ਬਿਆਸ: ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਨਸ਼ਿਆਂ ਅਤੇ ਸਮਾਜ ਵਿਰੋਧੀ ਗਤੀਵਿਧੀਆਂ ਖ਼ਿਲਾਫ਼ ਚਲਾਏ ਜਾ ਰਹੇ CASO ਆਪ੍ਰੇਸ਼ਨ ਤਹਿਤ ਅੱਜ ਤੜਕਸਾਰ ਥਾਣਾ ਬਿਆਸ ਦੇ ਅਧੀਨ ਆਉਂਦੇ ਵੱਖ-ਵੱਖ ਇਲਾਕਿਆਂ ਵਿੱਚ ਵੱਡੇ ਪੱਧਰ ’ਤੇ ਛਾਪੇਮਾਰੀ ਕੀਤੀ ਗਈ। ਇਹ ਕਾਰਵਾਈ ਡੀਐਸਪੀ ਬਾਬਾ ਬਕਾਲਾ ਸਾਹਿਬ ਸੁਖਪਾਲ ਸਿੰਘ ਦੀ ਅਗਵਾਈ ਹੇਠ ਕੀਤੀ ਗਈ।
ਪੁਲਿਸ ਵੱਲੋਂ ਵੱਖ-ਵੱਖ ਥਾਵਾਂ ’ਤੇ ਨਾਕਾਬੰਦੀ ਵੀ ਕੀਤੀ ਗਈ ਅਤੇ ਭਾਰੀ ਪੁਲਿਸ ਬਲ ਤਾਇਨਾਤ ਕੀਤਾ ਗਿਆ। ਇਸ ਦੌਰਾਨ ਸ਼ੱਕੀ ਵਿਅਕਤੀਆਂ ਨਾਲ ਸਬੰਧਤ ਥਾਵਾਂ ਅਤੇ ਘਰਾਂ ਦੀ ਜਾਂਚ ਕੀਤੀ ਗਈ।
ਡੀਐਸਪੀ ਸੁਖਪਾਲ ਸਿੰਘ ਨੇ ਦੱਸਿਆ ਕਿ ਸੀਨੀਅਰ ਪੁਲਿਸ ਕਪਤਾਨ ਅੰਮ੍ਰਿਤਸਰ ਦਿਹਾਤੀ ਕਵਲਪ੍ਰੀਤ ਸਿੰਘ ਚਾਹਲ ਦੀ ਅਗਵਾਈ ਹੇਠ CASO ਆਪ੍ਰੇਸ਼ਨ ਤਹਿਤ ਇਹ ਕਾਰਵਾਈ ਕੀਤੀ ਜਾ ਰਹੀ ਹੈ। ਇਸ ਮੁਹਿੰਮ ਦਾ ਮੁੱਖ ਮਕਸਦ ਨਸ਼ਾ ਤਸਕਰੀ ਨਾਲ ਜੁੜੇ ਸ਼ੱਕੀ ਵਿਅਕਤੀਆਂ ’ਤੇ ਨਜ਼ਰ ਰੱਖਣਾ ਅਤੇ ਨਸ਼ਿਆਂ ਦੇ ਕਾਰੋਬਾਰ ਨੂੰ ਰੋਕਣਾ ਹੈ।
ਉਨ੍ਹਾਂ ਦੱਸਿਆ ਕਿ ਕਾਰਵਾਈ ਦੌਰਾਨ ਪੁਲਿਸ ਚੌਕੀ ਬਾਬਾ ਬਕਾਲਾ ਸਾਹਿਬ, ਸਠਿਆਲਾ, ਬੁਤਾਲਾ ਅਤੇ ਰਈਆ ਦੇ ਇੰਚਾਰਜਾਂ ਸਮੇਤ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਮੌਜੂਦ ਰਹੇ।
ਡੀਐਸਪੀ ਨੇ ਕਿਹਾ ਕਿ ਛਾਪੇਮਾਰੀ ਦੌਰਾਨ ਹੋਈ ਬਰਾਮਦਗੀ ਅਤੇ ਕਾਰਵਾਈ ਨਾਲ ਸਬੰਧਤ ਪੂਰੀ ਜਾਣਕਾਰੀ ਦੇਰ ਸ਼ਾਮ ਤੱਕ ਮੀਡੀਆ ਨਾਲ ਸਾਂਝੀ ਕੀਤੀ ਜਾਵੇਗੀ।
ਉਨ੍ਹਾਂ ਨਸ਼ਾ ਤਸਕਰਾਂ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਮਾਜ ਵਿਰੋਧੀ ਅਨਸਰਾਂ ਨੇ ਨਸ਼ਿਆਂ ਦਾ ਕਾਰੋਬਾਰ ਬੰਦ ਨਾ ਕੀਤਾ ਤਾਂ ਆਉਣ ਵਾਲੇ ਸਮੇਂ ਵਿੱਚ ਪੁਲਿਸ ਵੱਲੋਂ ਹੋਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਅਜਿਹੇ ਆਪ੍ਰੇਸ਼ਨ ਲਗਾਤਾਰ ਜਾਰੀ ਰਹਿਣਗੇ।











