ਮਾਨਸਾ: ਮਾਨਸਾ ਵਿੱਚ ਇੱਕ ਦੁਖਦਾਈ ਘਟਨਾ ਸਾਹਮਣੇ ਆਈ, ਜਿੱਥੇ ਇੱਕ ਪੁਲਿਸ ਮੁਲਾਜ਼ਮ ਵੱਲੋਂ ਆਪਣੇ ਪਰਿਵਾਰ ‘ਤੇ ਗੋਲੀਬਾਰੀ ਕਰਨ ਦੀ ਖ਼ਬਰ ਹੈ। ਇਸ ਘਟਨਾ ਵਿੱਚ ਪੁਲਿਸ ਮੁਲਾਜ਼ਮ ਗੁਰਵਿੰਦਰ ਸਿੰਘ ਅਤੇ ਉਸ ਦੇ ਇੱਕ ਪੁੱਤਰ ਦੀ ਮੌਤ ਹੋ ਗਈ, ਜਦਕਿ ਉਸ ਦੀ ਪਤਨੀ ਹਰਪ੍ਰੀਤ ਕੌਰ ਅਤੇ ਦੂਜਾ ਪੁੱਤਰ ਦਿਲਸ਼ਾਨ ਜ਼ਖ਼ਮੀ ਹੋ ਗਏ। ਦੋਵਾਂ ਨੂੰ ਮੁੱਢਲੇ ਇਲਾਜ ਤੋਂ ਬਾਅਦ ਵੱਡੇ ਹਸਪਤਾਲ ਲਈ ਰੈਫਰ ਕੀਤਾ ਗਿਆ ਹੈ।
ਮਿਲੀ ਜਾਣਕਾਰੀ ਅਨੁਸਾਰ, ਗੁਰਵਿੰਦਰ ਸਿੰਘ ਮਾਨਸਾ ਦੇ ਡਿਪਟੀ ਕਮਿਸ਼ਨਰ ਨਾਲ ਗਨਮੈਨ ਵਜੋਂ ਤਾਇਨਾਤ ਸੀ। ਦੱਸਿਆ ਜਾ ਰਿਹਾ ਹੈ ਕਿ ਘਰੇਲੂ ਕਲੇਸ਼ ਦੌਰਾਨ ਉਸ ਨੇ ਆਪਣੇ ਸਰਕਾਰੀ ਹਥਿਆਰ ਨਾਲ ਪਰਿਵਾਰ ‘ਤੇ ਗੋਲੀਆਂ ਚਲਾਈਆਂ ਅਤੇ ਬਾਅਦ ਵਿੱਚ ਖ਼ੁਦ ਨੂੰ ਵੀ ਗੋਲੀ ਮਾਰ ਲਈ।
ਘਟਨਾ ਤੋਂ ਬਾਅਦ ਜ਼ਖ਼ਮੀਆਂ ਨੂੰ ਮਾਨਸਾ ਦੇ ਸਿਵਲ ਹਸਪਤਾਲ ਲਿਜਾਇਆ ਗਿਆ। ਉੱਥੇ ਡਾਕਟਰਾਂ ਨੇ ਗੁਰਵਿੰਦਰ ਸਿੰਘ ਅਤੇ ਉਸ ਦੇ ਪੁੱਤਰ ਜੋਤ ਨੂੰ ਮ੍ਰਿਤਕ ਐਲਾਨ ਦਿੱਤਾ। ਜਦਕਿ ਪਤਨੀ ਹਰਪ੍ਰੀਤ ਕੌਰ ਅਤੇ ਦੂਜੇ ਪੁੱਤਰ ਦਿਲਸ਼ਾਨ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਉਨ੍ਹਾਂ ਨੂੰ ਅੱਗੇ ਰੈਫਰ ਕਰ ਦਿੱਤਾ ਗਿਆ।
ਜਾਣਕਾਰੀ ਮੁਤਾਬਕ, ਗੁਰਵਿੰਦਰ ਸਿੰਘ ਪਿਛਲੇ ਦੋ ਦਿਨਾਂ ਤੋਂ ਛੁੱਟੀ ‘ਤੇ ਸੀ ਅਤੇ ਬੀਤੇ ਦਿਨ ਹੀ ਆਪਣੇ ਨਵੇਂ ਘਰ ਵਿੱਚ ਰਹਿਣ ਆਇਆ ਸੀ। ਘਟਨਾ ਤੋਂ ਬਾਅਦ ਇਲਾਕੇ ਵਿੱਚ ਸੋਗ ਦਾ ਮਾਹੌਲ ਹੈ।
ਐੱਸਐੱਸਪੀ ਨੇ ਕੀ ਦੱਸਿਆ?
ਮਾਨਸਾ ਦੇ ਐੱਸਐੱਸਪੀ ਵੈਭਵ ਚੌਧਰੀ ਨੇ ਦੱਸਿਆ ਕਿ ਮੁੱਢਲੀ ਜਾਣਕਾਰੀ ਅਨੁਸਾਰ ਪੁਲਿਸ ਮੁਲਾਜ਼ਮ ਵੱਲੋਂ ਸਰਕਾਰੀ ਹਥਿਆਰ ਨਾਲ ਆਪਣੇ ਪਰਿਵਾਰ ਅਤੇ ਖ਼ੁਦ ‘ਤੇ ਗੋਲੀਆਂ ਚਲਾਈਆਂ ਗਈਆਂ। ਇਸ ਘਟਨਾ ਵਿੱਚ ਮੁਲਾਜ਼ਮ ਅਤੇ ਉਸ ਦੇ ਇੱਕ ਪੁੱਤਰ ਦੀ ਮੌਤ ਹੋਈ ਹੈ, ਜਦਕਿ ਪਤਨੀ ਅਤੇ ਦੂਜੇ ਪੁੱਤਰ ਨੂੰ ਇਲਾਜ ਲਈ ਰੈਫਰ ਕੀਤਾ ਗਿਆ ਹੈ।
ਐੱਸਐੱਸਪੀ ਮੁਤਾਬਕ, ਮੁੱਢਲੇ ਤੌਰ ‘ਤੇ ਘਰੇਲੂ ਕਲੇਸ਼ ਨੂੰ ਘਟਨਾ ਦਾ ਕਾਰਨ ਦੱਸਿਆ ਜਾ ਰਿਹਾ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਹੋਰ ਤੱਥਾਂ ਦੀ ਜਾਂਚ ਕੀਤੀ ਜਾ ਰਹੀ ਹੈ।










