ਪੰਜਾਬ : ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਦਾ ਮਿਜਾਜ਼ ਬਦਲਣ ਲੱਗਾ ਹੈ। ਮੀਂਹ ਅਤੇ ਠੰਡੀਆਂ ਹਵਾਵਾਂ ਨੇ ਗਰਮੀ ਤੋਂ ਰਾਹਤ ਦਿੱਤੀ ਹੈ ਅਤੇ ਹੁਣ ਹਲਕੀ ਠੰਡ ਮਹਿਸੂਸ ਕੀਤੀ ਜਾ ਰਹੀ ਹੈ। ਮੌਸਮ ਵਿਭਾਗ ਅਨੁਸਾਰ, ਅੱਜ ਪੰਜਾਬ ਦੇ ਤਿੰਨ ਜ਼ਿਲ੍ਹਿਆਂ – ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ – ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ, ਚੰਡੀਗੜ੍ਹ ਵਿੱਚ ਅਸਮਾਨ ਬੱਦਲਵਾਈ ਵਾਲਾ ਰਹਿਣ ਦੀ ਉਮੀਦ ਹੈ। ਮੀਂਹ ਕਾਰਨ ਪੂਰੇ ਪੰਜਾਬ ਵਿੱਚ ਤਾਪਮਾਨ ਵਿੱਚ ਗਿਰਾਵਟ ਆਈ ਹੈ।
ਤਾਪਮਾਨ ਵਿੱਚ 3.8 ਡਿਗਰੀ ਦੀ ਗਿਰਾਵਟ
ਚੰਡੀਗੜ੍ਹ ਸਥਿਤ ਮੌਸਮ ਕੇਂਦਰ ਮੁਤਾਬਕ, ਬੀਤੇ ਦਿਨ ਪਏ ਮੀਂਹ ਅਤੇ ਗੜ੍ਹੇਮਾਰੀ ਕਾਰਨ ਪੰਜਾਬ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ 3.8 ਡਿਗਰੀ ਹੇਠਾਂ ਆ ਗਿਆ ਹੈ। ਹੁਣ ਤਾਪਮਾਨ ਆਮ ਨਾਲੋਂ 5 ਡਿਗਰੀ ਘੱਟ ਹੈ। ਬਠਿੰਡਾ ਅਤੇ ਚੰਡੀਗੜ੍ਹ ਦੋਵਾਂ ਥਾਵਾਂ ‘ਤੇ ਵੱਧ ਤੋਂ ਵੱਧ ਤਾਪਮਾਨ 29.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਪੰਜਾਬ ਅਤੇ ਚੰਡੀਗੜ੍ਹ ਉੱਪਰ ਇੱਕ ‘ਪੱਛਮੀ ਗੜਬੜੀ’ਸਰਗਰਮ ਹੈ, ਜਿਸ ਦਾ ਅਸਰ ਉੱਤਰੀ ਪੰਜਾਬ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ‘ਤੇ ਪੈ ਰਿਹਾ ਹੈ। ਇਸ ਤੋਂ ਇਲਾਵਾ, ਮੌਸਮ ਵਿੱਚ ਬਦਲਾਅ ਲਿਆਉਣ ਵਾਲੀਆਂ ਹਵਾਵਾਂ ਦੱਖਣੀ ਹਰਿਆਣਾ ਅਤੇ ਨਾਲ ਲੱਗਦੇ ਖੇਤਰਾਂ ਵਿੱਚ ਵੀ ਆਪਣਾ ਅਸਰ ਦਿਖਾ ਰਹੀਆਂ ਹਨ।
