ਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਪੰਜਾਬ ਦੇ ਦੌਰੇ ‘ਤੇ ਆ ਰਹੇ ਹਨ, ਜਿੱਥੇ ਉਹ ਹਾਲ ਹੀ ਵਿੱਚ ਆਏ ਭਿਆਨਕ ਹੜ੍ਹਾਂ ਤੋਂ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲੈਣਗੇ। ਇਸ ਦੌਰਾਨ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਇੱਕ ਵੱਡਾ ਬਿਆਨ ਦਿੰਦੇ ਹੋਏ ਕਿਹਾ ਕਿ ਪੰਜਾਬ ਨੂੰ ਜੋ ਨੁਕਸਾਨ ਹੋਇਆ ਹੈ, ਉਸ ਦੀ ਕਦੇ ਕਲਪਨਾ ਵੀ ਨਹੀਂ ਕੀਤੀ ਗਈ ਸੀ।
ਪ੍ਰਧਾਨ ਮੰਤਰੀ ਮੋਦੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਮੰਤਰੀ ਗੋਇਲ ਨੇ ਕੀਤੀ ਇੱਕ ਵੱਡੀ ਅਪੀਲ
ਮੰਤਰੀ ਗੋਇਲ ਨੇ ਕਿਹਾ ਕਿ ਇਨ੍ਹਾਂ ਹੜ੍ਹਾਂ ਦੌਰਾਨ ਲਗਭਗ 4 ਲੱਖ ਏਕੜ ਫਸਲ ਤਬਾਹ ਹੋ ਗਈ, ਬੰਨ੍ਹ ਟੁੱਟਣ ਕਾਰਨ ਭਾਰੀ ਨੁਕਸਾਨ ਹੋਇਆ, ਸੜਕਾਂ ਤਬਾਹ ਹੋ ਗਈਆਂ ਅਤੇ ਲਗਭਗ 3300 ਇਮਾਰਤਾਂ ਪ੍ਰਭਾਵਿਤ ਹੋਈਆਂ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਕੁੱਲ 20 ਤੋਂ 25 ਹਜ਼ਾਰ ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਗੋਇਲ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੀ ਬਕਾਇਆ 60 ਹਜ਼ਾਰ ਕਰੋੜ ਰੁਪਏ ਦੀ ਰਾਸ਼ੀ ਤੁਰੰਤ ਜਾਰੀ ਕਰਨ ਦਾ ਐਲਾਨ ਕਰਨ। ਉਨ੍ਹਾਂ ਕਿਹਾ ਕਿ ਸਾਨੂੰ ਤੁਰੰਤ ਰਾਹਤ ਦੀ ਲੋੜ ਹੈ ਤਾਂ ਜੋ ਰੁਕੇ ਹੋਏ ਵਿਕਾਸ ਕਾਰਜਾਂ ਨੂੰ ਮੁੜ ਸ਼ੁਰੂ ਕੀਤਾ ਜਾ ਸਕੇ।
ਮੰਤਰੀ ਗੋਇਲ ਨੇ ਦੋਸ਼ ਲਗਾਇਆ ਕਿ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਗਿਆ ਹੈ ਅਤੇ ਫੰਡ ਰੋਕੇ ਗਏ ਹਨ। ਉਨ੍ਹਾਂ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਤੁਰੰਤ ਪੰਜਾਬ ਦੀ ਮਦਦ ਕਰਨ। ਗੋਇਲ ਨੇ ਕਿਹਾ, “ਪੂਰਾ ਪੰਜਾਬ ਪ੍ਰਧਾਨ ਮੰਤਰੀ ਮੋਦੀ ਦਾ ਸਵਾਗਤ ਕਰ ਰਿਹਾ ਹੈ ਅਤੇ ਸਾਨੂੰ ਉਨ੍ਹਾਂ ਤੋਂ ਮਦਦ ਦੀ ਉਮੀਦ ਹੈ। ਪੰਜਾਬ ਨੇ ਦੇਸ਼ ਲਈ ਸਭ ਤੋਂ ਵੱਡੀਆਂ ਕੁਰਬਾਨੀਆਂ ਦਿੱਤੀਆਂ ਹਨ ਅਤੇ ਅੱਜ ਪੰਜਾਬ ਨੂੰ ਸਭ ਤੋਂ ਵੱਧ ਮਦਦ ਦੀ ਲੋੜ ਹੈ।”
