ਨਵੀਂ ਦਿੱਲੀ: ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਸਰਕਾਰੀ ਕੰਮਕਾਜ ਵਿੱਚ ਲਾਪਰਵਾਹੀ ਕਰਨ ਵਾਲੇ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਦਮ ਚੁੱਕਿਆ ਹੈ। ਦਿੱਲੀ ਸਰਕਾਰ ਨੇ ਨਾਗਰਿਕਾਂ ਨੂੰ ਸਰਕਾਰੀ ਸੇਵਾਵਾਂ ਸਮੇਂ ਸਿਰ ਮੁਹੱਈਆ ਕਰਵਾਉਣ ਲਈ ਨਵਾਂ ਕਾਨੂੰਨ ਲਾਗੂ ਕਰ ਦਿੱਤਾ ਹੈ। ਇਸ ਤਹਿਤ ਜੇਕਰ ਕੋਈ ਸਰਕਾਰੀ ਅਧਿਕਾਰੀ ਬਿਨਾਂ ਕਿਸੇ ਵਾਜਬ ਕਾਰਨ ਦੇ ਕੰਮ ਵਿੱਚ ਦੇਰੀ ਕਰਦਾ ਹੈ ਤਾਂ ਉਸ ਨੂੰ ਰੋਜ਼ਾਨਾ 250 ਰੁਪਏ ਦੇ ਹਿਸਾਬ ਨਾਲ ਜੁਰਮਾਨਾ ਭਰਨਾ ਪੈ ਸਕਦਾ ਹੈ। ਇਹ ਜੁਰਮਾਨਾ ਵੱਧ ਤੋਂ ਵੱਧ 5,000 ਰੁਪਏ ਤੱਕ ਹੋਵੇਗਾ।
ਦਰਅਸਲ, ਦਿੱਲੀ ਸਰਕਾਰ ਵੱਲੋਂ ‘ਦਿੱਲੀ (ਨਾਗਰਿਕਾਂ ਨੂੰ ਸਮਾਂਬੱਧ ਅਤੇ ਆਸਾਨ ਸੇਵਾਵਾਂ ਪ੍ਰਾਪਤ ਕਰਨ ਦਾ ਅਧਿਕਾਰ) ਐਕਟ, 2026’ ਲਾਗੂ ਕੀਤਾ ਗਿਆ ਹੈ। ਇਸ ਕਾਨੂੰਨ ਦਾ ਮੁੱਖ ਮਕਸਦ ਸਰਕਾਰੀ ਵਿਭਾਗਾਂ ਵਿੱਚ ਜਵਾਬਦੇਹੀ ਵਧਾਉਣਾ ਅਤੇ ਲੋਕਾਂ ਨੂੰ ਉਨ੍ਹਾਂ ਦੇ ਕੰਮਾਂ ਲਈ ਬੇਲੋੜੀਆਂ ਸਰਕਾਰੀ ਦਫ਼ਤਰਾਂ ਦੀਆਂ ਖੱਜਲ-ਖੁਆਰੀਆਂ ਤੋਂ ਬਚਾਉਣਾ ਹੈ।
ਦਿੱਲੀ ਸਰਕਾਰ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ਰਾਹੀਂ ਇਸ ਨਵੇਂ ਕਾਨੂੰਨ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ। ਸਰਕਾਰ ਮੁਤਾਬਕ ਹੁਣ ਵੱਖ-ਵੱਖ ਜਨਤਕ ਸੇਵਾਵਾਂ ਲਈ ਸਮਾਂ-ਸੀਮਾ ਤੈਅ ਕੀਤੀ ਜਾਵੇਗੀ। ਇਸ ਦੇ ਨਾਲ ਹੀ ਹਰੇਕ ਕੰਮ ਲਈ ਜ਼ਿੰਮੇਵਾਰ ਅਧਿਕਾਰੀ ਦੀ ਪਛਾਣ ਵੀ ਸਪੱਸ਼ਟ ਹੋਵੇਗੀ।
ਜੇਕਰ ਕੋਈ ਅਧਿਕਾਰੀ ਬਿਨਾਂ ਕਿਸੇ ਢੁਕਵੇਂ ਕਾਰਨ ਦੇ ਨਿਰਧਾਰਤ ਸਮੇਂ ਅੰਦਰ ਕੰਮ ਪੂਰਾ ਨਹੀਂ ਕਰਦਾ ਤਾਂ ਉਸ ਖ਼ਿਲਾਫ਼ ਜੁਰਮਾਨੇ ਦੀ ਕਾਰਵਾਈ ਹੋ ਸਕਦੀ ਹੈ। ਇੰਨਾ ਹੀ ਨਹੀਂ, ਜੇਕਰ ਕਿਸੇ ਨਾਗਰਿਕ ਦੀ ਅਰਜ਼ੀ ਨੂੰ ਬਿਨਾਂ ਕਿਸੇ ਜਾਇਜ਼ ਕਾਰਨ ਦੇ ਰੱਦ ਕੀਤਾ ਜਾਂਦਾ ਹੈ ਤਾਂ ਵੀ ਸਬੰਧਤ ਅਧਿਕਾਰੀ ਨੂੰ ਜੁਰਮਾਨਾ ਲਗਾਇਆ ਜਾ ਸਕਦਾ ਹੈ।
ਸਰਕਾਰ ਦਾ ਕਹਿਣਾ ਹੈ ਕਿ ਇਸ ਕਾਨੂੰਨ ਨਾਲ ਪ੍ਰਸ਼ਾਸਨਿਕ ਪ੍ਰਣਾਲੀ ਵਿੱਚ ਪਾਰਦਰਸ਼ਤਾ ਆਵੇਗੀ ਅਤੇ ਸਰਕਾਰੀ ਅਧਿਕਾਰੀਆਂ ਦੀ ਜਵਾਬਦੇਹੀ ਤੈਅ ਹੋਵੇਗੀ। ਮੁੱਖ ਮੰਤਰੀ ਰੇਖਾ ਗੁਪਤਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ‘ਘੱਟ ਤੋਂ ਘੱਟ ਸਰਕਾਰ, ਵੱਧ ਤੋਂ ਵੱਧ ਸ਼ਾਸਨ’ ਦੇ ਸਿਧਾਂਤ ਤੋਂ ਪ੍ਰੇਰਿਤ ਹੋ ਕੇ ਇਹ ਕਦਮ ਚੁੱਕਿਆ ਗਿਆ ਹੈ।
ਉਨ੍ਹਾਂ ਮੁਤਾਬਕ ਸਰਕਾਰ ਦਾ ਉਦੇਸ਼ ਹਰ ਯੋਗ ਨਾਗਰਿਕ ਨੂੰ ਸਰਕਾਰੀ ਸੇਵਾਵਾਂ ਆਸਾਨੀ ਅਤੇ ਸਮੇਂ ਸਿਰ ਮੁਹੱਈਆ ਕਰਵਾਉਣਾ ਹੈ, ਤਾਂ ਜੋ ਲੋਕਾਂ ਨੂੰ ਆਪਣੇ ਜਾਇਜ਼ ਕੰਮ ਕਰਵਾਉਣ ਲਈ ਬੇਲੋੜੀਆਂ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ।










