮ ਕੋਲੋਂ 3000 ਨਸ਼ੀਲੇ ਕੈਪਸੂਲ ਅਤੇ 80 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ ਹਨ।
ਪੁਲਿਸ ਅਨੁਸਾਰ ਇਹ ਕਾਰਵਾਈ ਥਾਣਾ ਸਿਟੀ ਰਾਜਪੁਰਾ ਦੀ ਟੀਮ ਵੱਲੋਂ ਨਾਕੇਬੰਦੀ ਦੌਰਾਨ ਕੀਤੀ ਗਈ। ਕਾਬੂ ਕੀਤੇ ਗਏ ਵਿਅਕਤੀ ਦੀ ਪਛਾਣ ਅਮਨਦੀਪ ਸਿੰਘ ਵਾਸੀ ਪਹਿੜ, ਪੁਰਾਣਾ ਰਾਜਪੁਰਾ ਵਜੋਂ ਹੋਈ ਹੈ। ਪੁਲਿਸ ਦਾ ਕਹਿਣਾ ਹੈ ਕਿ ਉਹ ਪੁਰਾਣਾ ਰਾਜਪੁਰਾ ਦੇ ਰੇਲਵੇ ਫਲਾਈਓਵਰ ਹੇਠਾਂ ਕੈਮਿਸਟ ਦੀ ਦੁਕਾਨ ਚਲਾਉਂਦਾ ਹੈ।
ਥਾਣਾ ਸਿਟੀ ਰਾਜਪੁਰਾ ਦੇ ਐੱਸ.ਐੱਚ.ਓ. ਗੁਰਸੇਵਕ ਸਿੰਘ ਮੁਤਾਬਕ ਮੁਲਜ਼ਮ ਖ਼ਿਲਾਫ਼ NDPS ਐਕਟ ਦੀ ਧਾਰਾ 21/61/85 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਵੱਲੋਂ ਬਰਾਮਦ ਕੀਤੀਆਂ ਦਵਾਈਆਂ ਦੇ ਸਰੋਤ ਅਤੇ ਇਨ੍ਹਾਂ ਦੀ ਸਪਲਾਈ ਸਬੰਧੀ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਨੇ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕੀਤਾ, ਜਿੱਥੋਂ ਅਗਲੇਰੀ ਪੁੱਛਗਿੱਛ ਲਈ ਇੱਕ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ।
ਐੱਸ.ਐੱਚ.ਓ. ਨੇ ਦੱਸਿਆ ਕਿ ਪੁਲਿਸ ਵੱਲੋਂ ਨਸ਼ਿਆਂ ਖ਼ਿਲਾਫ਼ ਕਾਰਵਾਈ ਲਗਾਤਾਰ ਜਾਰੀ ਹੈ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਖੇਡਾਂ ਨਾਲ ਜੁੜਨ ਦੀ ਅਪੀਲ ਕਰਦਿਆਂ ਕਿਹਾ ਕਿ ਨੌਜਵਾਨ ਆਪਣੀ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿੱਚ ਲਗਾ ਕੇ ਸਮਾਜ ਅਤੇ ਦੇਸ਼ ਦੀ ਤਰੱਕੀ ਵਿੱਚ ਯੋਗਦਾਨ ਪਾ ਸਕਦੇ ਹਨ।
ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਅਗਲੀ ਜਾਂਚ ਕੀਤੀ ਜਾ ਰਹੀ ਹੈ ਅਤੇ ਰਿਮਾਂਡ ਦੌਰਾਨ ਬਰਾਮਦ ਕੀਤੀਆਂ ਨਸ਼ੀਲੀਆਂ ਦਵਾਈਆਂ ਦੇ ਸਬੰਧ ਵਿੱਚ ਹੋਰ ਜਾਣਕਾਰੀ ਹਾਸਲ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ।
