ਮੁਹਾਲੀ: ਲਾਲੜੂ ਦੇ ਪਿੰਡ ਬੱਲੇਪੁਰ ਵਿੱਚ ਢਾਈ ਸਾਲਾ ਮਾਸੂਮ ਬੱਚੇ ਦੇ ਕਤਲ ਮਾਮਲੇ ਵਿੱਚ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਕਰੀਬ 20 ਸਾਲ ਦੀ ਇੱਕ ਮਹਿਲਾ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਦਾ ਦਾਅਵਾ ਹੈ ਕਿ ਮੁਲਜ਼ਮ ਮਹਿਲਾ ਨੇ ਬੱਚੇ ਨੂੰ ਅਗਵਾ ਕਰਨ ਤੋਂ ਬਾਅਦ ਉਸ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ ਸੀ ਅਤੇ ਲਾਸ਼ ਗੁਆਂਢੀ ਦੇ ਘਰ ਦੀ ਛੱਤ ’ਤੇ ਰੱਖ ਦਿੱਤੀ ਸੀ। ਪੁਲਿਸ ਮੁਤਾਬਕ ਮੁੱਢਲੀ ਜਾਂਚ ਵਿੱਚ ਮਹਿਲਾ ਦੇ ਮਾਨਸਿਕ ਤਣਾਅ ਵਿੱਚ ਹੋਣ ਦੀ ਗੱਲ ਸਾਹਮਣੇ ਆਈ ਹੈ।
ਐੱਸ.ਪੀ ਜਸਪਿੰਦਰ ਸਿੰਘ ਗਿੱਲ ਨੇ ਦੱਸਿਆ ਕਿ 14 ਨਵੰਬਰ 2026 ਨੂੰ ਪਿੰਡ ਬੱਲੇਪੁਰ ਦੇ ਰਹਿਣ ਵਾਲੇ ਗੁਰਵਿੰਦਰ ਸਿੰਘ ਦਾ ਕਰੀਬ ਢਾਈ ਸਾਲਾ ਪੁੱਤਰ ਗੁਰਸਾਝ ਸਿੰਘ ਦੁਪਹਿਰ ਕਰੀਬ 1:30 ਵਜੇ ਘਰ ਦੇ ਬਾਹਰ ਖੇਡ ਰਿਹਾ ਸੀ। ਇਸੇ ਦੌਰਾਨ ਉਹ ਅਚਾਨਕ ਲਾਪਤਾ ਹੋ ਗਿਆ।
ਪਰਿਵਾਰ ਵੱਲੋਂ ਬੱਚੇ ਦੀ ਭਾਲ ਕੀਤੀ ਗਈ, ਪਰ ਅਗਲੇ ਦਿਨ 15 ਨਵੰਬਰ ਦੀ ਸਵੇਰ ਨੂੰ ਉਸ ਦੀ ਲਾਸ਼ ਗੁਆਂਢੀ ਰਾਜਬੀਰ ਸਿੰਘ ਦੇ ਘਰ ਦੀ ਛੱਤ ਤੋਂ ਮਿਲੀ। ਜਾਂਚ ਦੌਰਾਨ ਸਾਹਮਣੇ ਆਇਆ ਕਿ ਮਾਸੂਮ ਦਾ ਗਲਾ ਘੁੱਟ ਕੇ ਕਤਲ ਕੀਤਾ ਗਿਆ ਸੀ।
ਘਟਨਾ ਤੋਂ ਬਾਅਦ ਥਾਣਾ ਲਾਲੜੂ ਵਿੱਚ 15 ਨਵੰਬਰ ਨੂੰ ਬੀਐੱਨਐੱਸ ਦੀਆਂ ਧਾਰਾਵਾਂ 140(1) ਅਤੇ 103(1) ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।
ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਐੱਸਐੱਸਪੀ ਵਰੁਣ ਸ਼ਰਮਾ ਦੇ ਨਿਰਦੇਸ਼ਾਂ ’ਤੇ ਵਿਸ਼ੇਸ਼ ਜਾਂਚ ਟੀਮਾਂ ਬਣਾਈਆਂ ਗਈਆਂ। ਐੱਸਪੀ ਦਿਹਾਤੀ ਜਸਪਿੰਦਰ ਸਿੰਘ ਗਿੱਲ ਅਤੇ ਡੀਐੱਸਪੀ ਵਰਿੰਦਰ ਸਿੰਘ ਖੋਸਾ ਦੀ ਨਿਗਰਾਨੀ ਹੇਠ ਸੀਆਈਏ ਸਟਾਫ਼, ਸਪੈਸ਼ਲ ਸੈੱਲ ਅਤੇ ਲਾਲੜੂ ਥਾਣੇ ਦੀਆਂ ਟੀਮਾਂ ਨੇ ਜਾਂਚ ਸ਼ੁਰੂ ਕੀਤੀ।
ਪੁਲਿਸ ਨੇ ਸੀਸੀਟੀਵੀ ਫੁਟੇਜ ਅਤੇ ਹੋਰ ਤਕਨੀਕੀ ਤੇ ਵਿਗਿਆਨਕ ਸਬੂਤਾਂ ਦੀ ਮਦਦ ਨਾਲ ਜਾਂਚ ਅੱਗੇ ਵਧਾਈ। ਇਸ ਤੋਂ ਬਾਅਦ 19 ਨਵੰਬਰ ਨੂੰ ਪਿੰਡ ਬੱਲੇਪੁਰ ਦੀ ਰਹਿਣ ਵਾਲੀ ਸੋਨਿਕਾ ਪਤਨੀ ਰੇਸ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।
ਪੁਲਿਸ ਅਨੁਸਾਰ ਮੁੱਢਲੀ ਪੁੱਛਗਿੱਛ ਦੌਰਾਨ ਮਹਿਲਾ ਨੇ ਕਥਿਤ ਤੌਰ ’ਤੇ ਬੱਚੇ ਨੂੰ ਅਗਵਾ ਕਰਕੇ ਉਸ ਦਾ ਕਤਲ ਕਰਨ ਦੀ ਗੱਲ ਕਬੂਲ ਕੀਤੀ ਹੈ। ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਕੁਝ ਦਿਨ ਪਹਿਲਾਂ ਉਸ ਦਾ ਗਰਭਪਾਤ ਹੋਇਆ ਸੀ ਅਤੇ ਉਹ ਮਾਨਸਿਕ ਤਣਾਅ ਵਿੱਚ ਸੀ। ਪੁਲਿਸ ਇਸ ਨੂੰ ਵਾਰਦਾਤ ਪਿੱਛੇ ਇੱਕ ਸੰਭਾਵਿਤ ਕਾਰਨ ਮੰਨ ਕੇ ਜਾਂਚ ਕਰ ਰਹੀ ਹੈ।
ਪੁਲਿਸ ਨੇ ਮੁਲਜ਼ਮ ਮਹਿਲਾ ਦੀ ਨਿਸ਼ਾਨਦੇਹੀ ’ਤੇ ਵਾਰਦਾਤ ਵਿੱਚ ਵਰਤੇ ਗਏ ਕੰਬਲ ਅਤੇ ਚਾਦਰ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਹੁਣ ਉਸ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਨ ਦੀ ਕਾਰਵਾਈ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
