ਚੰਡੀਗੜ੍ਹ : ਪੰਜਾਬ ਅਤੇ ਚੰਡੀਗੜ੍ਹ ਦੇ ਮੌਸਮ ਨੂੰ ਲੈ ਕੇ ਨਵੀਂ ਅਪਡੇਟ ਸਾਹਮਣੇ ਆਈ ਹੈ। ਮੌਸਮ ਵਿਭਾਗ ਨੇ 19 ਅਗਸਤ ਤੱਕ ਸੂਬੇ ਦੇ ਕਈ ਹਿੱਸਿਆਂ ਲਈ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ। ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਨੇ ਪੰਜਾਬ ਦੇ ਲਈ ਯੈਲੋ ਅਲਰਟ ਜਾਰੀ ਕੀਤਾ ਹੈ, ਜਦੋਂ ਕਿ ਚੰਡੀਗੜ੍ਹ, ਮੋਹਾਲੀ, ਪੰਚਕੂਲਾ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਵਿਭਾਗ ਨੇ ਲੋਕਾਂ ਨੂੰ ਗਰਜ-ਤੂਫਾਨ ਅਤੇ ਤੇਜ਼ ਹਵਾਵਾਂ ਦੇ ਦੌਰਾਨ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਹੈ।
ਕਈ ਜ਼ਿਲ੍ਹਿਆਂ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਦੀ ਸੰਭਾਵਨਾ
ਮੌਸਮ ਵਿਭਾਗ ਅਨੁਸਾਰ ਅੱਜ ਚੰਡੀਗੜ੍ਹ, ਮੋਹਾਲੀ, ਪੰਚਕੂਲਾ ਅਤੇ ਆਸ ਪਾਸ ਦੇ ਇਲਾਕਿਆਂ ਵਿੱਚ ਗਰਜ ਨਾਲ ਦਰਮਿਆਨਾ ਮੀਂਹ ਪੈ ਸਕਦਾ ਹੈ। ਹੈ। ਇਸ ਦੌਰਾਨ ਗੁਰਦਾਸਪੁਰ, ਪਠਾਨਕੋਟ, ਬਟਾਲਾ, ਅਜਨਾਲਾ ਅਤੇ ਡੇਰਾ ਬਾਬਾ ਨਾਨਕ ਸਮੇਤ ਕਈ ਇਲਾਕਿਆਂ ਵਿੱਚ ਭਾਰੀ ਮੀਂਹ, ਬਿਜਲੀ ਡਿੱਗਣ ਅਤੇ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
ਜਲੰਧਰ, ਅੰਮ੍ਰਿਤਸਰ, ਕਪੂਰਥਲਾ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਬਿਜਲੀ ਡਿੱਗਣ ਅਤੇ ਤੇਜ਼ ਹਵਾਵਾਂ ਦੇ ਨਾਲ ਦਰਮਿਆਨਾ ਮੀਂਹ ਪੈ ਸਕਦਾ ਹੈ। ਇਸ ਦੌਰਾਨ, ਪਟਿਆਲਾ, ਰਾਜਪੁਰਾ ਅਤੇ ਲੁਧਿਆਣਾ ਸਮੇਤ ਕਈ ਇਲਾਕਿਆਂ ਵਿੱਚ ਹਲਕਾ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਤੂਫਾਨ ਦੀਆਂ ਗਤੀਵਿਧੀਆਂ ਦੇ ਦੌਰਾਨ ਸੁਰੱਖਿਅਤ ਥਾਵਾਂ ‘ਤੇ ਰਹਿਣ ਅਤੇ ਦਰੱਖਤਾਂ ਹੇਠ ਖੜ੍ਹੇ ਹੋਣ ਤੋਂ ਬਚਣ।
ਅਗਲੇ ਤਿੰਨ ਦਿਨਾਂ ਦਾ ਮੌਸਮ
- 15 ਅਗਸਤ ਨੂੰ ਪਠਾਨਕੋਟ ਅਤੇ ਰੂਪਨਗਰ ਲਈ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ, ਜਦੋਂ ਕਿ ਪੰਜਾਬ ਦੇ ਹੋਰ ਜ਼ਿਲ੍ਹਿਆਂ ਵਿੱਚ ਹਲਕੇ ਤੋਂ ਦਰਮਿਆਨਾ ਮੀਂਹ ਪੈਣ ਦੀ ਸੰਭਾਵਨਾ ਹੈ।
- 16 ਅਗਸਤ ਨੂੰ ਪੰਜਾਬ ਦੇ ਲਗਭਗ ਸਾਰੇ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਪਠਾਨਕੋਟ ਵਿੱਚ ਕੁਝ ਥਾਵਾਂ ‘ਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
- 17 ਅਗਸਤ ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ ਅਤੇ ਮੋਹਾਲੀ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।
ਤਾਪਮਾਨ ਵਿੱਚ ਵੀ ਵਾਧਾ
ਮੀਂਹ ਦੀ ਚੇਤਾਵਨੀ ਦੇ ਵਿਚਕਾਰ, ਪੰਜਾਬ ਦਾ ਵੱਧ ਤੋਂ ਵੱਧ ਤਾਪਮਾਨ 0.7 ਡਿਗਰੀ ਸੈਲਸੀਅਸ ਵਧ ਗਿਆ, ਜੋ ਕਿ ਆਮ ਨਾਲੋਂ 2.7 ਡਿਗਰੀ ਵੱਧ ਹੈ। ਪਟਿਆਲਾ ਵਿੱਚ ਰਾਜ ਦਾ ਸਭ ਤੋਂ ਵੱਧ ਤਾਪਮਾਨ 37.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
