ਖੰਨਾ : ਖੰਨਾ ਦੇ ਪਿੰਡ ਜਗੇੜਾ ਤੋਂ ਇੱਕ ਬਹੁਤ ਹੀ ਦੁਖਦਾਈ ਅਤੇ ਦਰਦਨਾਕ ਖ਼ਬਰ ਆਈ ਹੈ। ਮਾਤਾ ਨੈਣਾ ਦੇਵੀ ਦੇ ਦਰਸ਼ਨ ਕਰਕੇ ਵਾਪਸ ਆ ਰਹੇ ਸ਼ਰਧਾਲੂਆਂ ਨਾਲ ਭਰੀ ਇੱਕ ਮਹਿੰਦਰਾ ਬੋਲੈਰੋ ਨਹਿਰ ਵਿੱਚ ਡਿੱਗ ਗਈ, ਜਿਸ ਵਿੱਚ ਲਗਭਗ 32 ਸ਼ਰਧਾਲੂ ਸਵਾਰ ਸਨ। ਇਸ ਦਰਦਨਾਕ ਹਾਦਸੇ ਵਿੱਚ 6 ਸ਼ਰਧਾਲੂਆਂ ਦੀ ਮੌਤ ਹੋ ਗਈ, ਜਿਨ੍ਹਾਂ ਵਿੱਚ 2 ਬੱਚੇ ਵੀ ਸ਼ਾਮਲ ਸਨ। ਇਸ ਤੋਂ ਇਲਾਵਾ ਕਈ ਸ਼ਰਧਾਲੂ ਅਜੇ ਵੀ ਲਾਪਤਾ ਦੱਸੇ ਜਾ ਰਹੇ ਹਨ।
ਜਾਣਕਾਰੀ ਅਨੁਸਾਰ, ਇਹ ਸ਼ਰਧਾਲੂ ਮਾਤਾ ਨੈਣਾ ਦੇਵੀ ਦੇ ਦਰਸ਼ਨ ਕਰਨ ਗਏ ਸਨ। ਜਦੋਂ ਉਹ ਮੱਥਾ ਟੇਕ ਕੇ ਮਲੇਰਕੋਟਲਾ ਵਾਪਸ ਆ ਰਹੇ ਸਨ, ਤਾਂ ਬੀਤੀ ਦੇਰ ਰਾਤ ਰਾੜਾ ਸਾਹਿਬ ਤੋਂ ਜਗੇੜਾ ਪੁਲ ਵੱਲ ਜਾਂਦੇ ਸਮੇਂ ਉਨ੍ਹਾਂ ਦੀ ਗੱਡੀ ਨਹਿਰ ਵਿੱਚ ਡਿੱਗ ਗਈ। ਆਸ-ਪਾਸ ਦੇ ਲੋਕਾਂ ਨੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਅਤੇ ਉਸੇ ਸਮੇਂ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਗਿਆ। ਹੁਣ ਤੱਕ ਇਸ ਹਾਦਸੇ ਵਿੱਚ 5 ਸ਼ਰਧਾਲੂਆਂ ਦੀ ਮੌਤ ਦੀ ਪੁਸ਼ਟੀ ਹੋ ਚੁੱਕੀ ਹੈ, ਜਿਨ੍ਹਾਂ ਵਿੱਚ 2 ਮਾਸੂਮ ਬੱਚੇ ਵੀ ਸ਼ਾਮਲ ਹਨ। ਕੁਝ ਸ਼ਰਧਾਲੂਆਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ, ਜਦੋਂ ਕਿ ਕਈ ਅਜੇ ਵੀ ਲਾਪਤਾ ਹਨ।
ਮਾਲੇਰਕੋਟਲਾ ਦੇ ਪਿੰਡ ਮਾਣਕਵਾਲ ਦੇ ਸਰਪੰਚ ਕੇਸਰ ਸਿੰਘ ਨੇ ਦੱਸਿਆ ਕਿ ਗੱਡੀ ਵਿੱਚ ਕੁੱਲ 32 ਲੋਕ ਸਵਾਰ ਸਨ। ਇਨ੍ਹਾਂ ਵਿੱਚੋਂ 6 ਲੋਕਾਂ ਦੀ ਮੌਤ ਹੋ ਗਈ ਹੈ ਅਤੇ 6 ਲੋਕ ਅਜੇ ਵੀ ਲਾਪਤਾ ਹਨ। ਉਨ੍ਹਾਂ ਇਹ ਵੀ ਦੱਸਿਆ ਕਿ 4 ਲੋਕ ਸੁਰੱਖਿਅਤ ਆਪਣੇ ਘਰਾਂ ਤੱਕ ਪਹੁੰਚ ਗਏ ਹਨ, ਜਦੋਂ ਕਿ ਬਾਕੀ ਸ਼ਰਧਾਲੂ ਹਸਪਤਾਲ ਵਿੱਚ ਇਲਾਜ ਅਧੀਨ ਹਨ।
