ਨਵੀਂ ਦਿੱਲੀ : ਨਵੇਂ ਸਾਲ ਦੇ ਆਉਣ ਦੇ ਨਾਲ ਹੀ ਦੇਸ਼ ਦੇ ਕਈ ਹਿੱਸਿਆਂ ਵਿੱਚ ਤਾਪਮਾਨ ਵਿੱਚ ਗਿਰਾਵਟ ਦੇਖਣ ਨੂੰ ਮਿਲੀ ਹੈ ਅਤੇ ਠੰਢ ਨੇ ਅਚਾਨਕ ਰਫ਼ਤਾਰ ਫੜ ਲਈ ਹੈ। ਮੌਸਮ ਦੀ ਇਸ ਬਦਲਦੀ ਚਾਲ ਦੇ ਵਿਚਕਾਰ, ਭਾਰਤੀ ਮੌਸਮ ਵਿਭਾਗ (IMD) ਨੇ ਅਗਲੇ ਸੱਤ ਦਿਨਾਂ ਲਈ ਕਈ ਰਾਜਾਂ ਵਿੱਚ ਸ਼ੀਤ ਲਹਿਰ ਦਾ ਅਲਰਟ ਜਾਰੀ ਕੀਤਾ ਹੈ। ਮਾਹਿਰਾਂ ਅਨੁਸਾਰ, ਆਉਣ ਵਾਲੇ ਦਿਨਾਂ ਵਿੱਚ ਠੰਢ ਦਾ ਅਸਰ ਹੋਰ ਤੇਜ਼ ਹੋ ਸਕਦਾ ਹੈ।
ਉੱਤਰੀ ਭਾਰਤ ਵਿੱਚ ਕੜਾਕੇ ਦੀ ਠੰਢ
IMD ਨੇ ਰਾਜਸਥਾਨ, ਉੱਤਰ ਪ੍ਰਦੇਸ਼, ਦਿੱਲੀ, ਪੰਜਾਬ ਅਤੇ ਹਰਿਆਣਾ ਵਿੱਚ ਅਗਲੇ ਸੱਤ ਦਿਨ ਸ਼ੀਤ ਲਹਿਰ ਦੀ ਚੇਤਾਵਨੀ ਜਾਰੀ ਕੀਤੀ ਹੈ। ਇਨ੍ਹਾਂ ਰਾਜਾਂ ਦੇ ਕਈ ਜ਼ਿਲ੍ਹਿਆਂ ਵਿੱਚ ਸਵੇਰ ਦੇ ਸਮੇਂ ਸੰਘਣੀ ਧੁੰਦ ਛਾਈ ਰਹਿਣ ਦੀ ਸੰਭਾਵਨਾ ਹੈ, ਜਿਸ ਨਾਲ ਠੰਢ ਦਾ ਅਸਰ ਹੋਰ ਵਧ ਜਾਏਗਾ।
ਪਹਾੜੀ ਖੇਤਰਾਂ ਵਿੱਚ ਬਰਫ਼ਬਾਰੀ ਦਾ ਖ਼ਤਰਾ
ਹਿਮਾਚਲ ਪ੍ਰਦੇਸ਼, ਉਤਰਾਖੰਡ, ਜੰਮੂ-ਕਸ਼ਮੀਰ ਅਤੇ ਲਦਾਖ ਵਿੱਚ ਵੀ ਅਗਲੇ ਸੱਤ ਦਿਨ ਠੰਢੀ ਹਵਾ ਦੇ ਨਾਲ ਕਈ ਸਥਾਨਾਂ ‘ਤੇ ਬਰਫਬਾਰੀ ਦਾ ਅਲਰਟ ਹੈ। ਮੌਸਮ ਮਾਹਿਰਾਂ ਦਾ ਕਹਿਣਾ ਹੈ ਕਿ ਇਨ੍ਹਾਂ ਇਲਾਕਿਆਂ ਵਿੱਚ ਠੰਢ ਦਾ ਅਸਰ ਬਹੁਤ ਤੇਜ਼ ਹੋਵੇਗਾ ਅਤੇ ਆਮ ਲੋਕਾਂ ਨੂੰ ਅਲਰਟ ਰਹਿਣ ਦੀ ਲੋੜ ਹੈ।
ਪੂਰਬੀ ਅਤੇ ਉੱਤਰ-ਪੂਰਬੀ ਰਾਜਾਂ ਵਿੱਚ ਵੀ ਠੰਢ ਦਾ ਅਸਰ
ਬਿਹਾਰ, ਝਾਰਖੰਡ, ਓਡੀਸ਼ਾ, ਸਿੱਕਮ ਅਤੇ ਪੱਛਮੀ ਬੰਗਾਲ ਅਗਲੇ ਸੱਤ ਦਿਨ ਸ਼ੀਤ ਲਹਿਰ ਦਾ ਪ੍ਰਭਾਵ ਰਹੇਗਾ। ਅਰੁਣਾਚਲ ਪ੍ਰਦੇਸ਼, ਮੇਘਾਲਿਆ, ਮਿਜ਼ੋਰਮ, ਅਸਾਮ, ਨਾਗਾਲੈਂਡ, ਮਨੀਪੁਰ ਅਤੇ ਤ੍ਰਿਪੁਰਾ ਵਿੱਛ ਵੀ ਸ਼ੀਤ ਲਹਿਰ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਇਨ੍ਹਾਂ ਰਾਜਾਂ ਦੇ ਕਈ ਹਿੱਸਿਆਂ ਵਿੱਚ ਸਵੇਰ ਦੇ ਸਮੇਂ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ।
ਮੱਧ ਅਤੇ ਦੱਖਣੀ ਭਾਰਤ ‘ਤੇ ਵੀ ਪ੍ਰਭਾਵ
ਆਈਐਮਡੀ ਨੇ ਮੱਧ ਪ੍ਰਦੇਸ਼ ਅਤੇ ਆਂਧਰਾ ਪ੍ਰਦੇਸ਼ ਦੇ ਲਈ ਵੀ ਅਗਲੇ ਸੱਤ ਦਿਨਾਂ ਦੇ ਲਈ ਠੰਢ ਦਾ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਰਾਜਾਂ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਠੰਢ ਵਧਣ ਦੀ ਸੰਭਾਵਨਾ ਹੈ। ਮੌਸਮ ਮਾਹਿਰਾਂ ਦੀ ਸਿਫਾਰਸ਼ ਹੈ ਕਿ ਲੋਕ ਠੰਢ ਦੇ ਮੌਸਮ ਦੌਰਾਨ ਢੁਕਵੀਆਂ ਸਾਵਧਾਨੀਆਂ ਵਰਤਣ, ਗਰਮ ਕੱਪੜੇ ਪਾਉਣ ਅਤੇ ਧੁੰਦ ਅਤੇ ਬਰਫ਼ਬਾਰੀ ਵਾਲੇ ਖੇਤਰਾਂ ਵਿੱਚ ਯਾਤਰਾ ਕਰਨ ਸਮੇਂ ਸਾਵਧਾਨੀ ਵਰਤਣ।











