Homeਹਰਿਆਣਾਨਗਰ ਨਿਗਮ ਦੇ ਸਫ਼ਾਈ ਕਰਮਚਾਰੀਆਂ ਨੇ ਨਿਗਮ ਦਫ਼ਤਰ ਦੇ ਮੁੱਖ ਗੇਟ ਨੂੰ...

ਨਗਰ ਨਿਗਮ ਦੇ ਸਫ਼ਾਈ ਕਰਮਚਾਰੀਆਂ ਨੇ ਨਿਗਮ ਦਫ਼ਤਰ ਦੇ ਮੁੱਖ ਗੇਟ ਨੂੰ ਤਾਲਾ ਲਾ ਕੇ ਕੀਤਾ ਰੋਸ ਪ੍ਰਦਰਸ਼ਨ

ਕਰਨਾਲ: ਹਰਿਆਣਾ ਦੇ ਕਰਨਾਲ ਵਿੱਚ ਲਗਪਗ ਦੋ ਹਫ਼ਤਿਆਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ਤੇ ਪ੍ਰਦਰਸ਼ਨ ਕਰ ਰਹੇ ਨਗਰ ਨਿਗਮ ਦੇ ਸਫ਼ਾਈ ਕਰਮਚਾਰੀਆਂ ਨੇ ਅੱਜ ਨਿਗਮ ਦਫ਼ਤਰ ਦੇ ਮੁੱਖ ਗੇਟ ਨੂੰ ਤਾਲਾ ਲਾ ਕੇ ਰੋਸ ਪ੍ਰਦਰਸ਼ਨ ਕੀਤਾ। ਸੂਬਾ ਕਮੇਟੀ ਦੇ ਸੱਦੇ ’ਤੇ ਮੁਲਾਜ਼ਮਾਂ ਨੇ ਕਰੀਬ ਦੋ ਘੰਟੇ ਦਫ਼ਤਰ ਬੰਦ ਰੱਖ ਕੇ ਸਰਕਾਰ ਖ਼ਿਲਾਫ਼ ਗੁੱਸੇ ਦਾ ਪ੍ਰਗਟਾਵਾ ਕੀਤਾ।

ਸਫਾਈ ਕਰਮਚਾਰੀਆਂ ਦੀ ਹੜਤਾਲ ਕਾਰਨ ਸ਼ਹਿਰ ਦੀ ਸਫਾਈ ਵਿਵਸਥਾ ਵੀ ਪ੍ਰਭਾਵਿਤ ਹੋਈ ਹੈ। ਕਈ ਥਾਵਾਂ ’ਤੇ ਕੂੜੇ ਦੇ ਢੇਰਾਂ ਕਾਰਨ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਨਗਰ ਪਾਲਿਕਾ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਰਾਜਕੁਮਾਰ ਨੇ ਕਿਹਾ ਕਿ ਮੁਲਾਜ਼ਮ ਸਰਕਾਰ ਦੇ ਰਵੱਈਏ ਤੋਂ ਨਾਰਾਜ਼ ਹਨ। ਉਨ੍ਹਾਂ ਕਿਹਾ ਕਿ 13 ਮਈ ਨੂੰ ਸਰਕਾਰ ਨੇ ਮੁਲਾਜ਼ਮਾਂ ਦੀਆਂ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਸੀ ਪਰ ਜਦੋਂ ਵਫ਼ਦ ਨੂੰ ਦੁਬਾਰਾ ਬੁਲਾਇਆ ਗਿਆ ਤਾਂ ਮੰਤਰੀ ਵਿਪੁਲ ਗੋਇਲ ਨੇ ਕਥਿਤ ਤੌਰ ’ਤੇ ਕਿਹਾ ਕਿ ਉਹ ਮੰਗਾਂ ਨੂੰ ਭੁੱਲ ਗਏ ਹਨ।

ਉਨ੍ਹਾਂ ਕਿਹਾ ਕਿ ਸੂਬੇ ਦੇ ਸ਼ਹਿਰਾਂ ਵਿੱਚ ਕੂੜੇ ਦੇ ਢੇਰ ਲੱਗੇ ਹੋਏ ਹਨ ਅਤੇ ਅਜਿਹੀ ਸਥਿਤੀ ਵਿੱਚ ਸਰਕਾਰ ਦਾ ਰਵੱਈਆ ਮੁਲਾਜ਼ਮਾਂ ਲਈ ਨਿਰਾਸ਼ਾਜਨਕ ਹੈ। ਰਾਜਕੁਮਾਰ ਨੇ ਕਿਹਾ ਕਿ ਕਰਨਾਲ ਨੂੰ ਸਮਾਰਟ ਸਿਟੀ ਦੀ ਦੌੜ ਵਿੱਚ ਅੱਗੇ ਲਿਆਉਣ ਲਈ ਸਫਾਈ ਕਰਮਚਾਰੀਆਂ ਨੇ ਸਖਤ ਮਿਹਨਤ ਕੀਤੀ ਸੀ ਪਰ ਹੁਣ ਸਫਾਈ ਵਿਵਸਥਾ ਪ੍ਰਭਾਵਿਤ ਹੋ ਰਹੀ ਹੈ। ਮੁਲਾਜ਼ਮਾਂ ਦੀ ਮੁੱਖ ਮੰਗ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨਾ ਹੈ। ਜੇਕਰ ਸਰਕਾਰ ਉਨ੍ਹਾਂ ਨੂੰ ਰੈਗੂਲਰ ਨਹੀਂ ਕਰ ਸਕਦੀ ਤਾਂ ਸਾਰੇ ਸਫ਼ਾਈ ਕਰਮਚਾਰੀਆਂ ਲਈ ਘੱਟੋ-ਘੱਟ 30,000 ਰੁਪਏ ਦੀ ਉਜਰਤ ਦਾ ਐਲਾਨ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਅੱਜ ਸੂਬਾ ਕਮੇਟੀ ਦੇ ਸੱਦੇ ’ਤੇ ਸੂਬੇ ਭਰ ਵਿੱਚ ਨਗਰ ਨਿਗਮ ਤੇ ਨਗਰ ਪਾਲਿਕਾ ਦਫ਼ਤਰਾਂ ਨੂੰ ਦੋ ਘੰਟੇ ਲਈ ਤਾਲੇ ਲਾਏ ਗਏ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦੀ ਹੀ ਵਫ਼ਦ ਨੂੰ ਬੁਲਾ ਕੇ ਮੰਗਾਂ ‘ਤੇ ਵਿਚਾਰ ਕਰਕੇ ਕੋਈ ਹੱਲ ਨਾ ਕੱਢਿਆ ਤਾਂ ਹੜਤਾਲ ਅਣਮਿੱਥੇ ਸਮੇਂ ਲਈ ਹੋ ਸਕਦੀ ਹੈ। ਇਸ ਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ। ਮੁਲਾਜ਼ਮਾਂ ਨੇ ਕਿਹਾ ਕਿ ਉਹ ਜਨਤਾ ਦੀ ਸੇਵਾ ਕਰਨਾ ਚਾਹੁੰਦੇ ਹਨ ਅਤੇ ਨਹੀਂ ਚਾਹੁੰਦੇ ਕਿ ਸ਼ਹਿਰਾਂ ਵਿੱਚ ਗੰਦਗੀ ਵਧੇ ਜਾਂ ਬਿਮਾਰੀਆਂ ਫੈਲਣ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments