Homeਦੇਸ਼ਪ੍ਰਕਾਸ਼ ਪੁਰਬ ਮੌਕੇ PM ਮੋਦੀ ਨੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈਆਂ

ਪ੍ਰਕਾਸ਼ ਪੁਰਬ ਮੌਕੇ PM ਮੋਦੀ ਨੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈਆਂ

ਨਵੀਂ ਦਿੱਲੀ: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਲੱਖ-ਲੱਖ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਨੇ ਸਮੂਹ ਸੰਗਤਾਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ‘ਤੇ ਚੱਲਣ ਅਤੇ ਸਰਬੱਤ ਦੇ ਭਲੇ ਦੀ ਭਾਵਨਾ ਨਾਲ ਜੀਵਨ ਬਤੀਤ ਕਰਨ ਦਾ ਸੰਦੇਸ਼ ਦਿੱਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਦੇਸ਼ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਪੂਰੀ ਤਰ੍ਹਾਂ ਦੂਰ ਰੱਖਣ ਦੀ ਅਪੀਲ ਕੀਤੀ।

ਪ੍ਰਕਾਸ਼ ਪੁਰਬ ਦੀ ਪੂਰਬਲੀ ਸੰਧਿਆ ‘ਤੇ ਦਿੱਲੀ ਰਾਜ ਨਿਵਾਸ ਵਿਖੇ ਕਰਵਾਏ ਗਏ ਸ਼ਬਦ ਕੀਰਤਨ ਸਮਾਗਮ ਵਿੱਚ ਸ਼ਾਮਲ ਹੋਣ ਤੋਂ ਬਾਅਦ ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਕਾਮਨਾ ਕਰਦੇ ਹਨ ਕਿ ਦੇਸ਼ ਦਾ ਹਰ ਨੌਜਵਾਨ ਕਿਸੇ ਵੀ ਤਰ੍ਹਾਂ ਦੇ ਨਸ਼ੇ ਦੀ ਆਦਤ ਤੋਂ ਮੁਕਤ ਹੋਵੇ।

ਉਨ੍ਹਾਂ ਕਿਹਾ ਕਿ ਜਦੋਂ ਕੋਈ ਨੌਜਵਾਨ ਨਸ਼ਿਆਂ ਦੀ ਗ੍ਰਿਫ਼ਤ ਵਿੱਚ ਆ ਜਾਂਦਾ ਹੈ ਤਾਂ ਸਿਰਫ਼ ਉਸ ਦੀ ਜ਼ਿੰਦਗੀ ਹੀ ਨਹੀਂ, ਸਗੋਂ ਪੂਰੇ ਪਰਿਵਾਰ ਦੇ ਸੁਪਨੇ ਵੀ ਟੁੱਟ ਜਾਂਦੇ ਹਨ। ਹਰ ਨੌਜਵਾਨ ਆਪਣੇ ਸੁਪਨੇ ਪੂਰੇ ਕਰੇ, ਪੜ੍ਹਾਈ ਕਰੇ ਅਤੇ ਆਪਣੇ ਪਰਿਵਾਰ ਤੇ ਦੇਸ਼ ਦਾ ਨਾਮ ਰੌਸ਼ਨ ਕਰੇ।

PM ਮੋਦੀ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਪਰਿਵਾਰਾਂ ਦੇ ਨਾਲ-ਨਾਲ ਗੁਰਦੁਆਰਿਆਂ, ਸੰਗਤਾਂ ਅਤੇ ਸਮਾਜਿਕ ਸੰਸਥਾਵਾਂ ਨੂੰ ਵੀ ਮਿਲ ਕੇ ਯਤਨ ਕਰਨੇ ਚਾਹੀਦੇ ਹਨ। ਸਾਰਿਆਂ ਦੇ ਸਾਂਝੇ ਉਪਰਾਲਿਆਂ ਨਾਲ ਨੌਜਵਾਨਾਂ ਨੂੰ ਸਹੀ ਦਿਸ਼ਾ ਦਿਖਾਈ ਜਾ ਸਕਦੀ ਹੈ।

ਉਨ੍ਹਾਂ ਵਿਸ਼ਵਾਸ ਜਤਾਇਆ ਕਿ ਗੁਰੂ ਸਾਹਿਬ ਦੀ ਕਿਰਪਾ ਅਤੇ ਸਮਾਜ ਦੇ ਸਮੂਹਿਕ ਯਤਨਾਂ ਨਾਲ ਨਵੀਂ ਪੀੜ੍ਹੀ ਨੂੰ ਸੁਰੱਖਿਅਤ ਅਤੇ ਉੱਜਵਲ ਭਵਿੱਖ ਦਿੱਤਾ ਜਾ ਸਕਦਾ ਹੈ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਗੁਰਬਾਣੀ ਸਾਨੂੰ ਸਰਬੱਤ ਦੇ ਭਲੇ ਦਾ ਸੰਦੇਸ਼ ਦਿੰਦੀ ਹੈ। ਅੱਜ ਦੁਨੀਆ ਦੇ ਕਈ ਹਿੱਸਿਆਂ ਵਿੱਚ ਸੰਘਰਸ਼ ਅਤੇ ਹਿੰਸਾ ਚੱਲ ਰਹੀ ਹੈ। ਅਜਿਹੇ ਸਮੇਂ ਵਿੱਚ ਹਰ ਦੇਸ਼ ਵਿੱਚ ਸ਼ਾਂਤੀ, ਹਰ ਪਰਿਵਾਰ ਦੀ ਸੁਰੱਖਿਆ ਅਤੇ ਹਰ ਵਿਅਕਤੀ ਨੂੰ ਸਨਮਾਨ ਨਾਲ ਜਿਊਣ ਦਾ ਮੌਕਾ ਮਿਲਣਾ ਬਹੁਤ ਜ਼ਰੂਰੀ ਹੈ।

ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਅਤੇ ਸਿੱਖ ਵਿਰਾਸਤ ਨੂੰ ਆਉਣ ਵਾਲੀਆਂ ਪੀੜ੍ਹੀਆਂ ਤੱਕ ਪਹੁੰਚਾਉਣਾ ਸਾਰਿਆਂ ਦੀ ਜ਼ਿੰਮੇਵਾਰੀ ਹੈ।

PM ਮੋਦੀ ਨੇ ਇਸ ਸਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੇ 350 ਸਾਲ ਪੂਰੇ ਹੋਣ ਦਾ ਜ਼ਿਕਰ ਕਰਦਿਆਂ ਕਿਹਾ ਕਿ ਗੁਰੂ ਸਾਹਿਬਾਨ ਦੀਆਂ ਕੁਰਬਾਨੀਆਂ ਅਤੇ ਉਨ੍ਹਾਂ ਦੇ ਆਦਰਸ਼ ਦੇਸ਼ ਲਈ ਹਮੇਸ਼ਾ ਪ੍ਰੇਰਨਾ ਸਰੋਤ ਰਹਿਣਗੇ।

ਉਨ੍ਹਾਂ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਅਤੇ ਮਾਤਾ ਗੁਜਰੀ ਜੀ ਦੇ ਸਾਹਸ ਤੇ ਦ੍ਰਿੜ੍ਹਤਾ ਦੀ ਗਾਥਾ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦੀ ਲੋੜ ‘ਤੇ ਵੀ ਜ਼ੋਰ ਦਿੱਤਾ।

ਇਸ ਮੌਕੇ ਪ੍ਰਧਾਨ ਮੰਤਰੀ ਨੇ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਸੀਸ ਨਿਵਾਇਆ ਅਤੇ ਸ਼ਬਦ ਕੀਰਤਨ ਸਰਵਣ ਕੀਤਾ। ਸਮਾਗਮ ਵਿੱਚ ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ, ਮੁੱਖ ਮੰਤਰੀ ਰੇਖਾ ਗੁਪਤਾ ਸਮੇਤ ਕਈ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਰਹੀਆਂ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments