Home ਪੰਜਾਬ ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ

ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ

0

ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਆਪਣੀ ਦਾਦੀ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣ ਲਈ ਅਦਾਲਤ ਨੇ ਇੱਕ ਦਿਨ ਦੀ ਅੰਤਰਿਮ ਜ਼ਮਾਨਤ ਦਿੱਤੀ ਹੈ। ਅਦਾਲਤ ਨੇ 14 ਨਵੰਬਰ ਲਈ ਇਹ ਰਾਹਤ ਮਨਜ਼ੂਰ ਕੀਤੀ ਹੈ। ਇਸ ਦੇ ਨਾਲ ਹੀ ਸੁਖਮਨਦੀਪ ਸਿੰਘ ਨੂੰ ਦੋ ਦਿਨ ਅਤੇ ਹਰਜੀਤ ਸਿੰਘ ਨੂੰ ਤਿੰਨ ਦਿਨ ਦੀ ਅੰਤਰਿਮ ਜ਼ਮਾਨਤ ਦਿੱਤੀ ਗਈ ਹੈ।

ਅੰਮ੍ਰਿਤਪਾਲ ਸਿੰਘ ਦੇ ਵਕੀਲ ਕਰਮਵੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ 14 ਤੋਂ 17 ਨਵੰਬਰ ਤੱਕ ਜ਼ਮਾਨਤ ਦੀ ਮੰਗ ਕੀਤੀ ਗਈ ਸੀ। ਪਰ ਅਦਾਲਤ ਨੇ ਫਿਲਹਾਲ ਇੱਕ ਦਿਨ ਦੀ ਹੀ ਰਾਹਤ ਦਿੱਤੀ ਹੈ। ਵਕੀਲ ਮੁਤਾਬਕ 14 ਨਵੰਬਰ ਤੱਕ ਪੰਜਾਬ ਆਉਣ ਅਤੇ ਸੁਰੱਖਿਆ ਨਾਲ ਜੁੜੀਆਂ ਸਾਰੀਆਂ ਰਸਮਾਂ ਪੂਰੀਆਂ ਕਰਨਾ ਮੁਸ਼ਕਿਲ ਹੋ ਸਕਦਾ ਹੈ। ਇਸ ਲਈ ਉਹ ਅਦਾਲਤ ਵਿੱਚ ਸੋਧ ਅਰਜ਼ੀ ਦਾਇਰ ਕਰਕੇ 17 ਨਵੰਬਰ ਤੱਕ ਜ਼ਮਾਨਤ ਦੇਣ ਦੀ ਬੇਨਤੀ ਕਰਨਗੇ।

ਸੁਰੱਖਿਆ ਦਾ ਖਰਚਾ ਪਰਿਵਾਰ ਨੂੰ ਕਰਨਾ ਪਵੇਗਾ ਅਦਾ

ਵਕੀਲ ਕਰਮਵੀਰ ਸਿੰਘ ਅਨੁਸਾਰ ਅਦਾਲਤ ਨੇ ਕੁਝ ਸ਼ਰਤਾਂ ਵੀ ਲਗਾਈਆਂ ਹਨ। ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਲਿਆਉਣ ਅਤੇ ਉਨ੍ਹਾਂ ਦੀ ਸੁਰੱਖਿਆ ਦੇ ਪ੍ਰਬੰਧਾਂ ’ਤੇ ਆਉਣ ਵਾਲਾ ਖਰਚਾ ਪਰਿਵਾਰ ਨੂੰ ਹੀ ਚੁੱਕਣਾ ਪਵੇਗਾ। ਸੁਰੱਖਿਆ ਕਰਮਚਾਰੀਆਂ ਦੀ ਗਿਣਤੀ ਅਤੇ ਕੁੱਲ ਖਰਚੇ ਬਾਰੇ ਫੈਸਲਾ ਸੂਬਾ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਕੀਤਾ ਜਾਵੇਗਾ।

ਹਾਲਾਂਕਿ, ਵਕੀਲ ਨੇ ਕਿਹਾ ਕਿ ਅਦਾਲਤ ਦਾ ਵਿਸਤ੍ਰਿਤ ਲਿਖਤੀ ਹੁਕਮ ਹਾਲੇ ਪ੍ਰਾਪਤ ਨਹੀਂ ਹੋਇਆ। ਇਸ ਲਈ ਜ਼ਮਾਨਤ ਦੀਆਂ ਸਾਰੀਆਂ ਸ਼ਰਤਾਂ ਅਤੇ ਨਿਯਮਾਂ ਬਾਰੇ ਪੂਰੀ ਜਾਣਕਾਰੀ ਹੁਕਮ ਦੀ ਕਾਪੀ ਮਿਲਣ ਤੋਂ ਬਾਅਦ ਹੀ ਸਾਹਮਣੇ ਆਵੇਗੀ।

ਪਰਿਵਾਰ ਨੇ ਰੋਕਿਆ ਹੋਇਆ ਹੈ ਅੰਤਿਮ ਸਸਕਾਰ

ਅੰਮ੍ਰਿਤਪਾਲ ਸਿੰਘ ਦੀ ਦਾਦੀ ਮਾਤਾ ਚਰਨ ਕੌਰ ਦੇ ਦੇਹਾਂਤ ਤੋਂ ਬਾਅਦ ਪਰਿਵਾਰ ਨੇ ਉਨ੍ਹਾਂ ਦਾ ਅੰਤਿਮ ਸਸਕਾਰ ਮੁਲਤਵੀ ਕਰ ਦਿੱਤਾ ਸੀ। ਪਰਿਵਾਰ ਦੀ ਮੰਗ ਸੀ ਕਿ ਅੰਮ੍ਰਿਤਪਾਲ ਸਿੰਘ ਨੂੰ ਅੰਤਿਮ ਰਸਮਾਂ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਜਾਵੇ।

ਹੁਣ ਅਦਾਲਤ ਵੱਲੋਂ ਇੱਕ ਦਿਨ ਦੀ ਅੰਤਰਿਮ ਜ਼ਮਾਨਤ ਮਿਲਣ ਤੋਂ ਬਾਅਦ ਵਕੀਲ 17 ਨਵੰਬਰ ਤੱਕ ਰਾਹਤ ਲੈਣ ਲਈ ਮੁੜ ਅਦਾਲਤ ਦਾ ਰੁਖ਼ ਕਰਨ ਦੀ ਤਿਆਰੀ ਕਰ ਰਹੇ ਹਨ।

NO COMMENTS

LEAVE A REPLY

Please enter your comment!
Please enter your name here

Exit mobile version