Home ਪੰਜਾਬ 34 ਸਾਲ ਪੁਰਾਣੇ ਅਗਵਾ ਮਾਮਲੇ ’ਚ CBI ਅਦਾਲਤ ਦਾ ਵੱਡਾ ਫੈਸਲਾ

34 ਸਾਲ ਪੁਰਾਣੇ ਅਗਵਾ ਮਾਮਲੇ ’ਚ CBI ਅਦਾਲਤ ਦਾ ਵੱਡਾ ਫੈਸਲਾ

0

ਮੁਹਾਲੀ: ਕਰੀਬ 34 ਸਾਲ ਪੁਰਾਣੇ ਅਗਵਾ ਅਤੇ ਭੇਦਭਰੀ ਹਾਲਤ ਵਿੱਚ ਲਾਪਤਾ ਕਰਨ ਦੇ ਮਾਮਲੇ ਵਿੱਚ ਮੁਹਾਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਵੱਡਾ ਫੈਸਲਾ ਸੁਣਾਇਆ ਹੈ। ਅਦਾਲਤ ਨੇ ਪੰਜਾਬ ਪੁਲਿਸ ਦੇ ਸਾਬਕਾ ਐੱਸਐੱਸਪੀ ਗੁਰਮੀਤ ਸਿੰਘ ਰੰਧਾਵਾ ਨੂੰ ਦੋਸ਼ੀ ਕਰਾਰ ਦਿੰਦਿਆਂ ਪੰਜ ਸਾਲ ਦੀ ਕੈਦ ਅਤੇ 75 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਇਸੇ ਮਾਮਲੇ ਵਿੱਚ ਉਨ੍ਹਾਂ ਦੇ ਸਾਬਕਾ ਸੁਰੱਖਿਆ ਗਾਰਡ ਪਰਮਿੰਦਰਜੀਤ ਸਿੰਘ ਨੂੰ ਸਬੂਤਾਂ ਦੀ ਘਾਟ ਕਾਰਨ ਬਰੀ ਕਰ ਦਿੱਤਾ ਗਿਆ ਹੈ।

1992 ਵਿੱਚ ਵਿਆਹ ਸਮਾਗਮ ਤੋਂ ਚੁੱਕਿਆ ਗਿਆ ਸੀ ਟਰਾਂਸਪੋਰਟਰ

ਪੀੜਤ ਪਰਿਵਾਰ ਵੱਲੋਂ ਕੇਸ ਦੀ ਪੈਰਵੀ ਕਰ ਰਹੇ ਵਕੀਲਾਂ ਐਡਵੋਕੇਟ ਸਰਬਜੀਤ ਸਿੰਘ, ਜਗਜੀਤ ਸਿੰਘ ਅਤੇ ਪੁਸ਼ਪਿੰਦਰ ਸਿੰਘ ਨੱਤ ਅਨੁਸਾਰ, 25 ਨਵੰਬਰ 1992 ਨੂੰ ਲੁਧਿਆਣਾ ਦੇ ਟਰਾਂਸਪੋਰਟਰ ਅਮਰੀਕ ਸਿੰਘ ਨੂੰ ਇੱਕ ਵਿਆਹ ਸਮਾਗਮ ਦੌਰਾਨ ਕਥਿਤ ਤੌਰ ’ਤੇ ਜ਼ਬਰਦਸਤੀ ਚੁੱਕ ਲਿਆ ਗਿਆ ਸੀ।

ਪਰਿਵਾਰ ਦਾ ਕਹਿਣਾ ਹੈ ਕਿ ਉਸ ਦਿਨ ਤੋਂ ਬਾਅਦ ਅਮਰੀਕ ਸਿੰਘ ਦਾ ਕੋਈ ਪਤਾ ਨਹੀਂ ਲੱਗ ਸਕਿਆ। ਇਹ ਮਾਮਲਾ ਲੰਬੇ ਸਮੇਂ ਤੋਂ ਅਦਾਲਤ ਵਿੱਚ ਵਿਚਾਰ ਅਧੀਨ ਸੀ।

ਤਤਕਾਲੀ ਪੁਲਿਸ ਅਧਿਕਾਰੀਆਂ ਦੀ ਭੂਮਿਕਾ ਆਈ ਸੀ ਸਾਹਮਣੇ

ਜਾਣਕਾਰੀ ਅਨੁਸਾਰ, ਉਸ ਸਮੇਂ ਤਰਨਤਾਰਨ ਦੇ ਐੱਸਐੱਸਪੀ ਰਹੇ ਅਜੀਤ ਸਿੰਘ ਸੰਧੂ ਦੇ ਕਹਿਣ ’ਤੇ ਤਤਕਾਲੀ ਡੀਐੱਸਪੀ ਗੁਰਮੀਤ ਸਿੰਘ ਰੰਧਾਵਾ ਦੀ ਅਗਵਾਈ ਵਾਲੀ ਪੁਲਿਸ ਟੀਮ ਅਮਰੀਕ ਸਿੰਘ ਨੂੰ ਵਿਆਹ ਸਮਾਗਮ ਵਿੱਚੋਂ ਆਪਣੇ ਨਾਲ ਲੈ ਗਈ ਸੀ।

ਸੀਬੀਆਈ ਨੇ ਆਪਣੀ ਜਾਂਚ ਦੌਰਾਨ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਕਥਿਤ ਭੂਮਿਕਾ ਬਾਰੇ ਗਵਾਹਾਂ ਦੇ ਬਿਆਨ ਅਤੇ ਦਸਤਾਵੇਜ਼ੀ ਸਬੂਤ ਅਦਾਲਤ ਵਿੱਚ ਪੇਸ਼ ਕੀਤੇ ਸਨ। ਲੰਬੀ ਸੁਣਵਾਈ ਤੋਂ ਬਾਅਦ ਅਦਾਲਤ ਨੇ ਗੁਰਮੀਤ ਸਿੰਘ ਰੰਧਾਵਾ ਨੂੰ ਦੋਸ਼ੀ ਕਰਾਰ ਦਿੱਤਾ। ਦੂਜੇ ਪਾਸੇ, ਸੁਰੱਖਿਆ ਗਾਰਡ ਪਰਮਿੰਦਰਜੀਤ ਸਿੰਘ ਖ਼ਿਲਾਫ਼ ਲੋੜੀਂਦੇ ਸਬੂਤ ਨਾ ਮਿਲਣ ਕਾਰਨ ਉਸ ਨੂੰ ਸ਼ੱਕ ਦਾ ਲਾਭ ਦਿੰਦਿਆਂ ਬਰੀ ਕਰ ਦਿੱਤਾ ਗਿਆ।

ਜਸਵੰਤ ਸਿੰਘ ਖਾਲੜਾ ਵੱਲੋਂ ਚੁੱਕੇ ਗਏ ਮਾਮਲਿਆਂ ਨਾਲ ਜੁੜਿਆ ਹੈ ਕੇਸ

ਜ਼ਿਕਰਯੋਗ ਹੈ ਕਿ ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਨੇ ਪੰਜਾਬ ਵਿੱਚ ਅਣਪਛਾਤੀਆਂ ਲਾਸ਼ਾਂ ਅਤੇ ਲੋਕਾਂ ਦੇ ਲਾਪਤਾ ਹੋਣ ਨਾਲ ਸਬੰਧਤ ਕਈ ਮਾਮਲੇ ਉਠਾਏ ਸਨ। ਅਮਰੀਕ ਸਿੰਘ ਦਾ ਇਹ ਮਾਮਲਾ ਵੀ ਉਨ੍ਹਾਂ ਮਾਮਲਿਆਂ ਵਿੱਚੋਂ ਇੱਕ ਦੱਸਿਆ ਜਾਂਦਾ ਹੈ। ਕਰੀਬ ਸਾਢੇ ਤਿੰਨ ਦਹਾਕਿਆਂ ਬਾਅਦ ਆਏ ਇਸ ਫੈਸਲੇ ਨੇ ਇੱਕ ਵਾਰ ਫਿਰ ਉਸ ਦੌਰ ਦੇ ਮਨੁੱਖੀ ਅਧਿਕਾਰਾਂ ਨਾਲ ਜੁੜੇ ਮੁੱਦਿਆਂ ਨੂੰ ਚਰਚਾ ਵਿੱਚ ਲਿਆ ਦਿੱਤਾ ਹੈ।

NO COMMENTS

LEAVE A REPLY

Please enter your comment!
Please enter your name here

Exit mobile version