ਚੰਡੀਗੜ੍ਹ : ਹਰਿਆਣਾ ਵਿੱਚ ਪਹਾੜਾਂ ’ਤੇ ਹੋਈ ਬਰਫ਼ਬਾਰੀ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਲਗਾਤਾਰ ਤਿੰਨ ਦਿਨਾਂ ਤੋਂ ਸੂਰਜ ਦੇ ਦਰਸ਼ਨ ਨਹੀ ਹੋਏ ਹਨ। ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਲਗਾਤਾਰ ਗਿਰਾਵਟ ਦੇ ਨਾਲ ਕੜਾਕੇ ਦੀ ਠੰਢ ਦਾ ਦੌਰ ਸ਼ੁਰੂ ਹੋ ਗਿਆ ਹੈ। ਸੂਬੇ ਦੇ ਕਈ ਇਲਾਕਿਆਂ ਵਿੱਚ ਠੰਢ ਦਾ ਪ੍ਰਭਾਵ ਵੱਧ ਰਿਹਾ ਹੈ। ਸੂਬੇ ਦੇ ਨਾਰਨੌਲ ਵਿੱਚ ਦਿਨ ਦਾ ਤਾਪਮਾਨ ਸਭ ਤੋਂ ਘੱਟ ਪਾਇਆ ਗਿਆ ਹੈ ਜੋ ਕਿ 14 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ ਹੈ। ਦੱਸ ਦਈਏ ਕਿ ਇਹ ਆਮ ਨਾਲੋਂ 6 ਡਿਗਰੀ ਸੈਲਸੀਅਸ ਘੱਟ ਰਿਹਾ ਹੈ।
ਸ਼ੀਤ ਠੰਢੀਆਂ ਹਵਾਵਾਂ ਦੇ ਕਾਰਨ, ਮਹਿੰਦਰਗੜ੍ਹ ਵਿੱਚ ਤਾਪਮਾਨ ਬੀਤੇ ਦਿਨ 4 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ। ਹਿਸਾਰ ਵਿੱਚ ਤਾਪਮਾਨ 5.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਅਤੇ ਅੰਬਾਲਾ ਵਿੱਚ ਦਿਨ ਦਾ ਤਾਪਮਾਨ 14 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਤਾਪਮਾਨ ਵਿੱਚ ਗਿਰਾਵਟ ਆਉਣ ਦੀ ਸੰਭਾਵਨਾ
ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਦੀ ਉਮੀਦ ਹੈ, ਜਿਸ ਨਾਲ ਠੰਢ ਹੋਰ ਵੱਧ ਸਕਦੀ ਹੈ। ਇਸ ਤੋਂ ਇਲਾਵਾ, ਮੌਸਮ ਵਿਭਾਗ ਨੇ ਅੱਜ 13 ਜ਼ਿਲ੍ਹਿਆਂ ਵਿੱਚ ਧੁੰਦ ਨੂੰ ਲੈ ਕੇ ਔਰੇਂਜ ਅਲਰਟ ਜਾਰੀ ਕੀਤਾ ਹੈ। ਇਸ ਤੋਂ ਨਾਲ ਹੀ, ਹਰਿਆਣਾ ਦੇ 9 ਜ਼ਿਲ੍ਹਿਆਂ ਵਿੱਚ ਕੋਲਡ ਵੇਵ ਦੀ ਸਥਿਤੀ ਰਹਿਣ ਦੀ ਉਮੀਦ ਹੈ। ਮੌਸਮ ਵਿਭਾਗ ਨੇ ਇਸ ਦੌਰਾਨ ਹੌਲੀ ਗੱਡੀ ਚਲਾਉਣ ਦੀ ਸਲਾਹ ਦਿੱਤੀ ਹੈ।
