ਅੰਮ੍ਰਿਤਸਰ: ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧਨ ਨੂੰ ਲੈ ਕੇ ਚੱਲ ਰਹੇ ਵਿਵਾਦ ਵਿੱਚ ਪੁਰਾਣੇ ਬੋਰਡ ਦੀ ਬਹਾਲੀ ਤੋਂ ਬਾਅਦ ਸਿੱਖ ਜਗਤ ਵਿੱਚ ਸੰਤੋਖ ਦਾ ਮਾਹੌਲ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਫੈਸਲੇ ਦਾ ਸਵਾਗਤ ਕਰਦਿਆਂ ਇਸ ਨੂੰ ਸੰਗਤ ਅਤੇ ਸਿੱਖ ਕੌਮ ਦੀ ਜਿੱਤ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਬੋਰਡ ਦੀ ਬਹਾਲੀ ਅਤੇ ਇੱਕ ਸਾਲ ਦੇ ਅੰਦਰ ਚੋਣਾਂ ਕਰਵਾਉਣ ਦਾ ਫੈਸਲਾ ਲੰਬੇ ਸਮੇਂ ਤੋਂ ਚੱਲ ਰਹੀ ਮੰਗ ਨੂੰ ਪੂਰਾ ਕਰਨ ਵੱਲ ਅਹਿਮ ਕਦਮ ਹੈ।
ਇਸ ਮਾਮਲੇ ਵਿੱਚ ਸਾਹਮਣੇ ਆਈ ਜਾਣਕਾਰੀ ਮੁਤਾਬਕ ਬੰਬੇ ਹਾਈ ਕੋਰਟ ਦੀ ਔਰੰਗਾਬਾਦ ਬੈਂਚ ਨੇ ਮਹਾਰਾਸ਼ਟਰ ਸਰਕਾਰ ਵੱਲੋਂ 2022 ਵਿੱਚ ਬੋਰਡ ਭੰਗ ਕਰਨ ਅਤੇ ਪ੍ਰਸ਼ਾਸਕ ਨਿਯੁਕਤ ਕਰਨ ਸਬੰਧੀ ਜਾਰੀ ਨੋਟੀਫਿਕੇਸ਼ਨ ਰੱਦ ਕਰ ਦਿੱਤਾ ਸੀ। ਅਦਾਲਤ ਨੇ ਸਰਕਾਰ ਨੂੰ ਪੁਰਾਣੇ ਪ੍ਰਬੰਧਕੀ ਬੋਰਡ ਨੂੰ ਮੁੜ ਬਹਾਲ ਕਰਨ ਦੇ ਨਿਰਦੇਸ਼ ਦਿੱਤੇ ਸਨ। ਇਸ ਤੋਂ ਬਾਅਦ ਮਹਾਰਾਸ਼ਟਰ ਸਰਕਾਰ ਨੇ 28 ਅਕਤੂਬਰ ਨੂੰ ਨਵੀਂ ਨੋਟੀਫਿਕੇਸ਼ਨ ਜਾਰੀ ਕਰਕੇ ਬੋਰਡ ਨੂੰ ਬਹਾਲ ਕਰ ਦਿੱਤਾ।
ਐਡਵੋਕੇਟ ਧਾਮੀ ਨੇ ਕਿਹਾ ਕਿ ਹਜ਼ੂਰ ਸਾਹਿਬ ਦੇ ਪ੍ਰਬੰਧ ਵਿੱਚ ਸਿੱਖ ਸੰਗਤ ਦੀ ਭਾਵਨਾ ਅਤੇ ਧਾਰਮਿਕ ਮਰਿਆਦਾ ਨੂੰ ਪਹਿਲ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਅਰਦਾਸ ਕੀਤੀ ਕਿ ਨਿਰਧਾਰਤ ਸਮੇਂ ਅੰਦਰ ਪਾਰਦਰਸ਼ੀ ਢੰਗ ਨਾਲ ਚੋਣਾਂ ਕਰਵਾਈਆਂ ਜਾਣ ਅਤੇ ਗੁਰਦੁਆਰਾ ਸਾਹਿਬ ਦਾ ਪ੍ਰਬੰਧ ਗੁਰਮਤਿ ਸਿਧਾਂਤਾਂ ਅਨੁਸਾਰ ਚਲਾਇਆ ਜਾਵੇ।
ਜ਼ਿਕਰਯੋਗ ਹੈ ਕਿ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦਾ ਪ੍ਰਬੰਧ ਨਾਂਦੇੜ ਸਿੱਖ ਗੁਰਦੁਆਰਾ ਸੱਚਖੰਡ ਸ੍ਰੀ ਹਜ਼ੂਰ ਅਬਚਲਨਗਰ ਸਾਹਿਬ ਐਕਟ, 1956 ਅਧੀਨ ਚਲਾਇਆ ਜਾਂਦਾ ਹੈ। ਬੋਰਡ ਦੀ ਬਹਾਲੀ ਨਾਲ ਇਸ ਦੇ ਪ੍ਰਬੰਧਕੀ ਢਾਂਚੇ ਨੂੰ ਮੁੜ ਪੁਰਾਣੇ ਰੂਪ ਵਿੱਚ ਲਿਆਉਣ ਦਾ ਰਾਹ ਖੁੱਲ੍ਹਿਆ ਹੈ।
