ਜਲੰਧਰ: ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ ਸਮਾਲ ਇੰਡਸਟਰੀਜ਼ ਐਂਡ ਐਕਸਪੋਰਟ ਕਾਰਪੋਰੇਸ਼ਨ (PSIEC) ਨਾਲ ਜੁੜੇ ਬਹੁ-ਕਰੋੜੀ ਉਦਯੋਗਿਕ ਪਲਾਟ ਅਲਾਟਮੈਂਟ ਘੁਟਾਲੇ ਦੇ ਮਾਮਲੇ ਵਿੱਚ ਪੰਜਾਬ ਅਤੇ ਚੰਡੀਗੜ੍ਹ ਵਿੱਚ 11 ਥਾਵਾਂ ’ਤੇ ਛਾਪੇਮਾਰੀ ਕੀਤੀ ਹੈ। ਕਾਰਵਾਈ ਮਨੀ ਲਾਂਡਰਿੰਗ ਰੋਕੂ ਕਾਨੂੰਨ (PMLA) ਤਹਿਤ ਕੀਤੀ ਗਈ ਦੱਸੀ ਗਈ ਹੈ।
ਛਾਪੇਮਾਰੀ ਦੌਰਾਨ ਈਡੀ ਨੇ 4.01 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕਰਨ ਦੇ ਨਾਲ-ਨਾਲ ਨਕਦੀ ਅਤੇ ਕਥਿਤ ਤੌਰ ’ਤੇ ਮਾਮਲੇ ਨਾਲ ਸਬੰਧਤ ਹੋਰ ਦਸਤਾਵੇਜ਼ ਵੀ ਬਰਾਮਦ ਕੀਤੇ ਹਨ। ਈਡੀ ਦੀ ਇਹ ਕਾਰਵਾਈ ਉਦਯੋਗਿਕ ਪਲਾਟਾਂ ਦੀ ਅਲਾਟਮੈਂਟ ਵਿੱਚ ਹੋਈਆਂ ਕਥਿਤ ਬੇਨਿਯਮੀਆਂ ਅਤੇ ਇਸ ਨਾਲ ਜੁੜੇ ਵਿੱਤੀ ਲੈਣ-ਦੇਣ ਦੀ ਜਾਂਚ ਦੇ ਹਿੱਸੇ ਵਜੋਂ ਕੀਤੀ ਗਈ ਹੈ।
ਜਾਣਕਾਰੀ ਮੁਤਾਬਕ ਈਡੀ ਦੇ ਜਲੰਧਰ ਜ਼ੋਨਲ ਦਫ਼ਤਰ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਏਜੰਸੀ ਨੂੰ ਸ਼ੱਕ ਹੈ ਕਿ ਪਲਾਟਾਂ ਦੀ ਅਲਾਟਮੈਂਟ ਪ੍ਰਕਿਰਿਆ ਵਿੱਚ ਨਿਯਮਾਂ ਦੀ ਉਲੰਘਣਾ ਕਰਕੇ ਕੁਝ ਵਿਅਕਤੀਆਂ ਨੂੰ ਕਥਿਤ ਤੌਰ ’ਤੇ ਲਾਭ ਪਹੁੰਚਾਇਆ ਗਿਆ। ਛਾਪੇਮਾਰੀ ਦੌਰਾਨ ਮਿਲੇ ਦਸਤਾਵੇਜ਼ਾਂ ਅਤੇ ਹੋਰ ਸਮੱਗਰੀ ਦੀ ਜਾਂਚ ਕਰਕੇ ਈਡੀ ਵੱਲੋਂ ਵਿੱਤੀ ਲੈਣ-ਦੇਣ ਦੀਆਂ ਕੜੀਆਂ ਜੋੜੀਆਂ ਜਾ ਰਹੀਆਂ ਹਨ।
ਇਸ ਕਾਰਵਾਈ ਨਾਲ ਪੰਜਾਬ ਵਿੱਚ ਪਲਾਟ ਅਲਾਟਮੈਂਟ ਨਾਲ ਜੁੜੇ ਮਾਮਲੇ ਨੇ ਇੱਕ ਵਾਰ ਫਿਰ ਤੂਲ ਫੜ ਲਿਆ ਹੈ। ਈਡੀ ਵੱਲੋਂ ਜਿਨ੍ਹਾਂ ਥਾਵਾਂ ’ਤੇ ਛਾਪੇਮਾਰੀ ਕੀਤੀ ਗਈ, ਉੱਥੋਂ ਮਿਲੀ ਨਕਦੀ ਅਤੇ ਦਸਤਾਵੇਜ਼ਾਂ ਦੀ ਜਾਂਚ ਤੋਂ ਬਾਅਦ ਮਾਮਲੇ ਵਿੱਚ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ।
ਏਜੰਸੀ ਵੱਲੋਂ ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਕਥਿਤ ਘੁਟਾਲੇ ਰਾਹੀਂ ਹਾਸਲ ਕੀਤੇ ਪੈਸੇ ਦੀ ਵਰਤੋਂ ਕਿੱਥੇ ਅਤੇ ਕਿਵੇਂ ਕੀਤੀ ਗਈ। ਜਾਂਚ ਅੱਗੇ ਵਧਣ ਦੇ ਨਾਲ ਇਸ ਮਾਮਲੇ ਵਿੱਚ ਹੋਰ ਵਿਅਕਤੀਆਂ ਦੀ ਭੂਮਿਕਾ ਵੀ ਸਾਹਮਣੇ ਆ ਸਕਦੀ ਹੈ।
