ਦਿੱਲੀ: ਦੇਸ਼ ਭਰ ਦੇ ਲੱਖਾਂ ਵਿਦਿਆਰਥੀਆਂ ਅਤੇ ਮਾਪਿਆਂ ਲਈ ਵੱਡੀ ਖ਼ਬਰ ਸਾਹਮਣੇ ਆਈ ਹੈ। ਪੇਪਰ ਲੀਕ ਦੇ ਗੰਭੀਰ ਦੋਸ਼ਾਂ ਵਿਚਕਾਰ ਨੈਸ਼ਨਲ ਟੈਸਟਿੰਗ ਏਜੰਸੀ (NTA) ਨੇ NEET-UG 2026 ਪ੍ਰੀਖਿਆ ਰੱਦ ਕਰਨ ਦਾ ਐਲਾਨ ਕਰ ਦਿੱਤਾ ਹੈ। ਇਹ ਪ੍ਰੀਖਿਆ 3 ਮਈ ਨੂੰ ਦੇਸ਼ ਭਰ ਦੇ ਵੱਖ-ਵੱਖ ਕੇਂਦਰਾਂ ‘ਤੇ ਕਰਵਾਈ ਗਈ ਸੀ, ਜਿਸ ਵਿੱਚ ਲਗਭਗ 2.279 ਮਿਲੀਅਨ, ਯਾਨੀ 22 ਲੱਖ ਤੋਂ ਵੱਧ ਵਿਦਿਆਰਥੀਆਂ ਨੇ ਹਿੱਸਾ ਲਿਆ ਸੀ।
NTA ਵੱਲੋਂ ਜਾਰੀ ਕੀਤੇ ਗਏ ਬਿਆਨ ਵਿੱਚ ਕਿਹਾ ਗਿਆ ਹੈ ਕਿ ਪੇਪਰ ਲੀਕ ਨਾਲ ਜੁੜੀਆਂ ਸ਼ਿਕਾਇਤਾਂ ਅਤੇ ਜਾਂਚ ਏਜੰਸੀਆਂ ਵੱਲੋਂ ਮਿਲ ਰਹੀ ਜਾਣਕਾਰੀ ਨੂੰ ਧਿਆਨ ਵਿੱਚ ਰੱਖਦੇ ਹੋਏ ਪ੍ਰੀਖਿਆ ਨੂੰ ਰੱਦ ਕਰਨ ਦਾ ਫ਼ੈਸਲਾ ਲਿਆ ਗਿਆ ਹੈ। ਏਜੰਸੀ ਨੇ ਇਹ ਵੀ ਸਪਸ਼ਟ ਕੀਤਾ ਕਿ ਵਿਦਿਆਰਥੀਆਂ ਦੇ ਹਿੱਤਾਂ ਨੂੰ ਸਭ ਤੋਂ ਉੱਪਰ ਰੱਖਦਿਆਂ ਹੁਣ ਪ੍ਰੀਖਿਆ ਦੁਬਾਰਾ ਕਰਵਾਈ ਜਾਵੇਗੀ। ਨਵੀਂ ਪ੍ਰੀਖਿਆ ਦੀ ਤਾਰੀਖ਼ ਦਾ ਐਲਾਨ ਜਲਦ ਕੀਤਾ ਜਾਵੇਗਾ।
ਇਸ ਮਾਮਲੇ ਵਿੱਚ ਕੇਂਦਰੀ ਜਾਂਚ ਬਿਊਰੋ (CBI) ਵੱਲੋਂ ਜਾਂਚ ਨੂੰ ਤੇਜ਼ ਕਰ ਦਿੱਤਾ ਗਿਆ ਹੈ। ਜਾਂਚ ਏਜੰਸੀਆਂ ਕਈ ਰਾਜਾਂ ਵਿੱਚ ਛਾਪੇਮਾਰੀ ਕਰ ਰਹੀਆਂ ਹਨ ਅਤੇ ਪੇਪਰ ਲੀਕ ਨਾਲ ਜੁੜੇ ਸ਼ੱਕੀ ਲੋਕਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਸੂਤਰਾਂ ਮੁਤਾਬਕ ਕੁਝ ਗਿਰੋਹਾਂ ਦੇ ਨਾਂ ਵੀ ਸਾਹਮਣੇ ਆਏ ਹਨ, ਜੋ ਪ੍ਰੀਖਿਆ ਤੋਂ ਪਹਿਲਾਂ ਪੇਪਰ ਵੇਚਣ ਦੇ ਦੋਸ਼ਾਂ ਹੇਠ ਜਾਂਚ ਦੇ ਘੇਰੇ ਵਿੱਚ ਹਨ।
ਇਸ ਦੇ ਨਾਲ ਹੀ ਕੇਂਦਰੀ ਸਿੱਖਿਆ ਮੰਤਰੀ ‘ਤੇ ਵੀ ਸਵਾਲ ਖੜ੍ਹੇ ਹੋ ਰਹੇ ਹਨ। ਮੰਗਲਵਾਰ ਨੂੰ ਮੀਡੀਆ ਵੱਲੋਂ ਮਾਮਲੇ ਸਬੰਧੀ ਪੁੱਛੇ ਗਏ ਸਵਾਲਾਂ ਦਾ ਜਵਾਬ ਦਿੱਤੇ ਬਿਨਾਂ ਹੀ ਸਿੱਖਿਆ ਮੰਤਰੀ ਮੌਕੇ ਤੋਂ ਚਲੇ ਗਏ। ਵਿਰੋਧੀ ਧਿਰਾਂ ਨੇ ਇਸ ਮਾਮਲੇ ਨੂੰ ਲੈ ਕੇ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ ਅਤੇ ਪ੍ਰੀਖਿਆ ਪ੍ਰਣਾਲੀ ਦੀ ਭਰੋਸੇਯੋਗਤਾ ‘ਤੇ ਸਵਾਲ ਚੁੱਕੇ ਹਨ।
ਵਿਦਿਆਰਥੀਆਂ ਅਤੇ ਮਾਪਿਆਂ ਵਿੱਚ ਇਸ ਫ਼ੈਸਲੇ ਕਾਰਨ ਚਿੰਤਾ ਅਤੇ ਨਿਰਾਸ਼ਾ ਦਾ ਮਾਹੌਲ ਹੈ। ਕਈ ਵਿਦਿਆਰਥੀਆਂ ਨੇ ਸਾਲਾਂ ਦੀ ਮਿਹਨਤ ਤੋਂ ਬਾਅਦ ਪ੍ਰੀਖਿਆ ਦਿੱਤੀ ਸੀ ਅਤੇ ਹੁਣ ਦੁਬਾਰਾ ਪ੍ਰੀਖਿਆ ਦੀ ਤਿਆਰੀ ਨੂੰ ਲੈ ਕੇ ਉਹ ਤਣਾਅ ਵਿੱਚ ਹਨ। ਸੋਸ਼ਲ ਮੀਡੀਆ ‘ਤੇ ਵੀ ਵਿਦਿਆਰਥੀਆਂ ਵੱਲੋਂ ਪ੍ਰੀਖਿਆ ਪ੍ਰਣਾਲੀ ਵਿੱਚ ਪਾਰਦਰਸ਼ਤਾ ਅਤੇ ਸਖ਼ਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ।
ਹੁਣ ਸਭ ਦੀ ਨਜ਼ਰ NTA ਵੱਲੋਂ ਐਲਾਨੀ ਜਾਣ ਵਾਲੀ ਨਵੀਂ ਤਾਰੀਖ਼ ਅਤੇ CBI ਜਾਂਚ ਦੇ ਨਤੀਜਿਆਂ ‘ਤੇ ਟਿਕੀ ਹੋਈ ਹੈ।











