ਫਰੀਦਕੋਟ: ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਦੇ ਹੋਸਟਲ ਵਿੱਚ ਰਹਿੰਦਿਆਂ ਸ਼ੱਕੀ ਹਾਲਾਤਾਂ ਵਿੱਚ ਇੱਕ ਨਰਸਿੰਗ ਵਿਦਿਆਰਥਣ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਰਿਪੋਰਟਾਂ ਅਨੁਸਾਰ, ਵਿਦਿਆਰਥਣ ਨੇ ਅੱਜ , ਸ਼ਨੀਵਾਰ ਸਵੇਰੇ ਆਪਣੇ ਹੋਸਟਲ ਦੇ ਕਮਰੇ ਵਿੱਚ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।
ਮੌਕੇ ‘ਤੇ ਪਹੁੰਚੀ ਪੁਲਿਸ ਨੇ ਸ਼ੁਰੂ ਕੀਤੀ ਜਾਂਚ
ਘਟਨਾ ਦੀ ਜਾਣਕਾਰੀ ਮਿਲਣ ‘ਤੇ, ਹੋਸਟਲ ਪ੍ਰਬੰਧਨ ਨੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ। ਇਸ ਤੋਂ ਥੋੜ੍ਹੀ ਦੇਰ ਬਾਅਦ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕਾ ਦੀ ਪਛਾਣ ਅਮਨਪ੍ਰੀਤ ਕੌਰ ਵਜੋਂ ਹੋਈ ਹੈ, ਜੋ ਕਿ ਖਰੜ ਦੇ ਸ਼ਿਵਜੋਤ ਐਨਕਲੇਵ ਦੀ ਰਹਿਣ ਵਾਲੀ ਹੈ। ਉਹ ਯੂਨੀਵਰਸਿਟੀ ਕਾਲਜ ਆਫ਼ ਨਰਸਿੰਗ ਵਿੱਚ ਬੀ.ਐਸ.ਸੀ. ਨਰਸਿੰਗ ਦੇ ਤੀਜੇ ਸਮੈਸਟਰ ਦੀ ਵਿਦਿਆਰਥਣ ਸੀ ਅਤੇ ਹੋਸਟਲ ਵਿੱਚ ਰਹਿ ਕੇ ਪੜ੍ਹਾਈ ਕਰ ਰਹੀ ਸੀ ।
ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਪੋਸਟਮਾਰਟਮ ਲਈ ਮੈਡੀਕਲ ਕਾਲਜ ਹਸਪਤਾਲ ਦੇ ਮੁਰਦਾਘਰ ਵਿੱਚ ਜਮ੍ਹਾਂ ਕਰਵਾ ਦਿੱਤਾ ਹੈ। ਡੀ.ਐਸ.ਪੀ. ਤਰਲੋਚਨ ਸਿੰਘ ਨੇ ਦੱਸਿਆ ਕਿ ਖੁਦਕੁਸ਼ੀ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ,ਅਤੇ ਉਨ੍ਹਾਂ ਦੇ ਬਿਆਨਾਂ ਦੇ ਆਧਾਰ ‘ਤੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ।
