ਲੁਧਿਆਣਾ: ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਨੂੰ ਲੈ ਕੇ ਪੰਜਾਬ ਬੰਦ ਦੇ ਸੱਦੇ ਦੌਰਾਨ ਲੁਧਿਆਣਾ ਦੇ ਚੰਡੀਗੜ੍ਹ ਰੋਡ ‘ਤੇ ਇੱਕ ਦਰਦਨਾਕ ਹਾਦਸਾ ਵਾਪਰ ਗਿਆ। ਇੱਥੇ ਧਰਨੇ ਵਿੱਚ ਸ਼ਾਮਲ ਹੋਣ ਆਏ 22 ਸਾਲਾ ਨੌਜਵਾਨ ਦੀ ਬਿਜਲੀ ਦੇ ਖੰਬੇ ਤੋਂ ਕਰੰਟ ਲੱਗਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਜਸ਼ਨਦੀਪ ਸਿੰਘ ਵਜੋਂ ਹੋਈ ਹੈ, ਜੋ ਇੱਕ ਫੈਕਟਰੀ ਵਿੱਚ ਕੰਮ ਕਰਦਾ ਸੀ।
ਜਾਣਕਾਰੀ ਅਨੁਸਾਰ, ਪੰਜਾਬ ਬੰਦ ਦੇ ਸੱਦੇ ਤਹਿਤ ਚੰਡੀਗੜ੍ਹ ਰੋਡ ‘ਤੇ ਧਰਨਾ ਲਗਾਇਆ ਗਿਆ ਸੀ। ਇਸ ਦੌਰਾਨ ਜਸ਼ਨਦੀਪ ਸਿੰਘ ਵੀ ਆਪਣੇ ਸਾਥੀਆਂ ਨਾਲ ਉੱਥੇ ਪਹੁੰਚਿਆ ਸੀ।
ਦੱਸਿਆ ਜਾ ਰਿਹਾ ਹੈ ਕਿ ਬਿਜਲੀ ਦੇ ਖੰਬੇ ਦੇ ਸੰਪਰਕ ਵਿੱਚ ਆਉਣ ਕਾਰਨ ਉਸ ਨੂੰ ਕਰੰਟ ਲੱਗ ਗਿਆ ਅਤੇ ਉਹ ਹੇਠਾਂ ਡਿੱਗ ਪਿਆ। ਹਾਦਸੇ ਤੋਂ ਬਾਅਦ ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ ਜਸ਼ਨਦੀਪ ਆਪਣੇ ਦੋਸਤਾਂ ਨਾਲ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਨੂੰ ਲੈ ਕੇ ਲਗਾਏ ਗਏ ਧਰਨੇ ਵਿੱਚ ਸ਼ਾਮਲ ਹੋਣ ਗਿਆ ਸੀ, ਜਿੱਥੇ ਇਹ ਹਾਦਸਾ ਵਾਪਰ ਗਿਆ।
ਪਰਿਵਾਰ ਮੁਤਾਬਕ, ਜਸ਼ਨਦੀਪ ਇੱਕ ਫੈਕਟਰੀ ਵਿੱਚ ਕੰਮ ਕਰਕੇ ਘਰ ਦਾ ਗੁਜ਼ਾਰਾ ਚਲਾਉਣ ਵਿੱਚ ਮਦਦ ਕਰਦਾ ਸੀ। ਪਰਿਵਾਰ ਦੀ ਆਰਥਿਕ ਹਾਲਤ ਕਮਜ਼ੋਰ ਹੋਣ ਕਾਰਨ ਹੁਣ ਉਨ੍ਹਾਂ ਸਾਹਮਣੇ ਮੁਸ਼ਕਲਾਂ ਖੜ੍ਹੀਆਂ ਹੋ ਗਈਆਂ ਹਨ। ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਨੇ ਪੰਜਾਬ ਸਰਕਾਰ ਤੋਂ ਮਾਲੀ ਸਹਾਇਤਾ ਦੇਣ ਦੀ ਅਪੀਲ ਕੀਤੀ ਹੈ।










