ਮੰਡੀ ਗੋਬਿੰਦਗੜ੍ਹ: ਉਦਯੋਗਿਕ ਨਗਰੀ ਮੰਡੀ ਗੋਬਿੰਦਗੜ੍ਹ ਵਿੱਚ ਲਗਾਤਾਰ ਲੱਗ ਰਹੇ ਲੰਬੇ ਬਿਜਲੀ ਕੱਟਾਂ ਕਾਰਨ ਉਦਯੋਗਪਤੀਆਂ, ਮਜ਼ਦੂਰਾਂ ਅਤੇ ਆਮ ਲੋਕਾਂ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਲੋਕਾਂ ਦਾ ਕਹਿਣਾ ਹੈ ਕਿ ਡੇਢ-ਡੇਢ ਘੰਟੇ ਬਾਅਦ ਬਿਜਲੀ ਬੰਦ ਹੋਣ ਕਾਰਨ ਰੋਜ਼ਾਨਾ ਦੇ ਕੰਮਕਾਜ ’ਤੇ ਵੀ ਮਾੜਾ ਅਸਰ ਪੈ ਰਿਹਾ ਹੈ।
ਇਲਾਕੇ ਦੇ ਉਦਯੋਗਪਤੀਆਂ ਮੁਤਾਬਕ ਰਾਤ 8 ਵਜੇ ਤੋਂ ਸਵੇਰੇ 6 ਵਜੇ ਤੱਕ ਬਿਜਲੀ ਸਪਲਾਈ ਪ੍ਰਭਾਵਿਤ ਰਹਿਣ ਕਾਰਨ ਇੰਡਸਟਰੀ ਚਲਾਉਣਾ ਮੁਸ਼ਕਲ ਹੋ ਗਿਆ ਹੈ। ਉਨ੍ਹਾਂ ਦਾ ਦਾਅਵਾ ਹੈ ਕਿ ਵਾਰ-ਵਾਰ ਬਿਜਲੀ ਬੰਦ ਹੋਣ ਨਾਲ ਉਤਪਾਦਨ ਪ੍ਰਭਾਵਿਤ ਹੋ ਰਿਹਾ ਹੈ ਅਤੇ ਉਦਯੋਗਿਕ ਇਕਾਈਆਂ ਨੂੰ ਵੱਡਾ ਵਿੱਤੀ ਨੁਕਸਾਨ ਝੱਲਣਾ ਪੈ ਰਿਹਾ ਹੈ।
ਉਦਯੋਗਪਤੀਆਂ ਨੇ ਕਿਹਾ ਕਿ ਲੰਬੇ ਪਾਵਰ ਕੱਟਾਂ ਦਾ ਸਿੱਧਾ ਅਸਰ ਮਜ਼ਦੂਰਾਂ ’ਤੇ ਵੀ ਪੈ ਰਿਹਾ ਹੈ। ਜਦੋਂ ਇੰਡਸਟਰੀ ਬੰਦ ਰਹਿੰਦੀ ਹੈ ਤਾਂ ਕੰਮ ਰੁਕ ਜਾਂਦਾ ਹੈ, ਜਿਸ ਕਾਰਨ ਕਾਮਿਆਂ ਦੀ ਰੋਜ਼ੀ-ਰੋਟੀ ਵੀ ਪ੍ਰਭਾਵਿਤ ਹੁੰਦੀ ਹੈ।
ਉੱਧਰ ਘਰੇਲੂ ਖਪਤਕਾਰ ਵੀ ਬਿਜਲੀ ਦੀ ਅਨਿਯਮਿਤ ਸਪਲਾਈ ਤੋਂ ਪਰੇਸ਼ਾਨ ਹਨ। ਮਹਿਲਾਵਾਂ ਦਾ ਕਹਿਣਾ ਹੈ ਕਿ ਬਿਜਲੀ ਦੇ ਵਾਰ-ਵਾਰ ਕੱਟਾਂ ਕਾਰਨ ਘਰਾਂ ਦੇ ਰੋਜ਼ਾਨਾ ਕੰਮ ਪ੍ਰਭਾਵਿਤ ਹੋ ਰਹੇ ਹਨ। ਉਨ੍ਹਾਂ ਨੇ ਇਹ ਵੀ ਸਵਾਲ ਚੁੱਕਿਆ ਕਿ ਬਿਜਲੀ ਸਪਲਾਈ ਪ੍ਰਭਾਵਿਤ ਰਹਿਣ ਦੇ ਬਾਵਜੂਦ ਉਨ੍ਹਾਂ ਨੂੰ ਵੱਡੇ ਬਿਜਲੀ ਬਿੱਲ ਕਿਉਂ ਮਿਲ ਰਹੇ ਹਨ।
ਸਥਾਨਕ ਲੋਕਾਂ ਨੇ ਪੰਜਾਬ ਸਰਕਾਰ ਦੇ ਉਨ੍ਹਾਂ ਦਾਅਵਿਆਂ ’ਤੇ ਵੀ ਸਵਾਲ ਖੜ੍ਹੇ ਕੀਤੇ ਹਨ, ਜਿਨ੍ਹਾਂ ਵਿੱਚ ਸੂਬੇ ਵਿੱਚ ਲੋੜੀਂਦੀ ਬਿਜਲੀ ਉਪਲਬਧ ਹੋਣ ਦੀ ਗੱਲ ਕਹੀ ਜਾਂਦੀ ਰਹੀ ਹੈ। ਲੋਕਾਂ ਦਾ ਕਹਿਣਾ ਹੈ ਕਿ ਜ਼ਮੀਨੀ ਪੱਧਰ ’ਤੇ ਹਾਲਾਤ ਇਸ ਦੇ ਉਲਟ ਨਜ਼ਰ ਆ ਰਹੇ ਹਨ।
ਇਸ ਤੋਂ ਇਲਾਵਾ ਕੁਝ ਖਪਤਕਾਰਾਂ ਨੇ ਪਿਛਲੇ ਸਮੇਂ ਦੌਰਾਨ ਬਿਜਲੀ ਮੁਲਾਜ਼ਮਾਂ ਦੀ ਹੜਤਾਲ ਨਾਲ ਜੁੜੀਆਂ ਬਿਲਿੰਗ ਸਮੱਸਿਆਵਾਂ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਦਾ ਦਾਅਵਾ ਹੈ ਕਿ ਪਹਿਲਾਂ ਭੁਗਤਾਨ ਕਰਨ ਦੇ ਬਾਵਜੂਦ ਦੁਬਾਰਾ ਵੱਡੇ ਬਿੱਲ ਮਿਲਣ ਕਾਰਨ ਲੋਕਾਂ ਦੀ ਪਰੇਸ਼ਾਨੀ ਹੋਰ ਵਧੀ ਹੈ।
ਹੁਣ ਉਦਯੋਗਪਤੀਆਂ ਅਤੇ ਆਮ ਖਪਤਕਾਰਾਂ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਬਿਜਲੀ ਸਪਲਾਈ ਨੂੰ ਸੁਚਾਰੂ ਬਣਾਇਆ ਜਾਵੇ ਤਾਂ ਜੋ ਉਦਯੋਗਿਕ ਉਤਪਾਦਨ ਦੇ ਨਾਲ-ਨਾਲ ਆਮ ਲੋਕਾਂ ਨੂੰ ਵੀ ਰਾਹਤ ਮਿਲ ਸਕੇ।
