Home ਦੇਸ਼ ਐਨ.ਡੀ.ਏ ਨੇ ਉਪ-ਰਾਸ਼ਟਰਪਤੀ ਦੇ ਅਹੁਦੇ ਲਈ ਮਹਾਰਾਸ਼ਟਰ ਦੇ ਰਾਜਪਾਲ ਸੀ.ਪੀ. ਰਾਧਾਕ੍ਰਿਸ਼ਨਨ ਨੂੰ...

ਐਨ.ਡੀ.ਏ ਨੇ ਉਪ-ਰਾਸ਼ਟਰਪਤੀ ਦੇ ਅਹੁਦੇ ਲਈ ਮਹਾਰਾਸ਼ਟਰ ਦੇ ਰਾਜਪਾਲ ਸੀ.ਪੀ. ਰਾਧਾਕ੍ਰਿਸ਼ਨਨ ਨੂੰ ਉਮੀਦਵਾਰ ਐਲਾਨਿਆ

0

ਨਵੀਂ ਦਿੱਲੀ : ਮਹਾਰਾਸ਼ਟਰ ਦੇ ਰਾਜਪਾਲ ਸੀ.ਪੀ. ਰਾਧਾਕ੍ਰਿਸ਼ਨਨ ਨੂੰ ਐਨ.ਡੀ.ਏ ਨੇ ਉਪ-ਰਾਸ਼ਟਰਪਤੀ ਦੇ ਅਹੁਦੇ ਦਾ ਉਮੀਦਵਾਰ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਉਨ੍ਹਾਂ ਨੂੰ ਇਸ ਮੌਕੇ ‘ਤੇ ਵਧਾਈ ਦਿੱਤੀ। ਇਸ ਬਾਰੇ ਹੋਰ ਆਗੂਆਂ ਵੱਲੋਂ ਵੀ ਰਾਧਾਕ੍ਰਿਸ਼ਨਨ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਜਾ ਰਹੀਆਂ ਹਨ। ਪੀ.ਐਮ ਮੋਦੀ ਨੇ ਐਕਸ ‘ਤੇ ਪੋਸਟ ਕੀਤਾ ਅਤੇ ਕਿਹਾ ਕਿ ਆਪਣੇ ਲੰਬੇ ਜਨਤਕ ਜੀਵਨ ਵਿੱਚ ਸੀ.ਪੀ ਰਾਧਾਕ੍ਰਿਸ਼ਨਨ ਨੇ ਆਪਣੀ ਲਗਨ, ਨਿਮਰਤਾ ਅਤੇ ਬੁੱਧੀਮੱਤਾ ਨਾਲ ਆਪਣੀ ਵਿਸ਼ੇਸ਼ ਪਛਾਣ ਬਣਾਈ ਹੈ। ਵੱਖ-ਵੱਖ ਅਹੁਦਿਆਂ ‘ਤੇ ਰਹਿੰਦਿਆਂ ਉਨ੍ਹਾਂ ਨੇ ਹਮੇਸ਼ਾ ਸਮਾਜਿਕ ਸੇਵਾ ਅਤੇ ਗਰੀਬ ਲੋਕਾਂ ਦੇ  ਸਸ਼ਕਤੀਕਰਣ ‘ਤੇ ਧਿਆਨ ਕੇਂਦਰਿਤ ਕੀਤਾ ਹੈ।

ਉਨ੍ਹਾਂ ਨੇ ਤਾਮਿਲਨਾਡੂ ਵਿੱਚ ਜ਼ਮੀਨੀ ਪੱਧਰ ‘ਤੇ ਵਿਆਪਕ ਕੰਮ ਕੀਤਾ ਹੈ। ਮੈਨੂੰ ਖੁਸ਼ੀ ਹੈ ਕਿ ਐਨ.ਡੀ.ਏ ਪਰਿਵਾਰ ਨੇ ਉਨ੍ਹਾਂ ਨੂੰ ਸਾਡੇ ਗਠਜੋੜ ਦੇ ਉਪ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਵਜੋਂ ਨਾਮਜ਼ਦ ਕਰਨ ਦਾ ਫੈਸਲਾ ਲਿਆ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ‘ਐਕਸ’ ਪੋਸਟ ਵਿੱਚ ਕਿਹਾ ਕਿ ਉਪ ਰਾਸ਼ਟਰਪਤੀ ਚੋਣ ਲਈ ਐਨ.ਡੀ.ਏ ਦੇ ਉਮੀਦਵਾਰ ਵਜੋਂ ਨਾਮਜ਼ਦ ਹੋਣ ‘ਤੇ ਮਹਾਰਾਸ਼ਟਰ ਦੇ ਰਾਜਪਾਲ ਸੀ.ਪੀ. ਰਾਧਾਕ੍ਰਿਸ਼ਨਨ ਨੂੰ ਵਧਾਈ। ਇੱਕ ਸੰਸਦ ਮੈਂਬਰ ਅਤੇ ਵੱਖ-ਵੱਖ ਰਾਜਾਂ ਦੇ ਰਾਜਪਾਲ ਵਜੋਂ ਤੁਹਾਡੀਆਂ ਭੂਮਿਕਾਵਾਂ ਨੇ ਸੰਵਿਧਾਨਕ ਫਰਜ਼ਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਿਭਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਮੈਨੂੰ ਵਿਸ਼ਵਾਸ ਹੈ ਕਿ ਤੁਹਾਡਾ ਵਿਸ਼ਾਲ ਤਜਰਬਾ ਅਤੇ ਗਿਆਨ ਉੱਚ ਸਦਨ ਦੀ ਪ੍ਰਤਿਸ਼ਠਾ ਨੂੰ ਵਧਾਏਗਾ ਅਤੇ ਨਵੀਆਂ ਪ੍ਰਾਪਤੀਆਂ ਹਾਸਲ ਕਰੇਗਾ। ਇਸ ਫੈਸਲੇ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਸੰਸਦੀ ਬੋਰਡ ਦੇ ਸਾਰੇ ਮੈਂਬਰਾਂ ਦਾ ਧੰਨਵਾਦ।

ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਉਪ ਰਾਸ਼ਟਰਪਤੀ ਅਹੁਦੇ ਲਈ ਐਨ.ਡੀ.ਏ ਉਮੀਦਵਾਰ ਐਲਾਨੇ ਜਾਣ ‘ਤੇ ਸੀ.ਪੀ ਰਾਧਾਕ੍ਰਿਸ਼ਨਨ ਨੂੰ ਵਧਾਈ। ਇਸ ਵੇਲੇ ਉਹ ਮਹਾਰਾਸ਼ਟਰ ਦੇ ਰਾਜਪਾਲ ਹਨ, ਇਸ ਤੋਂ ਪਹਿਲਾਂ ਉਹ ਝਾਰਖੰਡ ਦੇ  ਰਾਜਪਾਲ ਰਹਿ ਚੁੱਕੇ ਹਨ। ਇਸ ਤੋਂ ਇਲਾਵਾ, ਉਹ ਲੋਕ ਸਭਾ ਵਿੱਚ ਸੰਸਦ ਮੈਂਬਰ ਵੀ ਰਹਿ ਚੁੱਕੇ ਹਨ। ਇਸ ਦੇ ਨਾਲ ਹੀ, ਤੇਲਗੂ ਦੇਸ਼ਮ ਪਾਰਟੀ (ਟੀ.ਡੀ.ਪੀ) ਦੇ ਪ੍ਰਧਾਨ ਅਤੇ ਮੁੱਖ ਮੰਤਰੀ ਐਨ ਚੰਦਰਬਾਬੂ ਨਾਇਡੂ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਪੋਸਟ ਕੀਤਾ ਅਤੇ ਕਿਹਾ ਕਿ ਸੀ.ਪੀ ਰਾਧਾਕ੍ਰਿਸ਼ਨਨ ਨੂੰ ਐਨ.ਡੀ.ਏ ਦਾ ਉਪ ਰਾਸ਼ਟਰਪਤੀ ਉਮੀਦਵਾਰ ਐਲਾਨੇ ਜਾਣ ‘ਤੇ ਵਧਾਈਆਂ। ਇੱਕ ਸੀਨੀਅਰ ਸਿਆਸਤਦਾਨ ਅਤੇ ਸਤਿਕਾਰਤ ਨੇਤਾ ਦੇ ਤੌਰ ‘ਤੇ, ਉਨ੍ਹਾਂ ਨੇ ਲੰਬੇ ਸਮੇਂ ਤੱਕ ਦੇਸ਼ ਦੀ ਸੇਵਾ ਕੀਤੀ ਹੈ। ਤੇਲਗੂ ਦੇਸ਼ਮ ਪਾਰਟੀ ਉਨ੍ਹਾਂ ਦੀ ਨਾਮਜ਼ਦਗੀ ਦਾ ਦਿਲੋਂ ਸਵਾਗਤ ਕਰਦੀ ਹੈ ਅਤੇ ਆਪਣਾ ਪੂਰਾ ਸਮਰਥਨ ਪ੍ਰਗਟ ਕਰਦੀ ਹੈ।

NO COMMENTS

LEAVE A REPLY

Please enter your comment!
Please enter your name here

Exit mobile version