ਨਵੀਂ ਦਿੱਲੀ: ਆਗਾਮੀ 30 ਨਵੰਬਰ ਤੋਂ ਸ਼ੁਰੂ ਹੋ ਰਹੇ ਸੰਸਦ ਦੇ ਵਿਸ਼ੇਸ਼ ਸੈਸ਼ਨ ਵਿੱਚ ਕੇਂਦਰ ਸਰਕਾਰ ਵੱਲੋਂ ਲਿਆਂਦੇ ਜਾ ਰਹੇ ਹੱਦਬੰਦੀ (ਡੀਲਿਮਿਟੇਸ਼ਨ) ਬਿੱਲ ਨੂੰ ਲੈ ਕੇ ਦੇਸ਼ ਦੀ ਸਿਆਸਤ ਪੂਰੀ ਤਰ੍ਹਾਂ ਗਰਮਾ ਗਈ ਹੈ। ਕਾਂਗਰਸ ਸੰਸਦੀ ਦਲ ਦੀ ਮੁਖੀ ਸੋਨੀਆ ਗਾਂਧੀ ਦੇ ਨਿਵਾਸ 10 ਜਨਪਥ ਵਿਖੇ ਹੋਈ ਉੱਚ ਪੱਧਰੀ ਰਣਨੀਤਕ ਮੀਟਿੰਗ ਤੋਂ ਬਾਅਦ ਪਾਰਟੀ ਨੇ ਸਪੱਸ਼ਟ ਐਲਾਨ ਕਰ ਦਿੱਤਾ ਹੈ ਕਿ ਉਹ ਲੋਕ ਸਭਾ ਦੀਆਂ ਸੀਟਾਂ ਵਿੱਚ 50 ਫ਼ੀਸਦੀ ਵਾਧਾ ਕਰਨ ਵਾਲੇ ਇਸ ਬਿੱਲ ਦਾ ਸੰਸਦ ਦੇ ਅੰਦਰ ਅਤੇ ਬਾਹਰ ਡਟ ਕੇ ਵਿਰੋਧ ਕਰੇਗੀ। ਇਸ ਅਹਿਮ ਬੈਠਕ ਵਿੱਚ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ ਵਾਡਰਾ ਅਤੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਸਮੇਤ ਕਈ ਸੀਨੀਅਰ ਆਗੂਆਂ ਨੇ ਸ਼ਿਰਕਤ ਕਰਕੇ ਸਰਕਾਰ ਨੂੰ ਘੇਰਨ ਦੀ ਰੂਪ-ਰੇਖਾ ਤਿਆਰ ਕੀਤੀ।
ਮੀਟਿੰਗ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਲੋਕ ਸਭਾ ਵਿੱਚ ਕਾਂਗਰਸ ਦੇ ਉਪ ਨੇਤਾ ਗੌਰਵ ਗੋਗੋਈ ਨੇ ਮੋਦੀ ਸਰਕਾਰ ‘ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਪਿਛਲੀਆਂ ਲੋਕ ਸਭਾ ਚੋਣਾਂ ਵਿੱਚ ‘400 ਪਾਰ’ ਦੇ ਨਾਅਰੇ ਵਿੱਚ ਅਸਫਲ ਰਹਿਣ ਤੋਂ ਬਾਅਦ ਹੁਣ ਭਾਜਪਾ ਹੱਦਬੰਦੀ ਰਾਹੀਂ ਸੰਵਿਧਾਨ ਬਦਲਣ ਦੀ ਸਾਜ਼ਿਸ਼ ਰਚ ਰਹੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਮਹਿਲਾ ਰਾਖਵਾਂਕਰਨ ਦੀ ਆੜ ਹੇਠ ਹੱਦਬੰਦੀ ਕਮਿਸ਼ਨ ਦਾ ਗਠਨ ਕਰਕੇ ਲੋਕ ਸਭਾ ਦੀਆਂ ਸੀਟਾਂ ਵਧਾਉਣਾ ਚਾਹੁੰਦੇ ਹਨ।
ਕਾਂਗਰਸ ਨੇ ਆਪਣਾ ਪੱਖ ਸਪੱਸ਼ਟ ਕਰਦਿਆਂ ਤਿੰਨ ਮੁੱਖ ਮੰਗਾਂ ਰੱਖੀਆਂ ਹਨ ਕਿ ਲੋਕ ਸਭਾ ਦੀਆਂ ਮੌਜੂਦਾ 543 ਸੀਟਾਂ ਦੀ ਗਿਣਤੀ ਅਤੇ ਵੱਖ-ਵੱਖ ਸੂਬਿਆਂ ਦੇ ਮੌਜੂਦਾ ਅਨੁਪਾਤ ਨੂੰ ਅਗਲੇ 25 ਸਾਲਾਂ ਤੱਕ ਬਰਕਰਾਰ ਰੱਖਿਆ ਜਾਵੇ ਅਤੇ 33 ਫ਼ੀਸਦੀ ਮਹਿਲਾ ਰਾਖਵਾਂਕਰਨ ਮੌਜੂਦਾ ਸੀਟਾਂ ਵਿੱਚ ਹੀ ਤੁਰੰਤ ਲਾਗੂ ਕੀਤਾ ਜਾਵੇ। ਉੱਧਰ, ਤਾਜ਼ਾ ਘਟਨਾਕ੍ਰਮ ਤਹਿਤ ਅੱਜ ‘ਇੰਡੀਆ’ ਗਠਜੋੜ ਦੀਆਂ ਭਾਈਵਾਲ ਪਾਰਟੀਆਂ ਦੀ ਮੀਟਿੰਗ ਵਿੱਚ ਵੀ ਮਲਿਕਾਰਜੁਨ ਖੜਗੇ ਨੇ 2011 ਦੀ ਬਜਾਏ ਤਾਜ਼ਾ ਮਰਦਮਸ਼ੁਮਾਰੀ ਕਰਵਾਉਣ ਅਤੇ ਐੱਸ.ਸੀ./ਐੱਸ.ਟੀ. ਭਾਈਚਾਰੇ ਦੇ ਹਿੱਤਾਂ ਦੀ ਰਾਖੀ ਲਈ ਇਸ ਬਿੱਲ ਵਿਰੁੱਧ ਸਾਂਝੀ ਲੜਾਈ ਲੜਨ ਦਾ ਸੱਦਾ ਦਿੱਤਾ ਹੈ।
