Home ਹਰਿਆਣਾ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਨਾਇਬ ਸਿੰਘ ਸੈਣੀ

ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਨਾਇਬ ਸਿੰਘ ਸੈਣੀ

0

ਅੰਮ੍ਰਿਤਸਰ: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਨੇ ਗੁਰੂ ਘਰ ਵਿਖੇ ਮੱਥਾ ਟੇਕ ਕੇ ਸਰਬੱਤ ਦੇ ਭਲੇ, ਦੇਸ਼ ਅਤੇ ਹਰਿਆਣਾ ਦੀ ਖ਼ੁਸ਼ਹਾਲੀ, ਸ਼ਾਂਤੀ ਤੇ ਤਰੱਕੀ ਲਈ ਅਰਦਾਸ ਕੀਤੀ।

ਕੇਸਰੀ ਦਸਤਾਰ ਸਜਾ ਕੇ ਗੁਰੂ ਘਰ ਪਹੁੰਚੇ ਮੁੱਖ ਮੰਤਰੀ ਨੇ ਪੂਰੀ ਸ਼ਰਧਾ ਨਾਲ ਗੁਰੂ ਚਰਨਾਂ ਵਿੱਚ ਸੀਸ ਨਿਵਾਇਆ। ਦਰਸ਼ਨ ਕਰਨ ਉਪਰੰਤ ਉਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕੀਤੀ ਅਤੇ ਪੰਜਾਬ, ਹਰਿਆਣਾ ਸਮੇਤ ਦੇਸ਼ ਭਰ ਦੀ ਸੰਗਤ ਨੂੰ ਗੁਰਪੁਰਬ ਦੀਆਂ ਵਧਾਈਆਂ ਦਿੱਤੀਆਂ।

ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਦਾ ਕੀਤਾ ਜ਼ਿਕਰ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆ ਕੇ ਮਨ ਨੂੰ ਅਥਾਹ ਸ਼ਾਂਤੀ ਅਤੇ ਨਵੀਂ ਊਰਜਾ ਮਿਲਦੀ ਹੈ। ਉਨ੍ਹਾਂ ਨੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਗੁਰੂ ਸਾਹਿਬ ਦਾ ‘ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ’ ਦਾ ਸੰਦੇਸ਼ ਸਮੁੱਚੀ ਮਨੁੱਖਤਾ ਲਈ ਪ੍ਰੇਰਨਾ ਦਾ ਸਰੋਤ ਹੈ।

ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਇਮਾਨਦਾਰੀ ਨਾਲ ਮਿਹਨਤ ਕਰਨ, ਪਰਮਾਤਮਾ ਦਾ ਨਾਮ ਸਿਮਰਨ ਕਰਨ ਅਤੇ ਮਿਲ-ਵੰਡ ਕੇ ਛਕਣ ਦਾ ਜੋ ਰਸਤਾ ਦਿਖਾਇਆ ਹੈ, ਉਹ ਅੱਜ ਵੀ ਸਮਾਜ ਨੂੰ ਸਹੀ ਦਿਸ਼ਾ ਪ੍ਰਦਾਨ ਕਰਦਾ ਹੈ।

ਲੋਕ ਭਲਾਈ ਲਈ ਗੁਰੂ ਸਾਹਿਬ ਦੇ ਸਿਧਾਂਤਾਂ ‘ਤੇ ਚੱਲਣ ਦੀ ਗੱਲ

ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਰਿਆਣਾ ਸਰਕਾਰ ਵੀ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਅਤੇ ਸਿਧਾਂਤਾਂ ਤੋਂ ਪ੍ਰੇਰਨਾ ਲੈ ਕੇ ਲੋਕ ਭਲਾਈ ਅਤੇ ਸਮਾਜ ਦੇ ਹਰ ਵਰਗ ਦੀ ਤਰੱਕੀ ਲਈ ਕੰਮ ਕਰ ਰਹੀ ਹੈ।

ਇਸ ਮੌਕੇ ਉਨ੍ਹਾਂ ਨੇ ਸੰਗਤ ਨੂੰ ਅਪੀਲ ਕੀਤੀ ਕਿ ਗੁਰੂ ਸਾਹਿਬ ਵੱਲੋਂ ਦਰਸਾਏ ਮਾਰਗ ‘ਤੇ ਚੱਲਦਿਆਂ ਆਪਸੀ ਭਾਈਚਾਰੇ, ਸੇਵਾ ਅਤੇ ਮਨੁੱਖਤਾ ਦੇ ਮੁੱਲਾਂ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਇਆ ਜਾਵੇ।

NO COMMENTS

LEAVE A REPLY

Please enter your comment!
Please enter your name here

Exit mobile version