ਲਖਨਊ: ਆਲ ਇੰਡੀਆ ਮਜਲਿਸ-ਏ-ਇੱਤੇਹਾਦੁਲ ਮੁਸਲਮੀਨ (AIMIM) ਦੇ ਮੁਖੀ ਅਸਦੁਦੀਨ ਓਵੈਸੀ ਅਤੇ ਆਜ਼ਾਦ ਸਮਾਜ ਪਾਰਟੀ (ਕਾਂਸ਼ੀਰਾਮ) ਦੇ ਪ੍ਰਧਾਨ ਚੰਦਰਸ਼ੇਖਰ ਆਜ਼ਾਦ 2027 ਦੀਆਂ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਗਠਜੋੜ ਦਾ ਐਲਾਨ ਕਰਨ ਵਾਸਤੇ ਅੱਜ , ਵੀਰਵਾਰ ਨੂੰ ਲਖਨਊ ਵਿੱਚ ਸਾਂਝੀ ਪ੍ਰੈੱਸ ਕਾਨਫਰੰਸ ਕਰਨਗੇ। ਦੋਵਾਂ ਪਾਰਟੀਆਂ ਦੇ ਆਗੂਆਂ ਨੇ ਗਠਜੋੜ ਦੀ ਪੁਸ਼ਟੀ ਕੀਤੀ ਹੈ।
ਹਾਲਾਂਕਿ, ਗਠਜੋੜ ਦੀ ਰੂਪਰੇਖਾ ਅਤੇ ਸੀਟਾਂ ਦੀ ਵੰਡ ਨੂੰ ਲੈ ਕੇ ਅਜੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ। AIMIM ਦੇ ਬੁਲਾਰੇ ਸ਼ਾਦਾਬ ਚੌਹਾਨ ਨੇ ਫੋਨ ‘ਤੇ ਦੱਸਿਆ ਕਿ ਚੰਦਰਸ਼ੇਖਰ ਆਜ਼ਾਦ ਦੀ ਅਗਵਾਈ ਵਾਲੀ ਆਜ਼ਾਦ ਸਮਾਜ ਪਾਰਟੀ ਅਤੇ ਓਵੈਸੀ ਦੀ AIMIM ਮਿਲ ਕੇ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲੜਨਗੀਆਂ। ਉਨ੍ਹਾਂ ਕਿਹਾ ਕਿ ਗਠਜੋੜ ਅਤੇ ਹੋਰ ਵੇਰਵਿਆਂ ਬਾਰੇ ਜਾਣਕਾਰੀ ਵੀਰਵਾਰ ਨੂੰ ਦੋਵਾਂ ਪਾਰਟੀਆਂ ਦੇ ਆਗੂਆਂ ਦੀ ਸਾਂਝੀ ਪ੍ਰੈੱਸ ਕਾਨਫਰੰਸ ਵਿੱਚ ਦਿੱਤੀ ਜਾਵੇਗੀ।
ਚੰਦਰਸ਼ੇਖਰ ਆਜ਼ਾਦ ਅਤੇ ਓਵੈਸੀ ਬੁੱਧਵਾਰ ਨੂੰ ਵੱਖ-ਵੱਖ ਲਖਨਊ ਪਹੁੰਚੇ ਸਨ। ਗਠਜੋੜ ਬਾਰੇ ਪੁੱਛੇ ਜਾਣ ‘ਤੇ ਆਜ਼ਾਦ ਨੇ ਕਿਹਾ, ”ਜੋ ਵੀ ਹੈ, ਉਹ ਤੁਹਾਡੇ ਸਾਹਮਣੇ ਆ ਜਾਵੇਗਾ।”
ਆਜ਼ਾਦ ਨੇ ਕਿਹਾ ਕਿ ਉਨ੍ਹਾਂ ਦਾ ਯਤਨ ਨੌਜਵਾਨਾਂ, ਕਿਸਾਨਾਂ ਅਤੇ ਕਮਜ਼ੋਰ ਤੇ ਵਾਂਝੇ ਵਰਗਾਂ ਨੂੰ ਮਜ਼ਬੂਤ ਕਰਨਾ ਹੈ। ਉਨ੍ਹਾਂ ਕਿਹਾ ਕਿ ਗਰੀਬਾਂ ਦੇ ਅਧਿਕਾਰਾਂ ਦਾ ਘਾਣ ਰੋਕਣ ਲਈ ਜੋ ਵੀ ਜ਼ਰੂਰੀ ਹੋਵੇਗਾ, ਉਹ ਕੀਤਾ ਜਾਵੇਗਾ।
ਉੱਤਰ ਪ੍ਰਦੇਸ਼ ਵਿਧਾਨ ਸਭਾ ਦੀਆਂ 403 ਸੀਟਾਂ ਲਈ ਹੋਣ ਵਾਲੀਆਂ ਚੋਣਾਂ ਵਿੱਚ ਦੋਵੇਂ ਪਾਰਟੀਆਂ ਕਿੰਨੀਆਂ-ਕਿੰਨੀਆਂ ਸੀਟਾਂ ‘ਤੇ ਚੋਣ ਲੜਨਗੀਆਂ, ਇਹ ਅਜੇ ਸਪੱਸ਼ਟ ਨਹੀਂ ਹੈ। ਗਠਜੋੜ ਵਿੱਚ ਹੋਰ ਛੋਟੀਆਂ ਪਾਰਟੀਆਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਨੂੰ ਲੈ ਕੇ ਵੀ ਸਥਿਤੀ ਸਪੱਸ਼ਟ ਨਹੀਂ ਹੈ।
ਇਹ ਘਟਨਾਕ੍ਰਮ ਅਜਿਹੇ ਸਮੇਂ ਸਾਹਮਣੇ ਆਇਆ ਹੈ, ਜਦੋਂ ਸਮਾਜਵਾਦੀ ਪਾਰਟੀ ਅਤੇ ਕਾਂਗਰਸ ਨੇ ਉੱਤਰ ਪ੍ਰਦੇਸ਼ ਵਿੱਚ ਵਿਰੋਧੀ ਗਠਜੋੜ ਵਿੱਚ AIMIM ਨੂੰ ਸ਼ਾਮਲ ਕਰਨ ਦੇ ਓਵੈਸੀ ਦੇ ਪ੍ਰਸਤਾਵ ਵਿੱਚ ਕੋਈ ਦਿਲਚਸਪੀ ਨਹੀਂ ਦਿਖਾਈ ਸੀ।
ਓਵੈਸੀ ਨੇ ਦੋਵਾਂ ਪਾਰਟੀਆਂ ਨੂੰ ਇਸ ਸਬੰਧ ਵਿੱਚ ਫੈਸਲਾ ਲੈਣ ਲਈ 2 ਅਕਤੂਬਰ ਤੱਕ ਦਾ ਸਮਾਂ ਦਿੱਤਾ ਸੀ, ਪਰ ਉਨ੍ਹਾਂ ਨੂੰ ਕੋਈ ਸਕਾਰਾਤਮਕ ਜਵਾਬ ਨਹੀਂ ਮਿਲਿਆ। ਇਸ ਤੋਂ ਬਾਅਦ ਓਵੈਸੀ ਅਤੇ ਚੰਦਰਸ਼ੇਖਰ ਆਜ਼ਾਦ ਦੇ ਇਕੱਠੇ ਆਉਣ ਨੂੰ ਸੂਬੇ ਵਿੱਚ ਤੀਜਾ ਮੋਰਚਾ ਬਣਾਉਣ ਦੀ ਸੰਭਾਵਿਤ ਪਹਿਲ ਵਜੋਂ ਦੇਖਿਆ ਜਾ ਰਿਹਾ ਹੈ। ਦੋਵਾਂ ਪਾਰਟੀਆਂ ਦੀ ਨਜ਼ਰ ਦਲਿਤ ਅਤੇ ਘੱਟ ਗਿਣਤੀ ਵੋਟਰਾਂ ‘ਤੇ ਹੈ।
