Home ਪੰਜਾਬ 15 ਨਵੰਬਰ ਨੂੰ ਹੋਵੇਗੀ ਪਰਵਿੰਦਰ ਝੋਟਾ ਦੀ ਅੰਤਿਮ ਅਰਦਾਸ

15 ਨਵੰਬਰ ਨੂੰ ਹੋਵੇਗੀ ਪਰਵਿੰਦਰ ਝੋਟਾ ਦੀ ਅੰਤਿਮ ਅਰਦਾਸ

0

ਮਾਨਸਾ: ਨਸ਼ਾ ਵਿਰੋਧੀ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ ਕਰਵਾਈ ਜਾਵੇਗੀ। ਪਰਿਵਾਰ ਵੱਲੋਂ ਸਾਂਝੀ ਕੀਤੀ ਜਾਣਕਾਰੀ ਮੁਤਾਬਕ, ਇਸ ਮੌਕੇ ਮਾਨਸਾ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਸੂਲੀਸਰ ਸਾਹਿਬ, ਕੋਟ ਧਰਮੂ ਵਿਖੇ ਧਾਰਮਿਕ ਸਮਾਗਮ ਹੋਵੇਗਾ। ਇਸ ਸਮਾਗਮ ਦੌਰਾਨ ਸੰਗਤਾਂ ਵੱਲੋਂ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ।

ਜ਼ਿਕਰਯੋਗ ਹੈ ਕਿ ਪਰਵਿੰਦਰ ਸਿੰਘ ਝੋਟਾ ਦਾ 13 ਅਕਤੂਬਰ ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਘਟਨਾ ਤੋਂ ਬਾਅਦ ਉਨ੍ਹਾਂ ਦੀ ਦੇਹ ਦਾ 7 ਨਵੰਬਰ ਨੂੰ PGI ਚੰਡੀਗੜ੍ਹ ਵਿਖੇ ਪੋਸਟਮਾਰਟਮ ਕੀਤਾ ਗਿਆ। ਇਸ ਤੋਂ ਬਾਅਦ ਦੀਵਾਲੀ ਵਾਲੇ ਦਿਨ, ਕਤਲ ਤੋਂ 26 ਦਿਨ ਬਾਅਦ, ਉਨ੍ਹਾਂ ਦਾ ਅੰਤਿਮ ਸੰਸਕਾਰ ਆਪਣੇ ਖੇਤ ਵਿੱਚ ਕੀਤਾ ਗਿਆ।

ਅੰਤਿਮ ਵਿਦਾਈ ਮੌਕੇ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਅਤੇ ਵੱਡੀ ਗਿਣਤੀ ਵਿੱਚ ਲੋਕਾਂ ਨੇ ਸ਼ਮੂਲੀਅਤ ਕੀਤੀ। ਇਸ ਦੌਰਾਨ ਉਨ੍ਹਾਂ ਦੇ ਪਿਤਾ ਭੀਮ ਸਿੰਘ ਅਤੇ ਪੁੱਤਰਾਂ ਨੇ ਮੁੱਖ ਅਗਨੀ ਦਿੱਤੀ। ਪਰਵਿੰਦਰ ਝੋਟਾ ਦੇ ਪੁੱਤਰਾਂ ਅੰਗਦਵੀਰ ਅਤੇ ਹਰਫਤਿਹ ਨੇ ਆਪਣੇ ਪਿਤਾ ਨੂੰ ਯਾਦ ਕਰਦਿਆਂ ਨਾਅਰੇ ਵੀ ਲਗਾਏ, ਜਦਕਿ ਉਨ੍ਹਾਂ ਦੀ ਪਤਨੀ ਮਨਪ੍ਰੀਤ ਕੌਰ ਵਾਹਿਗੁਰੂ ਦਾ ਜਾਪ ਕਰਦੀ ਰਹੀ।

ਪਰਵਿੰਦਰ ਝੋਟਾ ਦੇ ਪਿਤਾ ਭੀਮ ਸਿੰਘ 5 ਨਵੰਬਰ ਤੋਂ ਮਾਨਸਾ ਦੇ ਐੱਸ.ਐੱਸ.ਪੀ. ਵੈਭਵ ਚੌਧਰੀ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ਨੂੰ ਲੈ ਕੇ ਭੁੱਖ ਹੜਤਾਲ ‘ਤੇ ਬੈਠੇ ਹੋਏ ਸਨ। ਉਨ੍ਹਾਂ ਨੇ ਪੰਜ ਸਿੰਘ ਸਾਹਿਬਾਨ ਦੇ ਆਦੇਸ਼ਾਂ ਦਾ ਸਤਿਕਾਰ ਕਰਦਿਆਂ ਪੁੱਤਰ ਦੇ ਅੰਤਿਮ ਸੰਸਕਾਰ ਤੋਂ ਬਾਅਦ ਪਾਣੀ ਪੀ ਕੇ ਆਪਣੀ ਭੁੱਖ ਹੜਤਾਲ ਖ਼ਤਮ ਕਰ ਦਿੱਤੀ। ਇਸ ਮੌਕੇ ਉਨ੍ਹਾਂ ਨੇ ਪੰਜਾਬ ਸਰਕਾਰ ਦੀ ਕਾਰਜਪ੍ਰਣਾਲੀ ‘ਤੇ ਵੀ ਸਵਾਲ ਉਠਾਏ।

ਇਨਸਾਫ਼ ਮੋਰਚੇ ਦੇ ਮੈਂਬਰ ਮਾਣਿਕ ਗੋਇਲ ਨੇ ਕਿਹਾ ਕਿ ਜਦੋਂ ਤੱਕ ਸਰਕਾਰ ਅੱਗੇ ਰੱਖੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਉਦੋਂ ਤੱਕ ਇਨਸਾਫ਼ ਕਮੇਟੀ ਸਰਗਰਮ ਰਹੇਗੀ। ਉਨ੍ਹਾਂ ਮੁਤਾਬਕ ਕਮੇਟੀ ਵੱਲੋਂ ਮਾਮਲੇ ਦੀ ਸੀਬੀਆਈ ਜਾਂਚ ‘ਤੇ ਵੀ ਨਜ਼ਰ ਰੱਖੀ ਜਾਵੇਗੀ।

ਪਰਿਵਾਰ ਵੱਲੋਂ ਦੱਸਿਆ ਗਿਆ ਹੈ ਕਿ ਮੰਗਲਵਾਰ ਨੂੰ ਪਰਵਿੰਦਰ ਝੋਟਾ ਦੀਆਂ ਅਸਥੀਆਂ ਚੁਣੀਆਂ ਜਾਣਗੀਆਂ। ਇਸ ਤੋਂ ਬਾਅਦ ਅਸਥੀਆਂ ਦੇ ਜਲ ਪ੍ਰਵਾਹ ਸਬੰਧੀ ਫ਼ੈਸਲਾ ਲਿਆ ਜਾਵੇਗਾ। ਹੁਣ 15 ਨਵੰਬਰ ਨੂੰ ਹੋਣ ਵਾਲੀ ਅੰਤਿਮ ਅਰਦਾਸ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਦੇ ਪਹੁੰਚਣ ਦੀ ਉਮੀਦ ਹੈ।

NO COMMENTS

LEAVE A REPLY

Please enter your comment!
Please enter your name here

Exit mobile version