ਕਾਠਮੰਡੂ: ਨੇਪਾਲ ਵਿੱਚ ਆਏ ਵਿਨਾਸ਼ਕਾਰੀ ਹੜ੍ਹਾਂ ਤੋਂ ਬਾਅਦ ਤਬਾਹੀ ਦਾ ਮੰਜ਼ਰ ਹੋਰ ਗੰਭੀਰ ਹੁੰਦਾ ਜਾ ਰਿਹਾ ਹੈ। ਦੇਸ਼ ਦੇ ਵੱਖ-ਵੱਖ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚੋਂ 359 ਲਾਸ਼ਾਂ ਬਰਾਮਦ ਕੀਤੀਆਂ ਜਾ ਚੁੱਕੀਆਂ ਹਨ। ਹੜ੍ਹਾਂ ਅਤੇ ਇਸ ਤੋਂ ਬਾਅਦ ਪੈਦਾ ਹੋਈ ਤਬਾਹੀ ਕਾਰਨ ਵੱਡੀ ਗਿਣਤੀ ਵਿੱਚ ਲੋਕ ਲਾਪਤਾ ਹਨ ਅਤੇ ਉਨ੍ਹਾਂ ਦੀ ਭਾਲ ਲਈ ਬਚਾਅ ਮੁਹਿੰਮ ਲਗਾਤਾਰ ਜਾਰੀ ਹੈ।
ਜ਼ਿਲ੍ਹੇ ਵਿੱਚ ਸਭ ਤੋਂ ਵੱਧ 132 ਲਾਸ਼ਾਂ ਬਰਾਮਦ ਹੋਈਆਂ ਹਨ। ਹੜ੍ਹਾਂ ਕਾਰਨ ਕਈ ਇਲਾਕਿਆਂ ਵਿੱਚ ਆਵਾਜਾਈ ਅਤੇ ਸੰਚਾਰ ਪ੍ਰਣਾਲੀ ਪ੍ਰਭਾਵਿਤ ਹੋਈ ਹੈ, ਜਿਸ ਕਾਰਨ ਬਚਾਅ ਟੀਮਾਂ ਨੂੰ ਲਾਪਤਾ ਲੋਕਾਂ ਤੱਕ ਪਹੁੰਚਣ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਜਾਣਕਾਰੀ ਅਨੁਸਾਰ ਲਗਭਗ 1,500 ਲੋਕਾਂ ਦੀ ਭਾਲ ਅਜੇ ਵੀ ਕੀਤੀ ਜਾ ਰਹੀ ਹੈ। ਇਨ੍ਹਾਂ ਵਿੱਚ 288 ਭਾਰਤੀ ਨਾਗਰਿਕ ਵੀ ਸ਼ਾਮਲ ਹਨ। ਇਸ ਦੌਰਾਨ 21 ਭਾਰਤੀ ਨਾਗਰਿਕਾਂ ਨੂੰ ਸੁਰੱਖਿਅਤ ਬਚਾ ਲਿਆ ਗਿਆ ਹੈ। ਬਚਾਏ ਗਏ ਲੋਕਾਂ ਵਿੱਚੋਂ 11 ਦੀ ਪਛਾਣ ਹੋ ਚੁੱਕੀ ਹੈ, ਜਦਕਿ ਬਾਕੀ ਲੋਕਾਂ ਦੀ ਪਛਾਣ ਦੀ ਪ੍ਰਕਿਰਿਆ ਜਾਰੀ ਹੈ।
ਇਸ ਦਰਮਿਆਨ ਨੇਪਾਲ ਪ੍ਰਸ਼ਾਸਨ ਨੇ ਭੋਟੇਕੋਸ਼ੀ ਨਦੀ ਨੂੰ ਲੈ ਕੇ ਇੱਕ ਹੋਰ ਗੰਭੀਰ ਚੇਤਾਵਨੀ ਜਾਰੀ ਕੀਤੀ ਹੈ। ਅਧਿਕਾਰੀਆਂ ਨੇ ਨਦੀ ਵਿੱਚ ਮੁੜ ਹੜ੍ਹ ਆਉਣ ਦੇ ਖ਼ਤਰੇ ਬਾਰੇ ਲੋਕਾਂ ਨੂੰ ਸੁਚੇਤ ਕੀਤਾ ਹੈ। ਪ੍ਰਸ਼ਾਸਨ ਵੱਲੋਂ ਖ਼ਾਸ ਤੌਰ ’ਤੇ ਨਦੀ ਦੇ ਹੇਠਲੇ ਇਲਾਕਿਆਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਸਾਵਧਾਨ ਰਹਿਣ ਲਈ ਕਿਹਾ ਗਿਆ ਹੈ।
ਚੀਨ ਤੋਂ ਪ੍ਰਾਪਤ ਸੈਟੇਲਾਈਟ ਤਸਵੀਰਾਂ ਨੇ ਹੜ੍ਹ ਪ੍ਰਭਾਵਿਤ ਖੇਤਰ ਵਿੱਚ ਨਦੀ ਦਾ ਪਾਣੀ ਰੁਕਣ ਕਾਰਨ ਇੱਕ ਝੀਲ ਬਣਨ ਦਾ ਸੰਕੇਤ ਦਿੱਤਾ ਹੈ। ਜਾਣਕਾਰੀ ਮੁਤਾਬਕ ਇਹ ਝੀਲ ਲਗਾਤਾਰ ਉੱਪਰ ਵੱਲ ਵਧ ਰਹੀ ਹੈ। ਜੇਕਰ ਪਾਣੀ ਦਾ ਦਬਾਅ ਵਧਣ ਕਾਰਨ ਇਹ ਝੀਲ ਟੁੱਟ ਜਾਂਦੀ ਹੈ ਤਾਂ ਭੋਟੇਕੋਸ਼ੀ ਨਦੀ ਦੇ ਹੇਠਲੇ ਇਲਾਕਿਆਂ ਵਿੱਚ ਅਚਾਨਕ ਤੇਜ਼ ਹੜ੍ਹ ਆ ਸਕਦਾ ਹੈ।











