ਲਖਨਊ: ਉੱਤਰ ਪ੍ਰਦੇਸ਼ ਵਿੱਚ ਮਾਨਸੂਨ ਇੱਕ ਵਾਰ ਫਿਰ ਪੂਰੀ ਤਰ੍ਹਾਂ ਸਰਗਰਮ ਹੋ ਗਿਆ ਹੈ। ਸ਼ੁੱਕਰਵਾਰ ਨੂੰ ਵਾਰਾਣਸੀ, ਪ੍ਰਯਾਗਰਾਜ, ਗੋਰਖਪੁਰ ਸਮੇਤ 10 ਸ਼ਹਿਰਾਂ ਵਿੱਚ ਭਾਰੀ ਮੀਂਹ ਦਰਜ ਕੀਤਾ ਗਿਆ, ਜਦਕਿ ਲਖਨਊ, ਬਾਰਾਬੰਕੀ ਅਤੇ ਹੋਰ ਕਈ ਜ਼ਿਲ੍ਹਿਆਂ ਵਿੱਚ ਸਾਰਾ ਦਿਨ ਬੱਦਲਵਾਈ ਰਹੀ। ਮੌਸਮ ਦੇ ਬਦਲੇ ਮਿਜ਼ਾਜ ਨੇ ਲੋਕਾਂ ਨੂੰ ਗਰਮੀ ਅਤੇ ਉਮਸ ਤੋਂ ਵੱਡੀ ਰਾਹਤ ਦਿੱਤੀ ਹੈ। ਠੰਢੀਆਂ ਹਵਾਵਾਂ ਅਤੇ ਰੁਕ-ਰੁਕ ਕੇ ਹੋਈ ਬਾਰਿਸ਼ ਕਾਰਨ ਤਾਪਮਾਨ ਵਿੱਚ ਵੀ ਗਿਰਾਵਟ ਦਰਜ ਕੀਤੀ ਗਈ।
ਭਾਰੀ ਮੀਂਹ ਕਾਰਨ ਰਾਜ ਦੀਆਂ ਕਈ ਨਦੀਆਂ ਦਾ ਜਲ ਪੱਧਰ ਤੇਜ਼ੀ ਨਾਲ ਵੱਧ ਰਿਹਾ ਹੈ। ਬਲੀਆ ਅਤੇ ਬਾਰਾਬੰਕੀ ਜ਼ਿਲ੍ਹਿਆਂ ਵਿੱਚ ਸਰਯੂ ਨਦੀ ਖ਼ਤਰੇ ਦੇ ਨਿਸ਼ਾਨ ਦੇ ਨੇੜੇ ਪਹੁੰਚ ਗਈ ਹੈ। ਨਦੀ ਦੇ ਕੰਢਿਆਂ ‘ਤੇ ਕਟਾਅ ਸ਼ੁਰੂ ਹੋ ਗਿਆ ਹੈ, ਜਿਸ ਕਾਰਨ ਦਰਿਆ ਕੰਢੇ ਵੱਸਦੇ ਲੋਕਾਂ ਵਿੱਚ ਚਿੰਤਾ ਦਾ ਮਾਹੌਲ ਹੈ। ਕਈ ਥਾਵਾਂ ‘ਤੇ ਖੇਤ ਪਾਣੀ ਹੇਠ ਆ ਗਏ ਹਨ ਅਤੇ ਫਸਲਾਂ ਨੂੰ ਨੁਕਸਾਨ ਪਹੁੰਚਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ।
ਬਾਰਾਬੰਕੀ ਜ਼ਿਲ੍ਹੇ ਵਿੱਚ ਹੜ੍ਹ ਦਾ ਖ਼ਤਰਾ ਲਗਾਤਾਰ ਵੱਧ ਰਿਹਾ ਹੈ। ਪ੍ਰਸ਼ਾਸਨ ਮੁਤਾਬਕ 87 ਪਿੰਡ ਅਜਿਹੇ ਹਨ ਜਿੱਥੇ ਹੜ੍ਹ ਦਾ ਖ਼ਤਰਾ ਬਣਿਆ ਹੋਇਆ ਹੈ। ਸਥਾਨਕ ਅਧਿਕਾਰੀਆਂ ਵੱਲੋਂ ਹਾਲਾਤਾਂ ‘ਤੇ ਨਜ਼ਰ ਰੱਖੀ ਜਾ ਰਹੀ ਹੈ ਅਤੇ ਸੰਭਾਵਿਤ ਪ੍ਰਭਾਵਿਤ ਖੇਤਰਾਂ ਵਿੱਚ ਚੌਕਸੀ ਵਧਾ ਦਿੱਤੀ ਗਈ ਹੈ।
ਬਲੀਆ ਜ਼ਿਲ੍ਹੇ ਵਿੱਚ ਹੜ੍ਹ ਅਤੇ ਕਟਾਅ ਦੇ ਖ਼ਤਰੇ ਕਾਰਨ ਲੋਕ ਆਪਣੇ ਘਰਾਂ ਨੂੰ ਛੱਡਣ ਲਈ ਮਜਬੂਰ ਹੋ ਰਹੇ ਹਨ। ਬਾਂਸਡੀਹ ਖੇਤਰ ਵਿੱਚ ਕਰੀਬ 150 ਪਰਿਵਾਰ ਪਹਿਲਾਂ ਹੀ ਆਪਣੇ ਘਰ ਖਾਲੀ ਕਰ ਚੁੱਕੇ ਹਨ ਅਤੇ ਸੁਰੱਖਿਅਤ ਥਾਵਾਂ ਵੱਲ ਜਾ ਰਹੇ ਹਨ। ਕਈ ਪਰਿਵਾਰਾਂ ਨੇ ਆਪਣੇ ਪੱਕੇ ਘਰਾਂ ਨੂੰ ਵੀ ਢਾਹੁਣਾ ਸ਼ੁਰੂ ਕਰ ਦਿੱਤਾ ਹੈ ਤਾਂ ਜੋ ਹੜ੍ਹ ਕਾਰਨ ਹੋਣ ਵਾਲੇ ਵੱਡੇ ਨੁਕਸਾਨ ਤੋਂ ਬਚਿਆ ਜਾ ਸਕੇ।
ਦੂਜੇ ਪਾਸੇ ਬਿਜਨੌਰ ਵਿੱਚ ਮਾਲਨ ਨਦੀ ਦਾ ਜਲ ਪੱਧਰ ਵੀ ਕਾਫ਼ੀ ਵਧ ਗਿਆ ਹੈ। ਕਈ ਥਾਵਾਂ ‘ਤੇ ਨਦੀ ਦਾ ਪਾਣੀ ਛੋਟੇ ਪੁਲਾਂ ਦੇ ਉੱਪਰੋਂ ਲੰਘ ਰਿਹਾ ਹੈ, ਜਿਸ ਨਾਲ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ। ਮੌਸਮ ਵਿਭਾਗ ਨੇ ਰਾਜ ਦੇ 75 ਜ਼ਿਲ੍ਹਿਆਂ ਲਈ ਚੇਤਾਵਨੀ ਜਾਰੀ ਕੀਤੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ।
ਪ੍ਰਸ਼ਾਸਨ ਨੇ ਲੋਕਾਂ ਨੂੰ ਨਦੀਆਂ ਅਤੇ ਨੀਵੇਂ ਇਲਾਕਿਆਂ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਹੈ। ਰਾਹਤ ਅਤੇ ਬਚਾਅ ਟੀਮਾਂ ਨੂੰ ਵੀ ਅਲਰਟ ‘ਤੇ ਰੱਖਿਆ ਗਿਆ ਹੈ ਤਾਂ ਜੋ ਕਿਸੇ ਵੀ ਐਮਰਜੈਂਸੀ ਸਥਿਤੀ ਨਾਲ ਤੁਰੰਤ ਨਜਿੱਠਿਆ ਜਾ ਸਕੇ।












