ਅੰਮ੍ਰਿਤਸਰ: ਘੱਲੂਘਾਰਾ ਦਿਵਸ ਮੌਕੇ ਦਲ ਖਾਲਸਾ ਵੱਲੋਂ ਦਿੱਤੇ ਗਏ ਅੰਮ੍ਰਿਤਸਰ ਬੰਦ ਦਾ ਸ਼ਹਿਰ ਵਿੱਚ ਭਰਵਾਂ ਅਸਰ ਪਿਆ। ਦਲ ਖਾਲਸਾ ਦੇ ਆਗੂਆਂ ਨੇ ਹਾਲ ਗੇਟ ਬਾਜ਼ਾਰ ਵਿੱਚ ਰੋਸ ਮਾਰਚ ਕੱਢਿਆ ਅਤੇ ਦੁਕਾਨਦਾਰਾਂ ਨੂੰ ਆਪਣੀਆਂ ਦੁਕਾਨਾਂ ਬੰਦ ਰੱਖਣ ਦੀ ਅਪੀਲ ਕੀਤੀ। ਹਾਲਾਂਕਿ ਇਸ ਦੌਰਾਨ ਬਾਜ਼ਾਰ ਦੀਆਂ ਜ਼ਿਆਦਾਤਰ ਦੁਕਾਨਾਂ ਪਹਿਲਾਂ ਹੀ ਬੰਦ ਸਨ। ਦਲ ਖਾਲਸਾ ਆਗੂ ਪਰਮਜੀਤ ਸਿੰਘ ਨੇ ਕਿਹਾ ਕਿ 1984 ਦੇ ਘੱਲੂਘਾਰੇ ਦੇ ਜ਼ਖਮ ਅੱਜ ਵੀ ਸਿੱਖ ਕੌਮ ਦੇ ਹਿਰਦਿਆਂ ਵਿੱਚ ਤਾਜ਼ਾ ਹਨ। ਉਨ੍ਹਾਂ ਕਿਹਾ ਕਿ ਸਿੱਖ ਕੌਮ ਨੇ ਹਾਲੇ ਤੱਕ ਉਸ ਘਟਨਾ ਦੇ ਦੋਸ਼ੀਆਂ ਨੂੰ ਮੁਆਫ਼ ਨਹੀਂ ਕੀਤਾ ਅਤੇ ਹਰ ਸਾਲ ਦੁਨੀਆਂ ਇਸ ਘਟਨਾ ਨੂੰ ਯਾਦ ਕਰਕੇ ਆਪਣਾ ਦਰਦ ਪ੍ਰਗਟ ਕਰਦੀ ਹੈ।
ਦਲ ਖਾਲਸਾ ਆਗੂ ਪਰਮਜੀਤ ਸਿੰਘ ਨੇ ਦੱਸਿਆ ਕਿ ਦਲ ਖਾਲਸਾ ਵੱਲੋਂ ਹਰ ਸਾਲ 5 ਜੂਨ ਨੂੰ ਰੋਸ ਮਾਰਚ ਕੱਢਿਆ ਜਾਂਦਾ ਹੈ ਅਤੇ 1984 ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ 6 ਜੂਨ ਨੂੰ ਬੰਦ ਦਾ ਸੱਦਾ ਦਿੱਤਾ ਜਾਂਦਾ ਹੈ।ਪਰਮਜੀਤ ਸਿੰਘ ਨੇ ਦੱਸਿਆ ਕਿ ਪਿਛਲੇ ਕਈ ਦਿਨਾਂ ਤੋਂ ਵਪਾਰੀਆਂ ਅਤੇ ਸ਼ਹਿਰ ਵਾਸੀਆਂ ਨਾਲ ਸੰਪਰਕ ਕਰਕੇ ਇਸ ਦੁੱਖ ਦੀ ਘੜੀ ਵਿੱਚ ਭਾਈਵਾਲ ਬਣਨ ਦੀ ਅਪੀਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ਼ਹਿਰ ਦੇ ਲੋਕਾਂ ਅਤੇ ਵਪਾਰੀਆਂ ਨੇ ਪੂਰਾ ਸਹਿਯੋਗ ਦਿੱਤਾ ਹੈ, ਜਿਸ ਲਈ ਉਹ ਉਨ੍ਹਾਂ ਦੇ ਧੰਨਵਾਦੀ ਹਨ। ਉਨ੍ਹਾਂ ਕਿਹਾ ਕਿ ਮੈਡੀਕਲ ਸਟੋਰਾਂ, ਹਸਪਤਾਲਾਂ ਅਤੇ ਐਮਰਜੈਂਸੀ ਸੇਵਾਵਾਂ ਨੂੰ ਬੰਦ ਤੋਂ ਬਾਹਰ ਰੱਖਿਆ ਗਿਆ ਹੈ, ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਉਨ੍ਹਾਂ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਸੰਦੇਸ਼ ਦਾ ਹਵਾਲਾ ਦਿੰਦਿਆਂ ਕਿਹਾ ਕਿ ਜਥੇਦਾਰ ਨੇ ਆਪਣੇ ਸੰਬੋਧਨ ਵਿੱਚ ਸ਼ਹੀਦਾਂ ਨੂੰ ਯਾਦ ਕਰਨ ਤੋਂ ਇਲਾਵਾ ਪੰਥ ਨੂੰ ਦਰਪੇਸ਼ ਚੁਣੌਤੀਆਂ ਬਾਰੇ ਵੀ ਚਾਨਣਾ ਪਾਇਆ ਅਤੇ ਸਿੱਖ ਕੌਮ ਨੂੰ ਇਕਜੁੱਟ ਹੋ ਕੇ ਇਨ੍ਹਾਂ ਦਾ ਸਾਹਮਣਾ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਪ੍ਰੋਗਰਾਮ ਦੌਰਾਨ ਸ਼ਾਂਤਮਈ ਮਾਹੌਲ ਰਿਹਾ ਅਤੇ ਕੋਈ ਰੌਲਾ-ਰੱਪਾ ਜਾਂ ਨਾਅਰੇਬਾਜ਼ੀ ਨਹੀਂ ਹੋਈ।
ਦੂਜੇ ਪਾਸੇ ਪੁਲਿਸ ਪ੍ਰਸ਼ਾਸਨ ਵੱਲੋਂ ਵੀ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ‘ਚ ਵੱਡੀ ਗਿਣਤੀ ‘ਚ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ, ਤਾਂ ਜੋ ਕੋਈ ਸ਼ਰਾਰਤੀ ਅਨਸਰ ਮਾਹੌਲ ਖ਼ਰਾਬ ਨਾ ਕਰ ਸਕੇ । ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਲਗਾਤਾਰ ਚੌਕਸੀ ਰੱਖੀ ਗਈ ਹੈ ਅਤੇ ਅਮਨ-ਕਾਨੂੰਨ ਨੂੰ ਪੂਰੀ ਤਰ੍ਹਾਂ ਬਰਕਰਾਰ ਰੱਖਿਆ ਗਿਆ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਦਲ ਖ਼ਾਲਸਾ ਵੱਲੋਂ ਦਿੱਤੇ ਬੰਦ ਦੇ ਸੱਦੇ ਨੂੰ ਮੁੱਖ ਰੱਖਦਿਆਂ ਸੁਰੱਖਿਆ ਪ੍ਰਬੰਧ ਪਹਿਲਾਂ ਹੀ ਮਜ਼ਬੂਤ ਕਰ ਦਿੱਤੇ ਗਏ ਸਨ।
