ਤਰਨਤਾਰਨ: ਗੈਂਗਸਟਰਾਂ ਅਤੇ ਅਪਰਾਧਿਕ ਗਤੀਵਿਧੀਆਂ ਨਾਲ ਜੁੜੇ ਲੋਕਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਤਰਨਤਾਰਨ ਪੁਲਿਸ ਨੇ ਕਾਰਵਾਈ ਕਰਦਿਆਂ ਇੱਕ ਲੋੜੀਂਦੇ ਮੁਲਜ਼ਮ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਮੁਤਾਬਕ ਕਾਰਵਾਈ ਦੌਰਾਨ ਮੁਲਜ਼ਮ ਨਾਲ ਮੁਕਾਬਲਾ ਹੋਇਆ ਅਤੇ ਗੋਲੀਬਾਰੀ ਤੋਂ ਬਾਅਦ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।
ਕਤਲ ਸਮੇਤ ਕਈ ਮਾਮਲਿਆਂ ‘ਚ ਲੋੜੀਂਦਾ ਸੀ ਮੁਲਜ਼ਮ
ਪੁਲਿਸ ਅਨੁਸਾਰ ਕਾਬੂ ਕੀਤੇ ਵਿਅਕਤੀ ਦੀ ਪਛਾਣ ਸਾਜਨ ਸਿੰਘ ਵਜੋਂ ਹੋਈ ਹੈ। ਪੁਲਿਸ ਦਾ ਦਾਅਵਾ ਹੈ ਕਿ ਸਾਜਨ ਸਿੰਘ ਇੱਕ ਗੈਂਗਸਟਰ ਦੇ ਸਾਥੀ ਵਜੋਂ ਕੰਮ ਕਰਦਾ ਸੀ ਅਤੇ ਕਤਲ ਸਮੇਤ ਕਈ ਗੰਭੀਰ ਅਪਰਾਧਿਕ ਮਾਮਲਿਆਂ ਵਿੱਚ ਪੁਲਿਸ ਨੂੰ ਲੋੜੀਂਦਾ ਸੀ।
ਪੁਲਿਸ ਅਧਿਕਾਰੀਆਂ ਮੁਤਾਬਕ ਸਾਜਨ ਸਿੰਘ ਦਾ ਨਾਮ ਅਜਮੀਤ ਸਿੰਘ ਕਤਲ ਮਾਮਲੇ ਵਿੱਚ ਵੀ ਸਾਹਮਣੇ ਆਇਆ ਹੈ। ਇਸ ਤੋਂ ਇਲਾਵਾ ਉਹ ਥਾਣਾ ਸਰਹਾਲੀ ਨਾਲ ਸਬੰਧਤ RPG ਮਾਮਲੇ ਵਿੱਚ ਵੀ ਲੋੜੀਂਦਾ ਦੱਸਿਆ ਗਿਆ ਹੈ।
ਗ੍ਰਿਫ਼ਤਾਰੀ ਤੋਂ ਬਾਅਦ ਹੋਵੇਗੀ ਪੁੱਛਗਿੱਛ
ਐੱਸ.ਪੀ. ਡਾ. ਰਿਪੂ ਤਪਨ ਨੇ ਦੱਸਿਆ ਕਿ ਗੈਂਗਸਟਰਾਂ ਅਤੇ ਉਨ੍ਹਾਂ ਨਾਲ ਜੁੜੇ ਵਿਅਕਤੀਆਂ ਖ਼ਿਲਾਫ਼ ਪੁਲਿਸ ਦੀ ਕਾਰਵਾਈ ਜਾਰੀ ਹੈ। ਉਨ੍ਹਾਂ ਮੁਤਾਬਕ ਸਾਜਨ ਸਿੰਘ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੁੱਛਗਿੱਛ ਕੀਤੀ ਜਾਵੇਗੀ, ਜਿਸ ਰਾਹੀਂ ਮਾਮਲੇ ਨਾਲ ਜੁੜੀਆਂ ਹੋਰ ਕੜੀਆਂ ਬਾਰੇ ਜਾਣਕਾਰੀ ਇਕੱਠੀ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ।
ਪੁਲਿਸ ਇਹ ਵੀ ਪਤਾ ਲਗਾ ਰਹੀ ਹੈ ਕਿ ਮੁਲਜ਼ਮ ਦੇ ਕਥਿਤ ਗੈਂਗਸਟਰ ਸੰਪਰਕ ਕਿਹੜੇ ਸਨ ਅਤੇ ਉਹ ਹੋਰ ਕਿਹੜੀਆਂ ਅਪਰਾਧਿਕ ਗਤੀਵਿਧੀਆਂ ਨਾਲ ਜੁੜਿਆ ਹੋਇਆ ਸੀ।
ਪੁਲਿਸ ਅਤੇ ਫੋਰੈਂਸਿਕ ਟੀਮ ਨੇ ਇਕੱਠੇ ਕੀਤੇ ਸਬੂਤ
ਕਾਰਵਾਈ ਦੌਰਾਨ ਡੀਐੱਸਪੀ ਪੱਟੀ ਰਵੀ ਸ਼ੇਰ, ਐੱਸਐੱਚਓ ਸਰਹਾਲੀ ਕਲਾਂ ਬਲਬੀਰ ਸਿੰਘ ਸਮੇਤ ਪੁਲਿਸ ਦੀਆਂ ਵੱਖ-ਵੱਖ ਟੀਮਾਂ ਮੌਕੇ ‘ਤੇ ਮੌਜੂਦ ਰਹੀਆਂ। ਫੋਰੈਂਸਿਕ ਟੀਮ ਵੱਲੋਂ ਵੀ ਮੌਕੇ ਤੋਂ ਸਬੂਤ ਇਕੱਠੇ ਕੀਤੇ ਗਏ ਹਨ। ਪੁਲਿਸ ਮੁਤਾਬਕ ਮਾਮਲੇ ਦੀ ਜਾਂਚ ਅਜੇ ਜਾਰੀ ਹੈ ਅਤੇ ਮੁਲਜ਼ਮ ਤੋਂ ਪੁੱਛਗਿੱਛ ਦੇ ਆਧਾਰ ‘ਤੇ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ।
