ਫਗਵਾੜਾ : ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐਲ.ਪੀ.ਯੂ.) ਨੇ ਇੱਕ ਵੱਡਾ ਕਦਮ ਚੁੱਕਿਆ ਹੈ। ਜਾਣਕਾਰੀ ਅਨੁਸਾਰ, ਯੂਨੀਵਰਸਿਟੀ ਕੈਂਪਸ ਵਿੱਚ ਅਮਰੀਕੀ ਸਮਾਨ ਦੀ ਵਿਕਰੀ ‘ਤੇ ਪਾਬੰਦੀ ਲਗਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਯੂਨੀਵਰਸਿਟੀ ਦੇ ਚਾਂਸਲਰ ਅਤੇ ਆਮ ਆਦਮੀ ਪਾਰਟੀ (ਆਪ) ਦੇ ਰਾਜ ਸਭਾ ਮੈਂਬਰ ਅਸ਼ੋਕ ਕੁਮਾਰ ਮਿੱਤਲ ਨੇ ਐਲਾਨ ਕੀਤਾ ਹੈ ਕਿ ਹੁਣ ਕੈਂਪਸ ਵਿੱਚ ਕੋਈ ਵੀ ਅਮਰੀਕੀ ਉਤਪਾਦ ਨਹੀਂ ਵੇਚਿਆ ਜਾਵੇਗਾ।
ਮਿੱਤਲ ਨੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਅਮਰੀਕੀ ਰਾਸ਼ਟਰਪਤੀ ਨੂੰ ਗੱਲਬਾਤ ਰਾਹੀਂ ਵਪਾਰਕ ਮੁੱਦਿਆਂ ਨੂੰ ਹੱਲ ਕਰਨ ਦੀ ਅਪੀਲ ਕੀਤੀ ਸੀ, ਪਰ ਇਸ ਦਾ ਕੋਈ ਸਕਾਰਾਤਮਕ ਜਵਾਬ ਨਹੀਂ ਮਿਲਿਆ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਭਾਰਤ ‘ਤੇ 50 ਪ੍ਰਤੀਸ਼ਤ ਤੱਕ ਦਾ ਟੈਰਿਫ ਲਗਾਇਆ ਜਾਂਦਾ ਹੈ, ਤਾਂ ਇਸਦਾ ਸਿੱਧਾ ਪ੍ਰਭਾਵ ਆਈ.ਟੀ, ਸਿੱਖਿਆ ਅਤੇ ਹੋਰ ਖੇਤਰਾਂ ‘ਤੇ ਪੈ ਸਕਦਾ ਹੈ।
ਸੰਸਦ ਮੈਂਬਰ ਮਿੱਤਲ ਨੇ ਭਾਰਤੀ ਨਾਗਰਿਕਾਂ ਨੂੰ ਵੀ ਅਮਰੀਕੀ ਉਤਪਾਦਾਂ ਦਾ ਬਾਈਕਾਟ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਸਾਰੇ ਮਿਲ ਕੇ ਇਸਦਾ ਵਿਰੋਧ ਕਰਦੇ ਹਾਂ, ਤਾਂ ਇਹ ਅਮਰੀਕਾ ਨੂੰ ਸਬਕ ਸਿਖਾਉਣ ਦਾ ਸਭ ਤੋਂ ਪ੍ਰਭਾਵਸ਼ਾਲੀ ਤਰੀਕਾ ਹੋਵੇਗਾ। ਮਾਹਿਰਾਂ ਦਾ ਮੰਨਣਾ ਹੈ ਕਿ ਜੇਕਰ ਇਸ ਵਿਵਾਦ ਦਾ ਜਲਦੀ ਹੱਲ ਨਹੀਂ ਹੋਇਆ ਤਾਂ ਦੋਵਾਂ ਦੇਸ਼ਾਂ ਦੇ ਵਪਾਰਕ ਸਬੰਧ ਗੰਭੀਰ ਰੂਪ ਵਿੱਚ ਪ੍ਰਭਾਵਿਤ ਹੋ ਸਕਦੇ ਹਨ।











