ਚੰਡੀਗੜ੍ਹ : ਹਰਿਆਣਾ ਦੇ ਜੰਗਲਾਤ, ਵਾਤਾਵਰਣ ਅਤੇ ਵਣ ਜੀਵ ਮੰਤਰੀ ਰਾਓ ਨਰਬੀਰ ਸਿੰਘ ਨੇ ਗੁਰੂਗ੍ਰਾਮ ਸਮੇਤ ਪੂਰੇ ਐਨ.ਸੀ.ਆਰ. ਖੇਤਰ ਵਿੱਚ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਕੀਤੇ ਜਾ ਰਹੇ ਉਪਾਵਾਂ ਦੀ ਸਮੀਖਿਆ ਕੀਤੀ। ਉਨ੍ਹਾਂ ਨੇ ਬੀਤੀ ਦੁਪਹਿਰ ਤੋਂ ਬਾਅਦ ਸਥਾਨਕ ਪੀਡਬਲਯੂਡੀ ਰੈਸਟ ਹਾਊਸ ਵਿੱਚ ਹਰਿਆਣਾ ਰਾਜ ਪ੍ਰਦੂਸ਼ਣ ਕੰਟਰੋਲ ਬੋਰਡ (ਐਚ.ਐਸ.ਪੀ.ਸੀ.ਬੀ.) ਦੇ ਗੁਰੂਗ੍ਰਾਮ, ਰੇਵਾੜੀ, ਨੂਹ ਅਤੇ ਮਹਿੰਦਰਗੜ੍ਹ ਜ਼ਿਲ੍ਹਿਆਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਪ੍ਰਦੂਸ਼ਣ ਕੰਟਰੋਲ ਲਈ ਚੱਲ ਰਹੇ ਕੰਮਾਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ ਗਈ ਅਤੇ ਭਵਿੱਖ ਵਿੱਚ ਸੁਧਾਰਾਂ ਲਈ ਜ਼ਰੂਰੀ ਨਿਰਦੇਸ਼ ਦਿੱਤੇ ਗਏ।
ਰਾਓ ਨਰਬੀਰ ਸਿੰਘ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਹਾਲ ਹੀ ਵਿੱਚ ਸੂਬੇ ਦੇ ਸਾਰੇ ਵਿਧਾਇਕਾਂ ਨਾਲ ਹੋਈ ਮੀਟਿੰਗ ਦੌਰਾਨ ਗੁਰੂਗ੍ਰਾਮ ਸ਼ਹਿਰ ਵਿੱਚ ਨਾਗਰਿਕਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਵਿੱਚ ਸੁਧਾਰ ਕਰਨ ਦੇ ਨਿਰਦੇਸ਼ ਦਿੱਤੇ ਸਨ। ਇੱਕ ਜਨ ਪ੍ਰਤੀਨਿਧੀ ਹੋਣ ਦੇ ਨਾਤੇ ਸ਼ਹਿਰ ਦੇ ਨਾਗਰਿਕਾਂ ਪ੍ਰਤੀ ਮੇਰੀ ਜਵਾਬਦੇਹੀ ਹੈ। ਇਸ ਲਈ ਗੁਰੂਗ੍ਰਾਮ ਸ਼ਹਿਰ ਦੇ ਨਾਲ-ਨਾਲ ਪੂਰੇ ਐਨ.ਸੀ.ਆਰ. ਖੇਤਰ ਵਿੱਚ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਅਤੇ ਨਾਗਰਿਕ ਸਹੂਲਤਾਂ ਵਿੱਚ ਸੁਧਾਰ ਲਈ ਪ੍ਰਭਾਵਸ਼ਾਲੀ ਕਦਮ ਚੁੱਕਣੇ ਜ਼ਰੂਰੀ ਹਨ।ਉਨ੍ਹਾਂ ਕਿਹਾ ਕਿ ਗ੍ਰੇਡਿਡ ਰਿਸਪਾਂਸ ਐਕਸ਼ਨ ਪਲਾਨ (ਗ੍ਰੈਪ) ਲਾਗੂ ਹੋਣ ਤੋਂ ਪਹਿਲਾਂ ਹੀ ਜ਼ਮੀਨੀ ਪੱਧਰ ’ਤੇ ਇਹ ਦਿਖਾਈ ਦੇਣਾ ਚਾਹੀਦਾ ਹੈ ਕਿ ਪ੍ਰਦੂਸ਼ਣ ਨੂੰ ਰੋਕਣ ਲਈ ਪ੍ਰਭਾਵਸ਼ਾਲੀ ਕਾਰਵਾਈ ਕੀਤੀ ਜਾ ਰਹੀ ਹੈ।
ਪ੍ਰਦੂਸ਼ਣ ਕੰਟਰੋਲ ਦੇ ਉਪਾਵਾਂ ਦੀ ਲਗਾਤਾਰ ਹੋਵੇਗੀ ਸਮੀਖਿਆ
ਵਣ, ਵਾਤਾਵਰਣ ਅਤੇ ਵਣ ਜੀਵ ਮੰਤਰੀ ਨੇ ਮੀਟਿੰਗ ਵਿੱਚ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪ੍ਰਦੂਸ਼ਣ ਕੰਟਰੋਲ ਲਈ ਚੁੱਕੇ ਜਾ ਰਹੇ ਸਾਰੇ ਜ਼ਰੂਰੀ ਕਦਮਾਂ ਦੀ ਲਗਾਤਾਰ ਅਤੇ ਪ੍ਰਭਾਵਸ਼ਾਲੀ ਨਿਗਰਾਨੀ ਯਕੀਨੀ ਬਣਾਈ ਜਾਵੇ।ਹਰਿਆਣਾ ਰਾਜ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀ ਪ੍ਰਦੂਸ਼ਣ ਕੰਟਰੋਲ ਨਾਲ ਸਬੰਧਤ ਉਪਾਵਾਂ ਅਤੇ ਉਨ੍ਹਾਂ ਦੀ ਪ੍ਰਗਤੀ ਬਾਰੇ ਹਰ ਹਫ਼ਤੇ ਰਿਪੋਰਟ ਪੇਸ਼ ਕਰਨਗੇ, ਤਾਂ ਜੋ ਕੰਮਾਂ ਦੀ ਸਮੀਖਿਆ ਕਰਕੇ ਲੋੜ ਅਨੁਸਾਰ ਸੁਧਾਰਾਤਮਕ ਕਦਮ ਚੁੱਕੇ ਜਾ ਸਕਣ। ਇਸ ਰਿਪੋਰਟ ਦੇ ਆਧਾਰ ’ਤੇ ਨਗਰ ਨਿਗਮਾਂ ਅਤੇ ਜੀ.ਐਮ.ਡੀ.ਏ. ਨੂੰ ਵੀ ਪ੍ਰਭਾਵਸ਼ਾਲੀ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਜਾਣਗੇ।
ਉਨ੍ਹਾਂ ਨੇ ਐਨ.ਸੀ.ਆਰ. ਦੇ ਜ਼ਿਲ੍ਹਿਆਂ ਵਿੱਚ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਗਿਣਤੀ ਵਧਾਉਣ ਦੇ ਵੀ ਨਿਰਦੇਸ਼ ਦਿੱਤੇ, ਤਾਂ ਜੋ ਪ੍ਰਦੂਸ਼ਣ ਦੇ ਸਰੋਤਾਂ ਦੀ ਪਛਾਣ, ਨਿਯਮਤ ਜਾਂਚ ਅਤੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਦੀ ਕਾਰਵਾਈ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾ ਸਕੇ।
ਉਸਾਰੀ ਵਾਲੀਆਂ ਥਾਵਾਂ ਅਤੇ ਆਰਐਮਸੀ ਪਲਾਂਟਾਂ ’ਤੇ ਵਿਸ਼ੇਸ਼ ਨਿਗਰਾਨੀ
ਰਾਓ ਨਰਬੀਰ ਸਿੰਘ ਨੇ ਹਵਾ ਪ੍ਰਦੂਸ਼ਣ ਦੀ ਰੋਕਥਾਮ ਲਈ ਉਸਾਰੀ ਵਾਲੀਆਂ ਥਾਵਾਂ, ਰੈਡੀ ਮਿਕਸ ਕੰਕਰੀਟ (ਆਰ.ਐਮ.ਸੀ.) ਪਲਾਂਟਾਂ ਅਤੇ ਸੜਕਾਂ ਦੀ ਸਫ਼ਾਈ ਵਿਵਸਥਾ ਵੱਲ ਵਿਸ਼ੇਸ਼ ਧਿਆਨ ਦੇਣ ਦੇ ਨਿਰਦੇਸ਼ ਦਿੱਤੇ।ਉਨ੍ਹਾਂ ਕਿਹਾ ਕਿ ਪ੍ਰਦੂਸ਼ਣ ਦੀ ਰੋਕਥਾਮ ਲਈ ਸਬੰਧਤ ਵਿਭਾਗਾਂ ਅਤੇ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨਾ ਚਾਹੀਦਾ ਹੈ ਅਤੇ ਨਿਰਧਾਰਤ ਮਾਪਦੰਡਾਂ ਦੀ ਪਾਲਣਾ ਯਕੀਨੀ ਬਣਾਈ ਜਾਣੀ ਚਾਹੀਦੀ ਹੈ।










