Home ਦੇਸ਼ ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ‘ਆਪ’ ਛੱਡਣ ਵਾਲੇ ਤਿੰਨ ਆਗੂ ਭਾਜਪਾ...

ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ‘ਆਪ’ ਛੱਡਣ ਵਾਲੇ ਤਿੰਨ ਆਗੂ ਭਾਜਪਾ ’ਚ ਸ਼ਾਮਲ

0

ਚੰਡੀਗੜ੍ਹ/ਨਵੀਂ ਦਿੱਲੀ: ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਆਮ ਆਦਮੀ ਪਾਰਟੀ (AAP) ਤੋਂ ਵੱਖ ਹੋਏ ਤਿੰਨ ਆਗੂ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਹੋ ਗਏ ਹਨ। ਇਨ੍ਹਾਂ ਵਿੱਚ ਚੇਤਨ ਸਿੰਘ ਜੌੜਾਮਾਜਰਾ, ਹਰਮੀਤ ਸਿੰਘ ਪਠਾਣਮਾਜਰਾ ਅਤੇ ਕੁੰਵਰ ਵਿਜੇ ਪ੍ਰਤਾਪ ਸਿੰਘ ਸ਼ਾਮਲ ਹਨ। ਤਿੰਨਾਂ ਆਗੂਆਂ ਨੇ ਦਿੱਲੀ ਵਿਖੇ ਭਾਜਪਾ ਦੀ ਮੈਂਬਰਸ਼ਿਪ ਹਾਸਲ ਕੀਤੀ।

ਇਸ ਮੌਕੇ ਪੰਜਾਬ ਭਾਜਪਾ ਦੇ ਇੰਚਾਰਜ ਸਤੀਸ਼ ਪੂਨੀਆ ਅਤੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਤਿੰਨਾਂ ਆਗੂਆਂ ਦਾ ਪਾਰਟੀ ਵਿੱਚ ਸਵਾਗਤ ਕੀਤਾ। ਇਸ ਸਮਾਗਮ ਦੌਰਾਨ ਭਾਜਪਾ ਦੇ ਹੋਰ ਸੀਨੀਅਰ ਆਗੂ ਵੀ ਮੌਜੂਦ ਰਹੇ।

ਹਰਮੀਤ ਸਿੰਘ ਪਠਾਣਮਾਜਰਾ ਪਟਿਆਲਾ ਜ਼ਿਲ੍ਹੇ ਦੇ ਸਨੌਰ ਅਤੇ ਚੇਤਨ ਸਿੰਘ ਜੌੜਾਮਾਜਰਾ ਸਮਾਣਾ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਹਨ। ਦੋਵਾਂ ਆਗੂਆਂ ਨੇ 1 ਨਵੰਬਰ ਨੂੰ ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਸੀ।

ਅਸਤੀਫ਼ੇ ਤੋਂ ਬਾਅਦ ਦੋਵਾਂ ਨੇ ਚੰਡੀਗੜ੍ਹ ਵਿੱਚ ਪ੍ਰੈੱਸ ਕਾਨਫਰੰਸ ਕਰਕੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ ਸਨ। ਉਨ੍ਹਾਂ ਨੇ ਨਸ਼ਿਆਂ, ਭ੍ਰਿਸ਼ਟਾਚਾਰ ਅਤੇ ਸੂਬੇ ਦੀ ਕਾਨੂੰਨ ਵਿਵਸਥਾ ਸਮੇਤ ਕਈ ਮੁੱਦੇ ਉਠਾਏ ਸਨ। ਦੱਸਣਯੋਗ ਹੈ ਕਿ ਪਾਰਟੀ ਵੱਲੋਂ ਦੋਵਾਂ ਆਗੂਆਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਦੋਸ਼ਾਂ ਤਹਿਤ ਪਹਿਲਾਂ ਹੀ ਮੁਅੱਤਲ ਕੀਤਾ ਜਾ ਚੁੱਕਾ ਸੀ।

ਇਸੇ ਦੌਰਾਨ ਅੰਮ੍ਰਿਤਸਰ ਉੱਤਰੀ ਤੋਂ ਵਿਧਾਇਕ ਅਤੇ ਸਾਬਕਾ ਆਈਪੀਐਸ ਅਧਿਕਾਰੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਵੀ 1 ਨਵੰਬਰ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਆਪਣਾ ਅਸਤੀਫ਼ਾ ਭੇਜਿਆ ਸੀ।

ਉਨ੍ਹਾਂ ਨੇ ਲੋਕਾਂ ਦੇ ਨਾਂ ਸੰਦੇਸ਼ ਜਾਰੀ ਕਰਦਿਆਂ ਕਿਹਾ ਸੀ ਕਿ ਰਾਜਨੀਤੀ ਵਿੱਚੋਂ ‘ਮਾਈ-ਬਾਪ ਕਲਚਰ’ ਖ਼ਤਮ ਕਰਨਾ ਉਨ੍ਹਾਂ ਦੀ ਵੱਡੀ ਪ੍ਰਾਪਤੀ ਰਹੀ ਹੈ। ਉਨ੍ਹਾਂ ਆਪਣੇ ਸਿਆਸੀ ਮਕਸਦ ਨੂੰ ‘ਪੰਜਾਬ ਫਸਟ’ ਦੱਸਿਆ ਸੀ। ਜ਼ਿਕਰਯੋਗ ਹੈ ਕਿ ਕੁੰਵਰ ਵਿਜੇ ਪ੍ਰਤਾਪ ਨੂੰ ਜੂਨ 2025 ਵਿੱਚ ਆਮ ਆਦਮੀ ਪਾਰਟੀ ਵੱਲੋਂ ਪੰਜ ਸਾਲ ਲਈ ਮੁਅੱਤਲ ਕਰ ਦਿੱਤਾ ਗਿਆ ਸੀ।

ਤਿੰਨਾਂ ਆਗੂਆਂ ਦਾ ਭਾਜਪਾ ਵਿੱਚ ਸ਼ਾਮਲ ਹੋਣਾ ਅਜਿਹੇ ਸਮੇਂ ਹੋਇਆ ਹੈ ਜਦੋਂ ਆਮ ਆਦਮੀ ਪਾਰਟੀ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਹੈ। ਇਸ ਘਟਨਾਕ੍ਰਮ ਤੋਂ ਬਾਅਦ ਸੂਬੇ ਦੀ ਸਿਆਸਤ ਵਿੱਚ ਨਵੇਂ ਸਮੀਕਰਨਾਂ ਨੂੰ ਲੈ ਕੇ ਚਰਚਾ ਸ਼ੁਰੂ ਹੋ ਗਈ ਹੈ। ਹੁਣ ਦੇਖਣਾ ਹੋਵੇਗਾ ਕਿ ਆਉਣ ਵਾਲੇ ਸਮੇਂ ਵਿੱਚ ਇਨ੍ਹਾਂ ਆਗੂਆਂ ਦੀ ਭਾਜਪਾ ਵਿੱਚ ਭੂਮਿਕਾ ਕੀ ਰਹਿੰਦੀ ਹੈ ਅਤੇ ਇਸ ਦਾ ਪੰਜਾਬ ਦੀ ਸਿਆਸਤ ’ਤੇ ਕੀ ਅਸਰ ਪੈਂਦਾ ਹੈ।

NO COMMENTS

LEAVE A REPLY

Please enter your comment!
Please enter your name here

Exit mobile version