ਇੰਡੋਨੇਸ਼ੀਆ : ਇੰਡੋਨੇਸ਼ੀਆ ਦੇ ਉੱਤਰੀ ਸੁਲਾਵੇਸੀ ਸੂਬੇ ਦੇ ਨੇੜੇ ਇਕ ਵੱਡਾ ਹਾਦਸਾ ਵਾਪਰਿਆ। ਟੈਲਿਸ ਟਾਪੂ ਦੇ ਨੇੜੇ ਕੇ.ਐਮ ਬਾਰਸੀਲੋਨਾ ਵੀ.ਏ ਨਾਮਕ ਇਕ ਜਹਾਜ਼ ਵਿੱਚ ਅਚਾਨਕ ਭਿਆਨਕ ਅੱਗ ਲੱਗ ਗਈ। ਅੱਗ ਲੱਗਦੇ ਹੀ ਜਹਾਜ਼ ਵਿੱਚ ਸਵਾਰ ਲੋਕਾਂ ਵਿੱਚ ਦਹਿਸ਼ਤ ਫੈਲ ਗਈ ਅਤੇ ਕਈ ਯਾਤਰੀਆਂ ਨੇ ਆਪਣੀ ਜਾਨ ਬਚਾਉਣ ਲਈ ਸਮੁੰਦਰ ਵਿੱਚ ਛਾਲ ਮਾਰ ਦਿੱਤੀ।
ਜਾਣਕਾਰੀ ਅਨੁਸਾਰ, ਉਸ ਸਮੇਂ ਜਹਾਜ਼ ਵਿੱਚ 280 ਤੋਂ ਵੱਧ ਲੋਕ ਸਵਾਰ ਸਨ, ਜਿਨ੍ਹਾਂ ਵਿੱਚ ਔਰਤਾਂ ਅਤੇ ਬੱਚੇ ਵੀ ਸ਼ਾਮਲ ਸਨ। ਅੱਗ ਲੱਗਣ ਕਾਰਨ ਜਹਾਜ਼ ਵਿੱਚ ਧੂੰਆਂ ਫੈਲ ਗਿਆ ਅਤੇ ਯਾਤਰੀ ਬਹੁਤ ਘਬਰਾ ਗਏ। ਕਈ ਲੋਕਾਂ ਨੂੰ ਅੱਗ ਤੋਂ ਬਚਣ ਲਈ ਸਮੁੰਦਰ ਵਿੱਚ ਛਾਲ ਮਾਰਦੇ ਦੇਖਿਆ ਗਿਆ।
ਘਟਨਾ ਦੀ ਸੂਚਨਾ ਮਿਲਦੇ ਹੀ ਬਚਾਅ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਅਤੇ ਸਮੁੰਦਰ ਵਿੱਚ ਖੋਜ ਕਾਰਜ ਸ਼ੁਰੂ ਕਰ ਦਿੱਤਾ ਗਿਆ। ਅਧਿਕਾਰੀਆਂ ਅਨੁਸਾਰ ਰਾਹਤ ਅਤੇ ਬਚਾਅ ਕਾਰਜ ਤੇਜ਼ੀ ਨਾਲ ਚੱਲ ਰਹੇ ਹਨ ਅਤੇ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਸਮੁੰਦਰ ਵਿੱਚੋਂ ਸੁਰੱਖਿਅਤ ਕੱਢ ਲਿਆ ਗਿਆ ਹੈ।
ਹਾਲਾਂਕਿ, ਅੱਗ ਲੱਗਣ ਦੇ ਕਾਰਨਾਂ ਦਾ ਹਾਲੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਪ੍ਰਸ਼ਾਸਨ ਨੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਹਾਦਸੇ ਨੇ ਇਕ ਵਾਰ ਫਿਰ ਜਹਾਜ਼ ਦੇ ਸੁਰੱਖਿਆ ਪ੍ਰਬੰਧਾਂ ‘ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਸਥਾਨਕ ਅਧਿਕਾਰੀ ਅਤੇ ਸਮੁੰਦਰੀ ਸੁਰੱਖਿਆ ਏਜੰਸੀਆਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀਆਂ ਹਨ।











