ਤਰਨਤਾਰਨ : ਪੰਜਾਬ ‘ਚ ਹਾਈ ਅਲਰਟ ਦੇ ਵਿਚਕਾਰ ਤਰਨਤਾਰਨ ਪੁਲਿਸ ਅਤੇ ਬੀ.ਐੱਸ.ਐੱਫ ਨੇ ਸਾਂਝੇ ਆਪ੍ਰੇਸ਼ਨ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਪੰਜਾਬ ‘ਚ ਦਹਿਸ਼ਤ ਫੈਲਾਉਣ ਦੀ ਸਾਜ਼ਿਸ਼ ਨੂੰ ਨਾਕਾਮ ਕਰਨ ਦਾ ਦਾਅਵਾ ਕੀਤਾ ਹੈ। ਸਾਂਝੇ ਆਪਰੇਸ਼ਨ ‘ਚ ਭਾਰੀ ਮਾਤਰਾ ‘ਚ ਹਥਿਆਰ ਅਤੇ ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਪੁਲਿਸ ਨੇ ਇਸ ਮਾਮਲੇ ‘ਚ ਇਕ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਅਨੁਸਾਰ ਬੀ.ਐਸ.ਐਫ. ਅਤੇ ਤਰਨਤਾਰਨ ਪੁਲਿਸ ਨੇ ਸਾਂਝੇ ਆਪ੍ਰੇਸ਼ਨ ਦੌਰਾਨ ਇੱਕ ਮੁਲਜ਼ਮ ਨੂੰ ਕਾਬੂ ਕੀਤਾ ਹੈ, ਜਿਸ ਦੀ ਪਛਾਣ ਮਨਜੀਤ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਸਰਹੱਦੀ ਪਿੰਡ ਵਾਂ ਤਾਰਾ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ’ਚੋਂ 2 ਜਾਸਤਵਾ ਬੰਦੂਕਾਂ, 4 9 ਐਮ.ਐਮ ਦੀ ਗਲਾਕ ਪਿਸਤੌਲ, 1 30 ਬੋਰ ਬਰੇਟਾ ਪਿਸਤੌਲ, 89 ਜਿੰਦਾ ਕਾਰਤੂਸ ਅਤੇ 2 ਮੋਬਾਈਲ ਫੋਨ ਬਰਾਮਦ ਕੀਤੇ ਹਨ।
ਇਸ ਸਬੰਧੀ ਥਾਣਾ ਖਾਲੜਾ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਹਥਿਆਰਾਂ ਦੇ ਪੂਰੇ ਨੈੱਟਵਰਕ ਅਤੇ ਸਪਲਾਈ ਚੇਨ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ। ਐਸ.ਐਸ.ਪੀ. ਅਭਿਮਨਿਊ ਰਾਣਾ ਲਾਂਬਾ ਨੇ ਦੱਸਿਆ ਕਿ ਸ਼ੁਰੂਆਤੀ ਜਾਂਚ ਵਿੱਚ ਸ਼ੱਕ ਹੈ ਕਿ ਬਰਾਮਦ ਕੀਤੇ ਹਥਿਆਰਾਂ ਦੀ ਵਰਤੋਂ ਪੰਜਾਬ ਵਿੱਚ ਟਾਰਗੇਟ ਕਿਲਿੰਗ ਵਰਗੀਆਂ ਘਟਨਾਵਾਂ ਵਿੱਚ ਕੀਤੀ ਜਾਣੀ ਸੀ। ਫਿਲਹਾਲ ਪੁਲਿਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਦੋਸ਼ੀ ਕਿਹੜੇ ਲੋਕਾਂ ਅਤੇ ਸੰਗਠਨਾਂ ਨਾਲ ਜੁੜਿਆ ਹੋਇਆ ਹੈ ਅਤੇ ਹਥਿਆਰ ਕਿੱਥੋਂ ਲਿਆਏ ਸਨ।











