Homeਪੰਜਾਬ10ਵੀਂ ਦੇ ਵਿਦਿਆਰਥੀਆਂ ਲਈ ਨਵੀਂ ਸ਼ਰਤ ਬਣੀ ਮੁਸੀਬਤ

10ਵੀਂ ਦੇ ਵਿਦਿਆਰਥੀਆਂ ਲਈ ਨਵੀਂ ਸ਼ਰਤ ਬਣੀ ਮੁਸੀਬਤ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ 10ਵੀਂ ਜਮਾਤ ਦੇ ਵਿਦਿਆਰਥੀਆਂ ਲਈ ਜਾਰੀ ਕੀਤੇ ਨਵੇਂ ਹੁਕਮ ਨੇ ਵਿਦਿਆਰਥੀਆਂ, ਮਾਪਿਆਂ ਅਤੇ ਸਕੂਲ ਪ੍ਰਬੰਧਕਾਂ ਦੀ ਚਿੰਤਾ ਵਧਾ ਦਿੱਤੀ ਹੈ। ਬੋਰਡ ਨੇ ਸੈਸ਼ਨ 2026-27 ਲਈ 10ਵੀਂ ਜਮਾਤ ਦੀ ਪ੍ਰੀਖਿਆ ਅਤੇ ਦਾਖ਼ਲੇ ਨਾਲ ਜੁੜੀ ਪ੍ਰਕਿਰਿਆ ਤਹਿਤ ਡਿਜੀਟਲ ਜਨਮ ਸਰਟੀਫਿਕੇਟ ਲਾਜ਼ਮੀ ਕਰ ਦਿੱਤਾ ਹੈ।

ਜਾਰੀ ਹਦਾਇਤਾਂ ਅਨੁਸਾਰ ਸਕੂਲਾਂ ਨੂੰ 30 ਨਵੰਬਰ ਤੱਕ ਸਬੰਧਤ ਵਿਦਿਆਰਥੀਆਂ ਦੇ ਰਜਿਸਟਰਾਰ ਜਨਮ ਤੇ ਮੌਤ ਵੱਲੋਂ ਜਾਰੀ ਡਿਜੀਟਲ ਜਨਮ ਸਰਟੀਫਿਕੇਟ ਬੋਰਡ ਦੀ ਵੈੱਬਸਾਈਟ ’ਤੇ ਅਪਲੋਡ ਕਰਨੇ ਪੈਣਗੇ। ਬੋਰਡ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਨਿਰਧਾਰਤ ਸਮੇਂ ਤੱਕ ਸਰਟੀਫਿਕੇਟ ਅਪਲੋਡ ਨਹੀਂ ਕੀਤਾ ਜਾਂਦਾ ਤਾਂ ਵਿਦਿਆਰਥੀ ਦੀ 10ਵੀਂ ਜਮਾਤ ਦੀ ਫਾਈਨਲ ਮਾਰਕਸ਼ੀਟ ਅਤੇ ਸਰਟੀਫਿਕੇਟ ’ਤੇ ਜਨਮ ਮਿਤੀ ਦਰਜ ਨਹੀਂ ਕੀਤੀ ਜਾਵੇਗੀ।

ਇਹ ਨਿਯਮ ਪੰਜਾਬ ਵਿੱਚ ਜਨਮੇ ਵਿਦਿਆਰਥੀਆਂ ਲਈ ਲਾਗੂ ਕੀਤਾ ਗਿਆ ਹੈ। ਜਦਕਿ ਦੂਜੇ ਸੂਬਿਆਂ ਤੋਂ ਆ ਕੇ ਪੰਜਾਬ ਦੇ ਸਕੂਲਾਂ ਵਿੱਚ ਪੜ੍ਹਾਈ ਕਰ ਰਹੇ ਵਿਦਿਆਰਥੀਆਂ ਨੂੰ ਇਸ ਸ਼ਰਤ ਤੋਂ ਛੋਟ ਦਿੱਤੀ ਗਈ ਹੈ। ਬੋਰਡ ਦੇ ਇਸ ਫੈਸਲੇ ਤੋਂ ਬਾਅਦ ਪ੍ਰਾਈਵੇਟ ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਪ੍ਰਬੰਧਕਾਂ ਨੇ ਇਸ ’ਤੇ ਇਤਰਾਜ਼ ਜਤਾਇਆ ਹੈ।

ਸਕੂਲ ਪ੍ਰਬੰਧਕਾਂ ਦਾ ਤਰਕ ਹੈ ਕਿ ਜਦੋਂ ਬੋਰਡ ਵੱਲੋਂ ਪਹਿਲਾਂ ਹੀ ਪੰਜਵੀਂ ਅਤੇ ਅੱਠਵੀਂ ਜਮਾਤ ਦੀਆਂ ਮਾਰਕਸ਼ੀਟਾਂ ਵਿੱਚ ਵਿਦਿਆਰਥੀਆਂ ਦੀ ਜਨਮ ਮਿਤੀ ਦਰਜ ਕੀਤੀ ਜਾ ਚੁੱਕੀ ਹੈ ਤਾਂ ਫਿਰ ਦਸਵੀਂ ਜਮਾਤ ਵਿੱਚ ਨਵੀਂ ਸ਼ਰਤ ਲਾਗੂ ਕਰਨ ਦੀ ਕੀ ਲੋੜ ਹੈ?

ਉਨ੍ਹਾਂ ਦਾ ਕਹਿਣਾ ਹੈ ਕਿ ਬੋਰਡ ਕੋਲ ਵਿਦਿਆਰਥੀਆਂ ਦੀ ਜਨਮ ਮਿਤੀ ਦਾ ਰਿਕਾਰਡ ਪਹਿਲਾਂ ਤੋਂ ਮੌਜੂਦ ਹੈ। ਅਜਿਹੇ ਵਿੱਚ ਮੁੜ ਡਿਜੀਟਲ ਸਰਟੀਫਿਕੇਟ ਮੰਗਣ ਨਾਲ ਸਕੂਲਾਂ ਅਤੇ ਮਾਪਿਆਂ ਨੂੰ ਬੇਲੋੜੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਸਕੂਲ ਜਥੇਬੰਦੀਆਂ ਨੇ ਨਿਯਮ ਵਿੱਚ ਪੰਜਾਬ ਅਤੇ ਦੂਜੇ ਸੂਬਿਆਂ ਦੇ ਵਿਦਿਆਰਥੀਆਂ ਵਿਚਕਾਰ ਕੀਤੇ ਗਏ ਫਰਕ ’ਤੇ ਵੀ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਪੰਜਾਬ ਵਿੱਚ ਜਨਮੇ ਬੱਚਿਆਂ ਲਈ ਡਿਜੀਟਲ ਜਨਮ ਸਰਟੀਫਿਕੇਟ ਲਾਜ਼ਮੀ ਕੀਤਾ ਗਿਆ ਹੈ ਤਾਂ ਦੂਜੇ ਸੂਬਿਆਂ ਤੋਂ ਆ ਕੇ ਇੱਥੇ ਪੜ੍ਹ ਰਹੇ ਬੱਚਿਆਂ ਲਈ ਇਹ ਸ਼ਰਤ ਕਿਉਂ ਨਹੀਂ ਰੱਖੀ ਗਈ?

ਪ੍ਰਬੰਧਕਾਂ ਮੁਤਾਬਕ ਬੋਰਡ ਅਧਿਕਾਰੀਆਂ ਵੱਲੋਂ ਇਹ ਗੱਲ ਕਹੀ ਜਾ ਰਹੀ ਹੈ ਕਿ ਡਿਜੀਟਲ ਜਨਮ ਸਰਟੀਫਿਕੇਟ ਨਾ ਹੋਣ ਦੀ ਸੂਰਤ ਵਿੱਚ ਵਿਦਿਆਰਥੀ ਦੀ ਜਨਮ ਮਿਤੀ ਮਾਰਕਸ਼ੀਟ ’ਤੇ ਦਰਜ ਨਹੀਂ ਕੀਤੀ ਜਾਵੇਗੀ। ਇਸ ਕਾਰਨ ਇਹ ਸਵਾਲ ਵੀ ਉੱਠ ਰਿਹਾ ਹੈ ਕਿ ਛੋਟ ਪ੍ਰਾਪਤ ਦੂਜੇ ਸੂਬਿਆਂ ਦੇ ਵਿਦਿਆਰਥੀਆਂ ਦੀ ਜਨਮ ਮਿਤੀ ਕਿਸ ਆਧਾਰ ’ਤੇ ਦਰਜ ਕੀਤੀ ਜਾਵੇਗੀ।

ਸਕੂਲ ਜਥੇਬੰਦੀਆਂ ਨੇ ਬੋਰਡ ਤੋਂ ਇਸ ਫੈਸਲੇ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਮੌਜੂਦਾ ਸਮੇਂ ਦਸਵੀਂ ਜਮਾਤ ਵਿੱਚ ਪੜ੍ਹ ਰਹੇ ਬੱਚਿਆਂ ਦੀਆਂ ਪੰਜਵੀਂ ਅਤੇ ਅੱਠਵੀਂ ਜਮਾਤ ਦੀਆਂ ਮਾਰਕਸ਼ੀਟਾਂ ’ਤੇ ਬੋਰਡ ਪਹਿਲਾਂ ਹੀ ਜਨਮ ਮਿਤੀ ਦਰਜ ਕਰ ਚੁੱਕਾ ਹੈ। ਇਸ ਦੇ ਬਾਵਜੂਦ ਪੁਰਾਣੇ ਰਿਕਾਰਡ ਨੂੰ ਅਣਡਿੱਠਾ ਕਰਕੇ ਨਵੀਂ ਸ਼ਰਤ ਲਗਾਉਣਾ ਵਿਦਿਆਰਥੀਆਂ ਲਈ ਪਰੇਸ਼ਾਨੀ ਦਾ ਕਾਰਨ ਬਣ ਸਕਦਾ ਹੈ।

ਸਕੂਲ ਪ੍ਰਬੰਧਕਾਂ ਨੇ ਇਹ ਵੀ ਦੱਸਿਆ ਕਿ ਦਸਵੀਂ ਜਮਾਤ ਦੇ ਪ੍ਰੀਖਿਆ ਫਾਰਮ ਭਰਨ ਸਮੇਂ ਵਿਦਿਆਰਥੀਆਂ ਦੇ ਜਨਮ ਸਰਟੀਫਿਕੇਟ ਪਹਿਲਾਂ ਹੀ ਜਮ੍ਹਾਂ ਕਰਵਾਏ ਜਾ ਚੁੱਕੇ ਹਨ। ਇਸ ਲਈ ਹੁਣ ਸਿਰਫ਼ ਡਿਜੀਟਲ ਸਰਟੀਫਿਕੇਟ ਦੀ ਮੰਗ ਕਰਨਾ ਉਨ੍ਹਾਂ ਨੂੰ ਵਾਜਬ ਨਹੀਂ ਲੱਗ ਰਿਹਾ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments