ਨਵੀਂ ਦਿੱਲੀ: ਮਹਾਤਮਾ ਗਾਂਧੀ ਦੀ 157ਵੀਂ ਜਯੰਤੀ ਦੇ ਮੌਕੇ ’ਤੇ ਦੇਸ਼ ਭਰ ਵਿੱਚ ਉਨ੍ਹਾਂ ਨੂੰ ਯਾਦ ਕਰਦਿਆਂ ਸ਼ਰਧਾਂਜਲੀ ਸਮਾਗਮ ਕਰਵਾਏ ਗਏ। ਨਵੀਂ ਦਿੱਲੀ ਦੇ ਰਾਜਘਾਟ ਵਿਖੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਹਾਤਮਾ ਗਾਂਧੀ ਦੀ ਸਮਾਧੀ ’ਤੇ ਫੁੱਲ ਭੇਟ ਕਰਕੇ ਸ਼ਰਧਾ ਪ੍ਰਗਟ ਕੀਤੀ।
ਰਾਜਘਾਟ ’ਤੇ ਕਈ ਵੱਡੇ ਆਗੂਆਂ ਨੇ ਦਿੱਤੀ ਸ਼ਰਧਾਂਜਲੀ
ਇਸ ਮੌਕੇ ਲੋਕ ਸਭਾ ਸਪੀਕਰ ਓਮ ਬਿਰਲਾ ਅਤੇ ਕਈ ਕੇਂਦਰੀ ਆਗੂ ਵੀ ਰਾਜਘਾਟ ਪਹੁੰਚੇ। ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਵੀ ਮਹਾਤਮਾ ਗਾਂਧੀ ਦੀ ਸਮਾਧੀ ’ਤੇ ਪਹੁੰਚ ਕੇ ਸ਼ਰਧਾ ਦੇ ਫੁੱਲ ਭੇਟ ਕੀਤੇ। ਰਾਜਘਾਟ ਵਿਖੇ ਸਰਵ-ਧਰਮ ਪ੍ਰਾਰਥਨਾ ਦਾ ਵੀ ਆਯੋਜਨ ਕੀਤਾ ਗਿਆ।
ਲਾਲ ਬਹਾਦੁਰ ਸ਼ਾਸਤਰੀ ਨੂੰ ਵੀ ਕੀਤਾ ਯਾਦ
ਗਾਂਧੀ ਜਯੰਤੀ ਦੇ ਨਾਲ ਹੀ ਅੱਜ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦੁਰ ਸ਼ਾਸਤਰੀ ਦੀ ਜਯੰਤੀ ਵੀ ਮਨਾਈ ਜਾ ਰਹੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਜੇ ਘਾਟ ਪਹੁੰਚ ਕੇ ਸ਼ਾਸਤਰੀ ਜੀ ਨੂੰ ਸ਼ਰਧਾਂਜਲੀ ਦਿੱਤੀ। ਇਸ ਮੌਕੇ ਹੋਰ ਆਗੂਆਂ ਨੇ ਵੀ ਉਨ੍ਹਾਂ ਨੂੰ ਯਾਦ ਕੀਤਾ।
ਰਾਸ਼ਟਰਪਤੀ ਮੁਰਮੂ ਨੇ ਸ਼ਾਂਤੀ ਅਤੇ ਅਹਿੰਸਾ ਦਾ ਸੰਦੇਸ਼ ਕੀਤਾ ਯਾਦ
ਗਾਂਧੀ ਜਯੰਤੀ ਦੀ ਪੂਰਵ ਸੰਧਿਆ ’ਤੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਮਹਾਤਮਾ ਗਾਂਧੀ ਨੂੰ ਯਾਦ ਕਰਦਿਆਂ ਕਿਹਾ ਸੀ ਕਿ ਦੁਨੀਆ ਦੇ ਕਈ ਹਿੱਸਿਆਂ ਵਿੱਚ ਜੰਗ ਅਤੇ ਟਕਰਾਅ ਦਾ ਮਾਹੌਲ ਬਣਿਆ ਹੋਇਆ ਹੈ। ਅਜਿਹੇ ਸਮੇਂ ਵਿੱਚ ਗਾਂਧੀ ਜੀ ਦਾ ਸ਼ਾਂਤੀ ਅਤੇ ਅਹਿੰਸਾ ਦਾ ਸੰਦੇਸ਼ ਹੋਰ ਵੀ ਮਹੱਤਵਪੂਰਨ ਬਣ ਜਾਂਦਾ ਹੈ।
ਰਾਸ਼ਟਰਪਤੀ ਨੇ ਕਿਹਾ ਕਿ ਮਹਾਤਮਾ ਗਾਂਧੀ ਦੇ ਜੀਵਨ ਅਤੇ ਉਨ੍ਹਾਂ ਦੇ ਆਦਰਸ਼ਾਂ ਨੂੰ ਦੁਨੀਆ ਭਰ ਵਿੱਚ ਸਨਮਾਨ ਮਿਲਦਾ ਹੈ। ਉਨ੍ਹਾਂ ਨੇ ਨਾਗਰਿਕਾਂ ਨੂੰ ਸੱਚ, ਅਹਿੰਸਾ, ਨੈਤਿਕਤਾ ਅਤੇ ਸਮਾਜ ਦੇ ਸਰਵਪੱਖੀ ਭਲੇ ਨਾਲ ਜੁੜੇ ਮੁੱਲਾਂ ਪ੍ਰਤੀ ਆਪਣੀ ਵਚਨਬੱਧਤਾ ਮਜ਼ਬੂਤ ਕਰਨ ਦਾ ਸੱਦਾ ਦਿੱਤਾ।
