ਮੋਗਾ : ਮੋਗਾ ਜ਼ਿਲ੍ਹੇ ਦੇ ਪਿੰਡ ਕਪੂਰੇ ‘ਚ ਬੀਤੀ ਰਾਤ ਇਕ ਬਹੁਤ ਹੀ ਦਰਦਨਾਕ ਘਟਨਾ ਸਾਹਮਣੇ ਆਈ ਹੈ। ਆਵਾਰਾ ਕੁੱਤਿਆਂ ਦੇ ਝੁੰਡ ਨੇ ਇਕ ਵਿਅਕਤੀ ‘ਤੇ ਹਮਲਾ ਕਰਕੇ ਉਸ ਨੂੰ ਬੁਰੀ ਤਰ੍ਹਾਂ ਨੋਚ ਦਿੱਤਾ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸਰਬਜੀਤ ਸਿੰਘ (50 ਸਾਲ) ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਸਰਬਜੀਤ ਸਿੰਘ ਪਿੰਡ ਦੇ ਹੀ ਇੱਕ ਜ਼ਿਮੀਂਦਾਰ ਕੋਲ ਮਜ਼ਦੂਰੀ ਦਾ ਕੰਮ ਕਰਦਾ ਸੀ। ਬੀਤੀ ਰਾਤ ਉਹ ਝੋਨੇ ਦੇ ਖੇਤ ਨੂੰ ਪਾਣੀ ਲਾ ਕੇ ਆਪਣੇ ਘਰ ਪਰਤ ਰਿਹਾ ਸੀ। ਹਨੇਰੇ ‘ਚ ਘਰ ਤੋਂ ਕਰੀਬ 100 ਮੀਟਰ ਦੀ ਦੂਰੀ ‘ਤੇ ਆਵਾਰਾ ਕੁੱਤਿਆਂ ਦੇ ਝੁੰਡ ਨੇ ਉਨ੍ਹਾਂ ਨੂੰ ਘੇਰ ਲਿਆ ਅਤੇ ਉਨ੍ਹਾਂ ‘ਤੇ ਬੇਰਹਿਮੀ ਨਾਲ ਹਮਲਾ ਕਰ ਦਿੱਤਾ। ਕੁੱਤਿਆਂ ਨੇ ਉਸ ਨੂੰ ਇੰਨਾ ਨੋਚਿਆ ਕਿ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਅੱਜ ਸਵੇਰੇ ਪਿੰਡ ਵਾਸੀਆਂ ਨੇ ਝੋਨੇ ਦੇ ਖੇਤ ਵਿੱਚ ਸਰਬਜੀਤ ਸਿੰਘ ਦੀ ਲਾਸ਼ ਕੱਟੀ ਹੋਈ ਪਈ ਦੇਖੀ, ਜਿਸ ਤੋਂ ਬਾਅਦ ਪੂਰੇ ਪਿੰਡ ਵਿੱਚ ਦਹਿਸ਼ਤ ਫੈਲ ਗਈ। ਮ੍ਰਿਤਕ ਆਪਣੇ ਪਿੱਛੇ ਦੋ ਬੱਚੇ ਅਤੇ ਪਰਿਵਾਰ ਛੱਡ ਗਿਆ ਹੈ। ਪਰਿਵਾਰ ਵਿੱਚ ਕਮਾਉਣ ਵਾਲਾ ਕੋਈ ਨਹੀਂ ਬਚਿਆ। ਸਰਬਜੀਤ ਸਿੰਘ ਮਜ਼ਦੂਰੀ ਕਰਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾਉਂਦਾ ਸੀ। ਪੀੜਤ ਪਰਿਵਾਰ ਨੇ ਪੰਜਾਬ ਸਰਕਾਰ ਤੋਂ ਆਰਥਿਕ ਮਦਦ ਦੀ ਮੰਗ ਕੀਤੀ ਹੈ।
ਪਿੰਡ ਵਾਸੀ ਮਹਿੰਦਰ ਪਾਲ ਅਤੇ ਗੁਰਬਖਸ਼ ਸਿੰਘ ਨੇ ਦੱਸਿਆ ਕਿ ਪਿੰਡ ਵਿੱਚ ਆਵਾਰਾ ਕੁੱਤਿਆਂ ਵੱਲੋਂ ਹਮਲੇ ਦੀ ਇਹ ਕੋਈ ਪਹਿਲੀ ਘਟਨਾ ਨਹੀਂ ਹੈ। ਇਸ ਤੋਂ ਪਹਿਲਾਂ ਵੀ 8 ਤੋਂ 10 ਵਾਰ ਅਜਿਹੇ ਹਮਲੇ ਹੋ ਚੁੱਕੇ ਹਨ। 35/40 ਕੁੱਤਿਆਂ ਦਾ ਸਮੂਹ ਹੈ। ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਨੇ ਪ੍ਰਸ਼ਾਸਨ ਨੂੰ ਕਈ ਵਾਰ ਸ਼ਿਕਾਇਤਾਂ ਅਤੇ ਮੰਗ ਪੱਤਰ ਦਿੱਤੇ ਪਰ ਅੱਜ ਤੱਕ ਕੋਈ ਠੋਸ ਹੱਲ ਨਹੀਂ ਨਿਕਲਿਆ। ਸੁਖਦੇਵ ਸਿੰਘ ਨੇ ਦੱਸਿਆ ਕਿ ਇਨ੍ਹੀਂ ਦਿਨੀਂ ਝੋਨੇ ਦੀ ਬਿਜਾਈ ਦਾ ਸੀਜ਼ਨ ਚੱਲ ਰਿਹਾ ਹੈ, ਜਿਸ ਕਾਰਨ ਕਿਸਾਨਾਂ ਨੂੰ ਰਾਤ ਨੂੰ ਖੇਤਾਂ ਨੂੰ ਪਾਣੀ ਲਾਉਣ ਲਈ ਜਾਣਾ ਪੈਂਦਾ ਹੈ। ਸਰਬਜੀਤ ਸਿੰਘ ਨਾਲ ਵਾਪਰੀ ਦਰਦਨਾਕ ਘਟਨਾ ਤੋਂ ਬਾਅਦ ਪਿੰਡ ਦੇ ਲੋਕਾਂ ਵਿੱਚ ਭਾਰੀ ਡਰ ਦਾ ਮਾਹੌਲ ਹੈ। ਉਨ੍ਹਾਂ ਕਿਹਾ ਕਿ ਹੁਣ ਰਾਤ ਨੂੰ ਖੇਤਾਂ ‘ਚ ਜਾਣ ਤੋਂ ਡਰ ਲੱਗਦਾ ਹੈ ਕਿਤੇ ਅਜਿਹਾ ਨਾ ਹੋਵੇ ਕਿ ਸਾਡੇ ਨਾਲ ਵੀ ਸਰਬਜੀਤ ਸਿੰਘ ਵਰਗੀ ਘਟਨਾ ਨਾ ਵਾਪਰ ਜਾਵੇ।ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਆਵਾਰਾ ਕੁੱਤਿਆਂ ਦੀ ਸਮੱਸਿਆ ਦਾ ਜਲਦ ਤੋਂ ਜਲਦ ਕੋਈ ਸਥਾਈ ਹੱਲ ਕੱਢਿਆ ਜਾਵੇ ਤਾਂ ਜੋ ਪਿੰਡ ਵਾਸੀ ਬਿਨਾਂ ਕਿਸੇ ਡਰ ਦੇ ਆਪਣੇ ਖੇਤਾਂ ‘ਚ ਕੰਮ ਕਰ ਸਕਣ।
ਮ੍ਰਿਤਕ ਦੀ ਪਤਨੀ ਰਮਨਦੀਪ ਕੌਰ ਨੇ ਦੱਸਿਆ ਕਿ ਉਸ ਦਾ ਪਤੀ ਸਵੇਰੇ ਕੰਮ ਲਈ ਘਰੋਂ ਨਿਕਲਿਆ ਸੀ। ਜਦੋਂ ਉਹ ਰਾਤ ਨੂੰ ਖੇਤਾਂ ਨੂੰ ਪਾਣੀ ਲਾ ਕੇ ਘਰ ਪਰਤ ਰਿਹਾ ਸੀ ਤਾਂ ਆਵਾਰਾ ਕੁੱਤਿਆਂ ਦੇ ਟੋਲੇ ਨੇ ਉਸ ਨੂੰ ਘੇਰ ਲਿਆ ਅਤੇ ਵੱਢ ਕੇ ਮੌਤ ਦੇ ਘਾਟ ਉਤਾਰ ਦਿੱਤਾ। ਨਵਦੀਪ ਕੌਰ ਨੇ ਦੱਸਿਆ ਕਿ ਉਸ ਦਾ ਪਤੀ ਪਰਿਵਾਰ ਦਾ ਇਕਲੌਤਾ ਕਮਾਉਣ ਵਾਲਾ ਮੈਂਬਰ ਸੀ। ਉਸ ਦੀ ਮੌਤ ਤੋਂ ਬਾਅਦ ਪਰਿਵਾਰ ਨੂੰ ਰੋਜ਼ੀ-ਰੋਟੀ ਦੇ ਗੰਭੀਰ ਸੰਕਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਸ ਨੇ ਸਰਕਾਰ ਤੋਂ ਪਰਿਵਾਰ ਦੇ ਗੁਜ਼ਾਰੇ ਲਈ ਆਰਥਿਕ ਸਹਾਇਤਾ ਅਤੇ ਢੁਕਵਾਂ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ।












