ਤੇਲੰਗਾਨਾ: ਤੇਲੰਗਾਨਾ ਦੇ ਆਦਿਲਾਬਾਦ ਸਥਿਤ ਰਾਜੀਵ ਗਾਂਧੀ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ (RIMS) ਹਸਪਤਾਲ ਵਿੱਚ ਸੋਮਵਾਰ ਦੇਰ ਰਾਤ ਵਾਪਰੀ ਅੱਗ ਦੀ ਘਟਨਾ ਨੇ ਹਸਪਤਾਲ ਪ੍ਰਬੰਧਨ ਅਤੇ ਸੁਰੱਖਿਆ ਪ੍ਰਬੰਧਾਂ ’ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਹਸਪਤਾਲ ਦੇ ਸਪੈਸ਼ਲ ਨਿਊਬੌਰਨ ਕੇਅਰ ਯੂਨਿਟ (SNCU) ਵਿੱਚ ਅਚਾਨਕ ਅੱਗ ਲੱਗਣ ਕਾਰਨ ਦੋ ਨਵਜੰਮੇ ਬੱਚਿਆਂ ਦੀ ਮੌਤ ਹੋ ਗਈ।
ਜਾਣਕਾਰੀ ਮੁਤਾਬਕ ਘਟਨਾ ਸਮੇਂ SNCU ਵਾਰਡ ਵਿੱਚ ਕੁੱਲ 30 ਨਵਜੰਮੇ ਬੱਚੇ ਦਾਖ਼ਲ ਸਨ। ਅੱਗ ਲੱਗਣ ਤੋਂ ਬਾਅਦ ਹਸਪਤਾਲ ਦੇ ਸਟਾਫ ਅਤੇ ਰਾਹਤ ਟੀਮਾਂ ਨੇ ਤੁਰੰਤ ਕਾਰਵਾਈ ਕਰਦਿਆਂ ਬਾਕੀ 28 ਬੱਚਿਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ।
AC ਵਿੱਚ ਸ਼ਾਰਟ ਸਰਕਟ ਦਾ ਸ਼ੱਕ
ਦੱਸਿਆ ਜਾ ਰਿਹਾ ਹੈ ਕਿ ਅੱਗ ਰਾਤ ਕਰੀਬ 11:50 ਵਜੇ ਲੱਗੀ। ਮੁੱਢਲੀ ਜਾਣਕਾਰੀ ਵਿੱਚ ਏਅਰ ਕੰਡੀਸ਼ਨਰ ਵਿੱਚ ਸ਼ਾਰਟ ਸਰਕਟ ਨੂੰ ਅੱਗ ਲੱਗਣ ਦਾ ਸੰਭਾਵਿਤ ਕਾਰਨ ਦੱਸਿਆ ਜਾ ਰਿਹਾ ਹੈ। ਅੱਗ ਲੱਗਣ ਤੋਂ ਬਾਅਦ ਵਾਰਡ ਵਿੱਚ ਧੂੰਆਂ ਫੈਲ ਗਿਆ।
ਹਾਲਾਂਕਿ ਅਧਿਕਾਰੀਆਂ ਨੇ ਸਪਸ਼ਟ ਕੀਤਾ ਹੈ ਕਿ ਅੱਗ ਲੱਗਣ ਦੇ ਅਸਲ ਕਾਰਨਾਂ ਦੀ ਅਜੇ ਪੁਸ਼ਟੀ ਨਹੀਂ ਹੋਈ। ਫਾਇਰ ਬ੍ਰਿਗੇਡ ਦੀ ਟੀਮ ਨੇ ਮੌਕੇ ’ਤੇ ਪਹੁੰਚ ਕੇ ਅੱਗ ’ਤੇ ਕਾਬੂ ਪਾਇਆ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਮੁੱਖ ਮੰਤਰੀ ਨੇ ਜਾਂਚ ਦੇ ਦਿੱਤੇ ਹੁਕਮ
ਘਟਨਾ ’ਤੇ ਤੇਲੰਗਾਨਾ ਦੇ ਮੁੱਖ ਮੰਤਰੀ ਰੇਵੰਤ ਰੈੱਡੀ ਨੇ ਦੁੱਖ ਪ੍ਰਗਟ ਕੀਤਾ। ਉਨ੍ਹਾਂ ਮ੍ਰਿਤਕ ਨਵਜੰਮੇ ਬੱਚਿਆਂ ਦੇ ਪਰਿਵਾਰਾਂ ਨਾਲ ਹਮਦਰਦੀ ਜ਼ਾਹਰ ਕਰਦਿਆਂ ਅਧਿਕਾਰੀਆਂ ਨੂੰ ਪ੍ਰਭਾਵਿਤ ਬੱਚਿਆਂ ਨੂੰ ਹਰ ਸੰਭਵ ਇਲਾਜ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ।
ਮੁੱਖ ਮੰਤਰੀ ਨੇ ਘਟਨਾ ਦੀ ਵਿਸਥਾਰਤ ਜਾਂਚ ਦੇ ਹੁਕਮ ਦਿੰਦਿਆਂ ਅਧਿਕਾਰੀਆਂ ਤੋਂ ਅੱਗ ਲੱਗਣ ਦੀਆਂ ਸਥਿਤੀਆਂ ਬਾਰੇ ਰਿਪੋਰਟ ਮੰਗੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਸੂਬੇ ਦੇ ਹਸਪਤਾਲਾਂ ਵਿੱਚ ਫਾਇਰ ਅਤੇ ਇਲੈਕਟ੍ਰਿਕਲ ਸੇਫਟੀ ਪ੍ਰਬੰਧਾਂ ਦੀ ਸਮੀਖਿਆ ਕੀਤੀ ਜਾਵੇ।
ਜਾਂਚ ਦੌਰਾਨ ਇਹ ਵੀ ਦੇਖਿਆ ਜਾਵੇਗਾ ਕਿ ਘਟਨਾ ਸਮੇਂ SNCU ਦੀ ਬਿਜਲੀ ਪ੍ਰਣਾਲੀ, ਏਅਰ ਕੰਡੀਸ਼ਨਿੰਗ ਸਿਸਟਮ ਅਤੇ ਅੱਗ ਤੋਂ ਬਚਾਅ ਲਈ ਲੋੜੀਂਦੇ ਸੁਰੱਖਿਆ ਪ੍ਰਬੰਧ ਸਹੀ ਢੰਗ ਨਾਲ ਕੰਮ ਕਰ ਰਹੇ ਸਨ ਜਾਂ ਨਹੀਂ। ਜੇਕਰ ਜਾਂਚ ਵਿੱਚ ਕਿਸੇ ਤਰ੍ਹਾਂ ਦੀ ਲਾਪਰਵਾਹੀ ਜਾਂ ਸੁਰੱਖਿਆ ਵਿੱਚ ਕਮੀ ਸਾਹਮਣੇ ਆਉਂਦੀ ਹੈ ਤਾਂ ਉਸ ਦੇ ਆਧਾਰ ’ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।












