Home ਪੰਜਾਬ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਸਰਕਾਰ ਦੀ ਵੱਡੀ ਤਿਆਰੀ

ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਸਰਕਾਰ ਦੀ ਵੱਡੀ ਤਿਆਰੀ

0

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਉਣ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸਮਾਗਮਾਂ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ।

ਮੁੱਖ ਮੰਤਰੀ ਨੇ ਦੱਸਿਆ ਕਿ 4 ਤੋਂ 6 ਦਸੰਬਰ ਤੱਕ ਚਾਰ ਵੱਖ-ਵੱਖ ਥਾਵਾਂ ਤੋਂ ਸ਼ੋਭਾ ਯਾਤਰਾਵਾਂ ਸਜਾਈਆਂ ਜਾਣਗੀਆਂ। ਇਹ ਯਾਤਰਾਵਾਂ ਵਾਰਾਣਸੀ, ਫ਼ਰੀਦਕੋਟ, ਬਠਿੰਡਾ ਅਤੇ ਜੰਮੂ ਤੋਂ ਸ਼ੁਰੂ ਹੋ ਕੇ ਖੁਰਾਲਗੜ੍ਹ ਵਿਖੇ ਸਮਾਪਤ ਹੋਣਗੀਆਂ।

ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ, ਬਾਣੀ ਅਤੇ ਫਲਸਫੇ ਨੂੰ ਸਮਾਜ ਦੇ ਹਰ ਵਰਗ ਤੱਕ ਪਹੁੰਚਾਉਣਾ ਹੈ।

4 ਦਸੰਬਰ ਨੂੰ ਅਖੰਡ ਪਾਠ ਸਾਹਿਬ ਦੀ ਆਰੰਭਤਾ

ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਤਿੰਨ ਰੋਜ਼ਾ ਸਮਾਗਮਾਂ ਦੀ ਸ਼ੁਰੂਆਤ 4 ਦਸੰਬਰ ਨੂੰ ਅਖੰਡ ਪਾਠ ਸਾਹਿਬ ਦੀ ਆਰੰਭਤਾ ਨਾਲ ਹੋਵੇਗੀ। ਇਸ ਮੌਕੇ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਫਲਸਫੇ ਨੂੰ ਦਰਸਾਉਂਦੀ ਵਿਸ਼ੇਸ਼ ਪ੍ਰਦਰਸ਼ਨੀ ਲਗਾਈ ਜਾਵੇਗੀ।

ਇਸ ਤੋਂ ਇਲਾਵਾ ਸੰਤ ਸੰਮੇਲਨ, ਕਥਾ ਅਤੇ ਕੀਰਤਨ ਦਰਬਾਰ, ਡਰੋਨ ਸ਼ੋਅ ਸਮੇਤ ਕਈ ਅਧਿਆਤਮਕ ਅਤੇ ਸੱਭਿਆਚਾਰਕ ਸਮਾਗਮ ਕਰਵਾਏ ਜਾਣਗੇ। 5 ਦਸੰਬਰ ਨੂੰ ਨਗਰ ਕੀਰਤਨ ਤੋਂ ਬਾਅਦ ਗੁਰੂ ਰਵਿਦਾਸ ਜੀ ਦੀ ਬਾਣੀ ’ਤੇ ਵਿਸ਼ੇਸ਼ ਕਾਨਫਰੰਸ, ਕਥਾ ਅਤੇ ਕੀਰਤਨ ਦਰਬਾਰ ਤੇ ਹੋਰ ਪ੍ਰੋਗਰਾਮ ਹੋਣਗੇ। 6 ਦਸੰਬਰ ਨੂੰ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ, ਜਿਸ ਨਾਲ ਤਿੰਨ ਰੋਜ਼ਾ ਸਮਾਗਮਾਂ ਦੀ ਸਮਾਪਤੀ ਹੋਵੇਗੀ।

ਸਾਲ ਭਰ ਚੱਲਣਗੀਆਂ ਧਾਰਮਿਕ ਤੇ ਸੱਭਿਆਚਾਰਕ ਗਤੀਵਿਧੀਆਂ

ਮੁੱਖ ਮੰਤਰੀ ਨੇ ਕਿਹਾ ਕਿ ਇਹ ਸਮਾਗਮ ਸਿਰਫ਼ ਖੁਰਾਲਗੜ੍ਹ ਤੱਕ ਸੀਮਤ ਨਹੀਂ ਰਹਿਣਗੇ। ਪੰਜਾਬ ਸਰਕਾਰ ਵੱਲੋਂ ਗੁਰੂ ਰਵਿਦਾਸ ਜੀ ਦੇ ਜੀਵਨ, ਫਲਸਫੇ ਅਤੇ ਸਿੱਖਿਆਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਸਾਲ ਭਰ ਚੱਲਣ ਵਾਲੇ ਪ੍ਰੋਗਰਾਮ ਵੀ ਉਲੀਕੇ ਗਏ ਹਨ।

ਇਨ੍ਹਾਂ ਗਤੀਵਿਧੀਆਂ ਵਿੱਚ ਸੈਮੀਨਾਰ, ਵਰਕਸ਼ਾਪਾਂ, ਵਿਸ਼ੇਸ਼ ਕੀਰਤਨ ਸਮਾਗਮ, ਸਕੂਲ ਪੱਧਰ ਦੇ ਮੁਕਾਬਲੇ ਅਤੇ 13 ਹਜ਼ਾਰ ਪਿੰਡਾਂ ਵਿੱਚ ਦਸਤਾਵੇਜ਼ੀ ਫ਼ਿਲਮਾਂ ਦੀ ਸਕ੍ਰੀਨਿੰਗ ਸ਼ਾਮਲ ਹੈ। ਇਸ ਦੇ ਨਾਲ ਹੀ ਡਰੋਨ ਸ਼ੋਅ, ਮੈਰਾਥਨ, ਖੂਨਦਾਨ ਕੈਂਪ ਅਤੇ ਬੂਟੇ ਲਗਾਉਣ ਦੀਆਂ ਮੁਹਿੰਮਾਂ ਵੀ ਚਲਾਈਆਂ ਜਾ ਰਹੀਆਂ ਹਨ।

ਮੁੱਖ ਮੰਤਰੀ ਭਗਵੰਤ ਮਾਨ ਨੇ ਭਰੋਸਾ ਦਿੱਤਾ ਕਿ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਯਾਦਗਾਰੀ ਬਣਾਉਣ ਲਈ ਸਰਕਾਰ ਵੱਲੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

NO COMMENTS

LEAVE A REPLY

Please enter your comment!
Please enter your name here

Exit mobile version