ਚੰਡੀਗੜ੍ਹ: ਚੰਡੀਗੜ੍ਹ ਦੀ ਪ੍ਰਸਿੱਧ ਸੁਖਨਾ ਝੀਲ ਇੱਕ ਵਾਰ ਫਿਰ ਪ੍ਰਦੂਸ਼ਣ ਦੇ ਖ਼ਤਰੇ ਨੂੰ ਲੈ ਕੇ ਚਰਚਾ ਵਿੱਚ ਆ ਗਈ ਹੈ। ਵਾਰਡ ਨੰਬਰ 1 ਦੀ ਕੌਂਸਲਰ ਜਸਵਿੰਦਰ ਕੌਰ ਨੇ ਗੰਭੀਰ ਦੋਸ਼ ਲਗਾਉਂਦਿਆਂ ਕਿਹਾ ਹੈ ਕਿ ਸ਼ਹਿਰ ਵਿੱਚ ਕੁਝ ਥਾਵਾਂ ‘ਤੇ ਸੀਵਰੇਜ ਦਾ ਕੂੜਾ ਸਟੋਰਮ ਵਾਟਰ ਲਾਈਨਾਂ ਵਿੱਚ ਸੁੱਟਿਆ ਜਾ ਰਿਹਾ ਹੈ, ਜਿਸ ਕਾਰਨ ਇਹ ਗੰਦਲਾ ਪਾਣੀ ਸੁਖਨਾ ਝੀਲ ਤੱਕ ਪਹੁੰਚ ਰਿਹਾ ਹੈ। ਉਨ੍ਹਾਂ ਨੇ ਇਸ ਮਾਮਲੇ ਨੂੰ ਲੈ ਕੇ ਨਗਰ ਨਿਗਮ ਕਮਿਸ਼ਨਰ ਨੂੰ ਪੱਤਰ ਲਿਖ ਕੇ ਤੁਰੰਤ ਕਾਰਵਾਈ ਦੀ ਮੰਗ ਕੀਤੀ ਹੈ।
ਕੌਂਸਲਰ ਜਸਵਿੰਦਰ ਕੌਰ ਨੇ ਦਾਅਵਾ ਕੀਤਾ ਕਿ ਇਸ ਸੰਬੰਧੀ ਕੁਝ ਤਸਵੀਰਾਂ ਅਤੇ ਸਬੂਤ ਵੀ ਕਮਿਸ਼ਨਰ ਨੂੰ ਭੇਜੇ ਗਏ ਹਨ, ਜਿਨ੍ਹਾਂ ਵਿੱਚ ਸਾਫ਼ ਦਿਖਾਈ ਦੇ ਰਿਹਾ ਹੈ ਕਿ ਸਟੋਰਮ ਵਾਟਰ ਲਾਈਨਾਂ ਵਿੱਚ ਗੰਦਗੀ ਅਤੇ ਸੀਵਰੇਜ ਦਾ ਕਚਰਾ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਮੇਂ ਸਿਰ ਇਸ ਮਾਮਲੇ ‘ਤੇ ਕਾਰਵਾਈ ਨਾ ਕੀਤੀ ਗਈ ਤਾਂ ਸੁਖਨਾ ਝੀਲ ਦਾ ਪਾਣੀ ਹੋਰ ਜ਼ਿਆਦਾ ਪ੍ਰਦੂਸ਼ਿਤ ਹੋ ਸਕਦਾ ਹੈ, ਜਿਸ ਨਾਲ ਵਾਤਾਵਰਣ ਅਤੇ ਲੋਕਾਂ ਦੀ ਸਿਹਤ ਦੋਵਾਂ ‘ਤੇ ਬੁਰਾ ਅਸਰ ਪਵੇਗਾ।
ਸੁਖਨਾ ਝੀਲ ਚੰਡੀਗੜ੍ਹ ਦੀ ਪਛਾਣ ਮੰਨੀ ਜਾਂਦੀ ਹੈ ਅਤੇ ਹਰ ਰੋਜ਼ ਹਜ਼ਾਰਾਂ ਲੋਕ ਇੱਥੇ ਸੈਰ ਅਤੇ ਮਨੋਰੰਜਨ ਲਈ ਪਹੁੰਚਦੇ ਹਨ। ਝੀਲ ਨਾ ਸਿਰਫ਼ ਇੱਕ ਪ੍ਰਮੁੱਖ ਸੈਰ-ਸਪਾਟਾ ਕੇਂਦਰ ਹੈ, ਸਗੋਂ ਇਹ ਵਾਤਾਵਰਣ ਸੰਤੁਲਨ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦੀ ਹੈ। ਇਸ ਕਰਕੇ ਇਸਦੇ ਪ੍ਰਦੂਸ਼ਿਤ ਹੋਣ ਦੀਆਂ ਖ਼ਬਰਾਂ ਨੇ ਲੋਕਾਂ ਵਿੱਚ ਚਿੰਤਾ ਵਧਾ ਦਿੱਤੀ ਹੈ।
ਹੁਣ ਸਭ ਦੀਆਂ ਨਜ਼ਰਾਂ ਨਗਰ ਨਿਗਮ ਪ੍ਰਸ਼ਾਸਨ ‘ਤੇ ਟਿਕੀਆਂ ਹਨ ਕਿ ਉਹ ਇਸ ਮਾਮਲੇ ਵਿੱਚ ਕਿੰਨੀ ਤੇਜ਼ੀ ਨਾਲ ਕਾਰਵਾਈ ਕਰਦਾ ਹੈ ਅਤੇ ਸੁਖਨਾ ਝੀਲ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਕੀ ਕਦਮ ਚੁੱਕਦਾ ਹੈ।











