Home ਪੰਜਾਬ ਘਨੌਰ ਤੇ ਦੁਧਨਸਾਧਾਂ ਵਿਖੇ ਐਨ.ਡੀ.ਆਰ.ਐਫ. ਟੀਮ ਵੱਲੋਂ  ਕਰਵਾਈ ਗਈ ਮੌਕ ਡਰਿੱਲ

ਘਨੌਰ ਤੇ ਦੁਧਨਸਾਧਾਂ ਵਿਖੇ ਐਨ.ਡੀ.ਆਰ.ਐਫ. ਟੀਮ ਵੱਲੋਂ  ਕਰਵਾਈ ਗਈ ਮੌਕ ਡਰਿੱਲ

0

ਪਟਿਆਲਾ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਵੱਲੋਂ ਸੰਭਾਵੀ ਹੜ੍ਹਾਂ ਵਰਗੀ ਕਿਸੇ ਵੀ ਹੰਗਾਮੀ ਸਥਿਤੀ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਅੱਜ ਸਰਾਲਾ ਹੈਡ ਘੱਗਰ, ਘਨੌਰ ਅਤੇ ਦੁਧਨਸਾਧਾਂ ਵਿਖੇ ਐਨ.ਡੀ.ਆਰ.ਐਫ. ਦੀ ਟੀਮ ਵੱਲੋਂ ਮੌਕ ਡਰਿੱਲ ਕਰਵਾਈ ਗਈ। ਇਸ ਮੌਕੇ ਰਾਜਪੁਰਾ ਦੇ ਐਸ.ਡੀ.ਐਮ. ਰਵਿੰਦਰ ਸਿੰਘ ਅਤੇ ਐਸ.ਡੀ.ਐਮ. ਦੁਧਨਸਾਧਾਂ ਹਰਜੋਤ ਕੌਰ ਵੀ ਮੌਜੂਦ ਸਨ।

ਮੌਕ ਡਰਿੱਲ ਦੌਰਾਨ ਐਨ.ਡੀ.ਆਰ.ਐਫ. ਦੀ ਟੀਮ ਨੇ ਹੜ੍ਹਾਂ ਸਮੇਂ ਕੀਤੇ ਜਾਣ ਵਾਲੇ ਬਚਾਅ ਕਾਰਜਾਂ, ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਉਣ, ਰਾਹਤ ਕਾਰਜਾਂ ਅਤੇ ਐਮਰਜੈਂਸੀ ਸਥਿਤੀਆਂ ਨਾਲ ਨਜਿੱਠਣ ਦੀ ਸਿਖਲਾਈ ਦਿੱਤੀ। ਟੀਮ ਵੱਲੋਂ ਭਰੋਸਾ ਦਿਵਾਇਆ ਗਿਆ ਕਿ ਬਰਸਾਤ ਦੇ ਮੌਸਮ ਦੌਰਾਨ ਕਿਸੇ ਵੀ ਸੰਭਾਵੀ ਹੜ੍ਹ ਦੀ ਸਥਿਤੀ ਨਾਲ ਨਜਿੱਠਣ ਲਈ ਲੋੜੀਂਦੀ ਮਸ਼ੀਨਰੀ ਅਤੇ ਮਾਹਿਰ ਟੀਮਾਂ 24 ਘੰਟੇ ਤਾਇਨਾਤ ਰਹਿਣਗੀਆਂ।

ਇਸ ਮੌਕੇ ਮਾਲ ਵਿਭਾਗ, ਡਰੇਨ ਵਿਭਾਗ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਵੀ ਮੌਕ ਡਰਿੱਲ ਵਿੱਚ ਭਾਗ ਲਿਆ। ਉਨ੍ਹਾਂ ਨੂੰ ਵੱਖ-ਵੱਖ ਵਿਭਾਗਾਂ ਵਿਚਕਾਰ ਤਾਲਮੇਲ ਬਣਾ ਕੇ ਰਾਹਤ ਅਤੇ ਬਚਾਅ ਕਾਰਜਾਂ ਨੂੰ ਤੇਜ਼ੀ ਨਾਲ ਅਮਲ ਵਿੱਚ ਲਿਆਉਣ ਸਬੰਧੀ ਸਿਖਲਾਈ ਦਿੱਤੀ ਗਈ।

ਮੌਕ ਡਰਿੱਲ ਦੌਰਾਨ ਪਿੰਡ ਵਾਸੀਆਂ ਨੂੰ ਵੀ ਜਾਗਰੂਕ ਕੀਤਾ ਗਿਆ ਅਤੇ ਉਨ੍ਹਾਂ ਨੂੰ ਦੱਸਿਆ ਗਿਆ ਕਿ ਹੜ੍ਹ ਵਰਗੀ ਸਥਿਤੀ ਪੈਦਾ ਹੋਣ ‘ਤੇ ਘਬਰਾਉਣ ਦੀ ਬਜਾਏ ਪ੍ਰਸ਼ਾਸਨ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ, ਸੁਰੱਖਿਅਤ ਥਾਵਾਂ ‘ਤੇ ਜਾਣ ਅਤੇ ਐਮਰਜੈਂਸੀ ਸੇਵਾਵਾਂ ਨਾਲ ਸੰਪਰਕ ਬਣਾਈ ਰੱਖਣ ਨਾਲ ਜਾਨ-ਮਾਲ ਦੇ ਨੁਕਸਾਨ ਤੋਂ ਬਚਿਆ ਜਾ ਸਕਦਾ ਹੈ।

ਜ਼ਿਲ੍ਹਾ ਪ੍ਰਸ਼ਾਸਨ ਨੇ ਕਿਹਾ ਕਿ ਅਜਿਹੀਆਂ ਮੌਕ ਡਰਿੱਲਾਂ ਦਾ ਮੁੱਖ ਉਦੇਸ਼ ਸੰਭਾਵੀ ਆਫ਼ਤਾਂ ਲਈ ਪਹਿਲਾਂ ਤੋਂ ਤਿਆਰੀ ਨੂੰ ਮਜ਼ਬੂਤ ਕਰਨਾ, ਵੱਖ-ਵੱਖ ਵਿਭਾਗਾਂ ਵਿਚਕਾਰ ਤਾਲਮੇਲ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣਾ ਅਤੇ ਆਮ ਲੋਕਾਂ ਨੂੰ ਆਫ਼ਤ ਪ੍ਰਬੰਧਨ ਸਬੰਧੀ ਜਾਗਰੂਕ ਕਰਨਾ ਹੈ, ਤਾਂ ਜੋ ਕਿਸੇ ਵੀ ਹੰਗਾਮੀ ਸਥਿਤੀ ਵਿੱਚ ਤੁਰੰਤ ਅਤੇ ਪ੍ਰਭਾਵੀ ਕਾਰਵਾਈ ਯਕੀਨੀ ਬਣਾਈ ਜਾ ਸਕੇ।

ਇਸ ਮੌਕੇ ਐਨ.ਡੀ.ਆਰ.ਐੱਫ. ਦੇ ਸਤਵੀਂ ਬਟਾਲੀਅਨ ਬਠਿੰਡਾ ਦੇ ਸਬ ਇੰਸਪੈਕਟਰ ਯੇਤੀਂਦਰ ਸਿੰਘ, ਨਾਇਬ ਤਹਿਸੀਲਦਾਰ ਹਰੀਸ਼ ਕੁਮਾਰ ਵੀ ਮੌਜੂਦ ਸਨ।

NO COMMENTS

LEAVE A REPLY

Please enter your comment!
Please enter your name here

Exit mobile version