ਕਰਤਾਰਪੁਰ ਸਾਹਿਬ: ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦੀ ਉਡੀਕ ਕਰ ਰਹੇ ਸਿੱਖ ਸ਼ਰਧਾਲੂਆਂ ਨੂੰ ਫਿਲਹਾਲ ਨਿਰਾਸ਼ਾ ਹੱਥ ਲੱਗੀ ਹੈ। ਦਿੱਲੀ ਹਾਈ ਕੋਰਟ ਨੇ ਕਰਤਾਰਪੁਰ ਲਾਂਘੇ ਨੂੰ ਮੁੜ ਖੋਲ੍ਹਣ ਦੀ ਮੰਗ ਨੂੰ ਲੈ ਕੇ ਦਾਇਰ ਪਟੀਸ਼ਨ ‘ਤੇ ਦਖ਼ਲ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਅਦਾਲਤ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਨੇ ਦੇਸ਼ ਦੀ ਸੁਰੱਖਿਆ ਅਤੇ ਨਾਗਰਿਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖ ਕੇ ਇਹ ਨੀਤੀਗਤ ਫੈਸਲਾ ਲਿਆ ਹੈ, ਜਿਸ ਵਿੱਚ ਦਖ਼ਲ ਦੇਣ ਦਾ ਕੋਈ ਢੁੱਕਵਾਂ ਆਧਾਰ ਨਹੀਂ ਹੈ।
ਕੇਂਦਰ ਸਰਕਾਰ ਦੇ ਫੈਸਲੇ ‘ਚ ਦਖ਼ਲ ਤੋਂ ਇਨਕਾਰ
ਸੁਣਵਾਈ ਦੌਰਾਨ ਦਿੱਲੀ ਹਾਈ ਕੋਰਟ ਨੇ ਮੰਨਿਆ ਕਿ ਕਰਤਾਰਪੁਰ ਲਾਂਘਾ ਸਿੱਖ ਭਾਈਚਾਰੇ ਦੀ ਧਾਰਮਿਕ ਆਸਥਾ ਨਾਲ ਜੁੜਿਆ ਅਹਿਮ ਮਾਮਲਾ ਹੈ। ਇਸ ਲਾਂਘੇ ਦੀ ਸ਼ੁਰੂਆਤ ਵੀ ਸ਼ਰਧਾਲੂਆਂ ਨੂੰ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਦੇ ਦਰਸ਼ਨ ਕਰਨ ਦੀ ਸਹੂਲਤ ਦੇਣ ਲਈ ਕੀਤੀ ਗਈ ਸੀ।
ਪਰ ਅਦਾਲਤ ਨੇ ਕਿਹਾ ਕਿ ਕੌਮੀ ਸੁਰੱਖਿਆ ਅਤੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖ ਕੇ ਕੇਂਦਰ ਸਰਕਾਰ ਵੱਲੋਂ ਲਏ ਗਏ ਨੀਤੀਗਤ ਫੈਸਲੇ ਵਿੱਚ ਦਖ਼ਲ ਦੇਣ ਦਾ ਕੋਈ ਵਾਜਬ ਕਾਰਨ ਨਹੀਂ ਹੈ। ਇਸ ਦੇ ਨਾਲ ਹੀ ਅਦਾਲਤ ਨੇ ਧਿਆਨ ਦਿਵਾਇਆ ਕਿ ਲਾਂਘਾ ਮੁੜ ਖੋਲ੍ਹਣ ਲਈ ਪਟੀਸ਼ਨਕਰਤਾ ਵੱਲੋਂ ਦਿੱਤੀ ਗਈ ਅਰਜ਼ੀ ਸਬੰਧਤ ਸਰਕਾਰੀ ਅਧਿਕਾਰੀਆਂ ਕੋਲ ਵਿਚਾਰ ਅਧੀਨ ਹੈ। ਅਦਾਲਤ ਨੇ ਉਮੀਦ ਜਤਾਈ ਕਿ ਅਧਿਕਾਰੀ ਇਸ ਅਪੀਲ ‘ਤੇ ਵਿਚਾਰ ਕਰਨਗੇ।
ਪਟੀਸ਼ਨ ਦਾਇਰ ਕਰਕੇ ਲਾਂਘਾ ਖੋਲ੍ਹਣ ਦੀ ਕੀਤੀ ਸੀ ਅਪੀਲ
ਕਰਤਾਰਪੁਰ ਲਾਂਘੇ ਨੂੰ ਮੁੜ ਚਾਲੂ ਕਰਵਾਉਣ ਲਈ ਪਾਰਦਰਸ਼ਿਤਾ ਪਬਲਿਕ ਵੈਲਫੇਅਰ ਫਾਊਂਡੇਸ਼ਨ ਵੱਲੋਂ ਦਿੱਲੀ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ। ਇਸ ਵਿੱਚ ਕੇਂਦਰ ਸਰਕਾਰ ਨੂੰ ਲਾਂਘਾ ਮੁੜ ਖੋਲ੍ਹਣ ਦੇ ਨਿਰਦੇਸ਼ ਜਾਰੀ ਕਰਨ ਦੀ ਮੰਗ ਕੀਤੀ ਗਈ ਸੀ।
ਪਟੀਸ਼ਨਕਰਤਾ ਵੱਲੋਂ ਦਲੀਲ ਦਿੱਤੀ ਗਈ ਸੀ ਕਿ ਲੰਬੇ ਸਮੇਂ ਤੋਂ ਲਾਂਘਾ ਬੰਦ ਰਹਿਣ ਕਾਰਨ ਸਿੱਖ ਸ਼ਰਧਾਲੂਆਂ ਨੂੰ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਿੱਚ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੇ ਨਾਲ ਹੀ ਅਪੀਲ ਕੀਤੀ ਗਈ ਸੀ ਕਿ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕਰਕੇ ਨਿਯਮਾਂ ਅਨੁਸਾਰ ਲਾਂਘੇ ਨੂੰ ਪੜਾਅਵਾਰ ਖੋਲ੍ਹਣ ਦੀ ਸੰਭਾਵਨਾ ਵੀ ਤਲਾਸ਼ੀ ਜਾਵੇ।
ਪਹਿਲਗਾਮ ਹਮਲੇ ਤੋਂ ਬਾਅਦ ਬੰਦ ਹੋਇਆ ਸੀ ਲਾਂਘਾ
ਜ਼ਿਕਰਯੋਗ ਹੈ ਕਿ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਕੇਂਦਰ ਸਰਕਾਰ ਨੇ 7 ਮਈ 2025 ਤੋਂ ਕਰਤਾਰਪੁਰ ਸਾਹਿਬ ਲਾਂਘੇ ਦੀਆਂ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਸਨ। ਇਸ ਤੋਂ ਬਾਅਦ ਭਾਰਤ ਤੋਂ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਜਾਣ ਵਾਲੇ ਸ਼ਰਧਾਲੂਆਂ ਦੀ ਯਾਤਰਾ ਰੁਕ ਗਈ ਸੀ।
ਹੁਣ ਹਾਈ ਕੋਰਟ ਵੱਲੋਂ ਦਖ਼ਲ ਦੇਣ ਤੋਂ ਇਨਕਾਰ ਕੀਤੇ ਜਾਣ ਮਗਰੋਂ ਸ਼ਰਧਾਲੂਆਂ ਦੀਆਂ ਨਜ਼ਰਾਂ ਸਬੰਧਤ ਸਰਕਾਰੀ ਅਧਿਕਾਰੀਆਂ ਦੇ ਫੈਸਲੇ ‘ਤੇ ਟਿਕੀਆਂ ਹੋਈਆਂ ਹਨ।
