Home ਪੰਜਾਬ ਅੰਮ੍ਰਿਤਸਰ ਦਿਹਾਤੀ ’ਚ ਪੁਲਿਸ ਦੀ ਵੱਡੀ ਕਾਰਵਾਈ, ਲੋੜੀਂਦਾ ਗੈਂਗਸਟਰ ਗ੍ਰਿਫ਼ਤਾਰ

ਅੰਮ੍ਰਿਤਸਰ ਦਿਹਾਤੀ ’ਚ ਪੁਲਿਸ ਦੀ ਵੱਡੀ ਕਾਰਵਾਈ, ਲੋੜੀਂਦਾ ਗੈਂਗਸਟਰ ਗ੍ਰਿਫ਼ਤਾਰ

0

ਅੰਮ੍ਰਿਤਸਰ: ਅੰਮ੍ਰਿਤਸਰ ਦਿਹਾਤੀ ਦੇ ਥਾਣਾ ਮੱਤੇਵਾਲ ਦੀ ਪੁਲਿਸ ਨੇ ਪਿੰਡ ਮੱਤੇਵਾਲ ਨੇੜੇ ਸੂਏ ਦੇ ਕੰਢੇ ਕਾਰਵਾਈ ਕਰਦਿਆਂ ਇੱਕ ਲੋੜੀਂਦੇ ਗੈਂਗਸਟਰ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ ਮੁਲਜ਼ਮ ਵੱਲੋਂ ਗੋਲੀਬਾਰੀ ਕੀਤੇ ਜਾਣ ਤੋਂ ਬਾਅਦ ਜਵਾਬੀ ਕਾਰਵਾਈ ਕੀਤੀ ਗਈ, ਜਿਸ ਦੌਰਾਨ ਉਸ ਦੀ ਲੱਤ ਵਿੱਚ ਗੋਲੀ ਲੱਗੀ।

ਜਾਣਕਾਰੀ ਅਨੁਸਾਰ ਥਾਣਾ ਮੱਤੇਵਾਲ ਦੇ ਐਸ.ਐਚ.ਓ. ਸਬ-ਇੰਸਪੈਕਟਰ ਦਲਜੀਤ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮ ਨੇ ਪਿੰਡ ਮੱਤੇਵਾਲ ਦੇ ਨੇੜੇ ਕਾਰਵਾਈ ਕੀਤੀ। ਇਸ ਦੌਰਾਨ ਪੁਲਿਸ ਅਤੇ ਇੱਕ ਗੈਂਗਸਟਰ ਵਿਚਾਲੇ ਮੁਕਾਬਲਾ ਹੋ ਗਿਆ।

ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮ ਨੇ ਪੁਲਿਸ ਟੀਮ ਵੱਲ ਲਗਭਗ 4 ਤੋਂ 5 ਰਾਊਂਡ ਫਾਇਰ ਕੀਤੇ। ਇਸ ਤੋਂ ਬਾਅਦ ਪੁਲਿਸ ਵੱਲੋਂ ਵੀ ਜਵਾਬੀ ਕਾਰਵਾਈ ਕੀਤੀ ਗਈ। ਇਸ ਦੌਰਾਨ ਗੋਲੀ ਲੱਗਣ ਕਾਰਨ ਮੁਲਜ਼ਮ ਜ਼ਖ਼ਮੀ ਹੋ ਗਿਆ ਅਤੇ ਪੁਲਿਸ ਨੇ ਉਸ ਨੂੰ ਮੌਕੇ ਤੋਂ ਕਾਬੂ ਕਰ ਲਿਆ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਹਰਮਨ ਸਿੰਘ ਪੁੱਤਰ ਹਰਜਿੰਦਰ ਸਿੰਘ, ਵਾਸੀ ਬੋਪਾਰਾਏ ਵਜੋਂ ਹੋਈ ਹੈ। ਪੁਲਿਸ ਮੁਤਾਬਕ ਉਹ ਪਿੰਡ ਬੋਪਾਰਾਏ ਵਿੱਚ ਇੱਕ ਵਿਅਕਤੀ ’ਤੇ ਗੋਲੀ ਚਲਾਉਣ ਸਮੇਤ ਹੋਰ ਮਾਮਲਿਆਂ ਵਿੱਚ ਲੋੜੀਂਦਾ ਸੀ।

ਮੁਕਾਬਲੇ ਦੀ ਸੂਚਨਾ ਮਿਲਣ ਤੋਂ ਬਾਅਦ ਅੰਮ੍ਰਿਤਸਰ ਦਿਹਾਤੀ ਦੇ ਐਸ.ਐਸ.ਪੀ. ਕੰਵਲਪ੍ਰੀਤ ਸਿੰਘ ਚਾਹਲ, ਐਸ.ਪੀ. ਡੀ. ਰਮਨਦੀਪ ਸਿੰਘ, ਡੀ.ਐਸ.ਪੀ. ਡੀ. ਗੁਰਿੰਦਰਪਾਲ ਸਿੰਘ ਨਾਗਰਾ, ਸੀ.ਆਈ.ਏ. ਸਟਾਫ਼ ਇੰਚਾਰਜ ਅਜੇਪਾਲ ਸਿੰਘ ਅਤੇ ਥਾਣਾ ਮੱਤੇਵਾਲ ਦੇ ਐਸ.ਐਚ.ਓ. ਦਲਜੀਤ ਸਿੰਘ ਮੌਕੇ ’ਤੇ ਪਹੁੰਚੇ।

ਫੋਰੈਂਸਿਕ ਟੀਮ ਨੇ ਵੀ ਘਟਨਾ ਸਥਾਨ ਦਾ ਜਾਇਜ਼ਾ ਲਿਆ। ਜ਼ਖ਼ਮੀ ਮੁਲਜ਼ਮ ਨੂੰ ਪੁਲਿਸ ਵੱਲੋਂ ਇਲਾਜ ਲਈ ਹਸਪਤਾਲ ਭੇਜਿਆ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਅਗਲੀ ਜਾਂਚ ਕੀਤੀ ਜਾ ਰਹੀ ਹੈ।

NO COMMENTS

LEAVE A REPLY

Please enter your comment!
Please enter your name here

Exit mobile version