ਸਮਾਣਾ: ਪੰਜਾਬ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਇੱਕ ਵੱਡਾ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਿੰਡਾਂ ਵਿੱਚ ਖੇਡ ਮੈਦਾਨਾਂ ਦੀ ਸਥਾਪਨਾ ਕੀਤੀ ਜਾ ਰਹੀ ਹੈ। ਇਸ ਯੋਜਨਾ ਨੂੰ ਖੇਡਾਂ ਦੇ ਖੇਤਰ ਵਿੱਚ ਇੱਕ ਨਵੀਂ ਕਰਾਂਤੀ ਵਜੋਂ ਵੇਖਿਆ ਜਾ ਰਿਹਾ ਹੈ। ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਇਹ ਪਹਿਲ ਪੰਜਾਬ ਦੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰੇਗੀ ਅਤੇ ਪਿੰਡ ਪੱਧਰ ‘ਤੇ ਪ੍ਰਤਿਭਾ ਨੂੰ ਉਭਾਰਨ ਵਿੱਚ ਮਦਦਗਾਰ ਸਾਬਤ ਹੋਵੇਗੀ।
ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਆਪਣੇ ਹਲਕੇ ਦੇ ਪਿੰਡ ਕਲਿਆਣ ਅਤੇ ਗਾਜੀਪੁਰ ਵਿੱਚ ਤਿਆਰ ਕੀਤੇ ਗਏ ਮੁੱਖ ਮੰਤਰੀ ਖੇਡ ਮੈਦਾਨਾਂ ਨੂੰ ਪਿੰਡ ਵਾਸੀਆਂ ਨੂੰ ਸਮਰਪਿਤ ਕੀਤਾ। ਉਨ੍ਹਾਂ ਦੱਸਿਆ ਕਿ ਪਿੰਡ ਕਲਿਆਣ ਵਿੱਚ ਲਗਭਗ 35 ਲੱਖ ਰੁਪਏ ਦੀ ਲਾਗਤ ਨਾਲ ਅਤੇ ਗਾਜੀਪੁਰ ਵਿੱਚ ਕਰੀਬ 42.62 ਲੱਖ ਰੁਪਏ ਦੀ ਲਾਗਤ ਨਾਲ ਆਧੁਨਿਕ ਖੇਡ ਮੈਦਾਨ ਤਿਆਰ ਕੀਤੇ ਗਏ ਹਨ, ਜਿੱਥੇ ਨੌਜਵਾਨ ਵੱਖ-ਵੱਖ ਖੇਡਾਂ ਦੀ ਪ੍ਰੈਕਟਿਸ ਕਰ ਸਕਣਗੇ।
ਉਨ੍ਹਾਂ ਇਹ ਵੀ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇੱਕੋ ਸਮੇਂ ਪੰਜਾਬ ਭਰ ਵਿੱਚ 3100 ਖੇਡ ਸਟੇਡੀਅਮਾਂ ਦਾ ਵਰਚੁਅਲ ਉਦਘਾਟਨ ਕੀਤਾ ਗਿਆ ਹੈ। ਇਹ ਵੱਡਾ ਪ੍ਰੋਜੈਕਟ ਪਿੰਡਾਂ ਵਿੱਚ ਖੇਡਾਂ ਦੇ ਢਾਂਚੇ ਨੂੰ ਮਜ਼ਬੂਤ ਕਰਨ ਲਈ ਇੱਕ ਇਤਿਹਾਸਕ ਕਦਮ ਮੰਨਿਆ ਜਾ ਰਿਹਾ ਹੈ।
ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਇਸ ਤਰ੍ਹਾਂ ਦੇ ਖੇਡ ਮੈਦਾਨ ਬਣਨ ਨਾਲ ਨੌਜਵਾਨ ਨਸ਼ਿਆਂ ਤੋਂ ਦੂਰ ਰਹਿਣਗੇ ਅਤੇ ਆਪਣੀ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿੱਚ ਲਗਾਉਣਗੇ। ਇਸ ਨਾਲ ਸਿਹਤਮੰਦ ਸਮਾਜ ਦੀ ਸਥਾਪਨਾ ਹੋਵੇਗੀ ਅਤੇ ਭਵਿੱਖ ਵਿੱਚ ਕਈ ਨਵੇਂ ਖਿਡਾਰੀ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਪੰਜਾਬ ਦਾ ਨਾਮ ਰੌਸ਼ਨ ਕਰਨਗੇ।
ਇਸ ਮੌਕੇ ‘ਤੇ ਕਈ ਸਥਾਨਕ ਆਗੂ, ਪੰਚਾਇਤ ਮੈਂਬਰ, ਅਤੇ ਪ੍ਰਸ਼ਾਸਨਿਕ ਅਧਿਕਾਰੀ ਵੀ ਹਾਜ਼ਰ ਸਨ। ਪਿੰਡ ਵਾਸੀਆਂ ਵਿੱਚ ਵੀ ਇਸ ਯੋਜਨਾ ਨੂੰ ਲੈ ਕੇ ਖੁਸ਼ੀ ਦੀ ਲਹਿਰ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪਹਿਲਾਂ ਖੇਡਾਂ ਲਈ ਢੰਗ ਦੀ ਸਹੂਲਤ ਨਾ ਹੋਣ ਕਰਕੇ ਨੌਜਵਾਨਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ, ਪਰ ਹੁਣ ਇਹ ਮੈਦਾਨ ਉਨ੍ਹਾਂ ਲਈ ਨਵੀਆਂ ਸੰਭਾਵਨਾਵਾਂ ਦੇ ਦਰਵਾਜ਼ੇ ਖੋਲ੍ਹਣਗੇ।











